ਨਿਊਜਰਸੀ : ਅਮਰੀਕਾ ਵਿੱਚ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਲਡ ਟਰੰਪ ਨੇ ਚੋਣਾਂ ਤੋਂ ਪਹਿਲਾਂ ਇੱਥੇ ਰਹਿਣ ਵਾਲੇ ਭਾਰਤੀ ਭਾਈਚਾਰੇ ਨੂੰ ਆਪਣੇ ਨਾਲ ਜੋੜਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਨਿਊਜਰਸੀ ਵਿੱਚ ਦਹਿਸ਼ਤਵਾਦ ਨਾਲ ਪੀੜਤ ਹਿੰਦੂਆਂ ਦੇ ਲਈ ਹੋ ਰਹੇ ਚੈਰਟੀ ਸਮਾਰੋਹ ਵਿੱਚ ਟਰੰਪ ਨੇ ਪਹੁੰਚ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਖੂਬ ਤਾਰੀਫ ਕੀਤੀ। ਸਮਾਰੋਹ ਵਿੱਚ ਪਹੁੰਚ ਕੇ ਟਰੰਪ ਪੂਰੀ ਤਰ੍ਹਾਂ ਭਾਰਤੀ ਸੰਸਕ੍ਰਿਤੀ ਵਿੱਚ ਰੰਗੇ ਹੋਏ ਦਿਖਾਈ ਦਿੱਤੇ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਆਖਿਆ ਕਿ ਉਹ ਹਿੰਦੂਆਂ ਅਤੇ ਭਾਰਤੀਆਂ ਨੂੰ ਬੇਹੱਦ ਪਿਆਰ ਕਰਦੇ ਹਨ। ਟਰੰਪ ਇੱਥੇ ਹੀ ਨਹੀਂ ਰੁਕੇ ਉਨ੍ਹਾਂ ਆਖਿਆ ਕਿ ਰਾਸ਼ਟਰਪਤੀ ਬਣਨ ਤੋਂ ਬਾਅਦ ਉਹ ਭਾਰਤੀ ਪ੍ਰਧਾਨ ਮੰਤਰੀ ਮੋਦੀ ਦੀ ਤਰ੍ਹਾਂ ਕੰਮ ਕਰਨਾ ਚਾਹੁੰਦੇ ਹਨ। ਟਰੰਪ ਨੇ ਆਖਿਆ ਕਿ ਨੌਕਰਸ਼ਾਹੀ ਵਿੱਚ ਜਿਸ ਤਰੀਕੇ ਨਾਲ ਮੋਦੀ ਨੇ ਭਾਰਤ ਵਿੱਚ ਬਦਲਾਅ ਲਿਆਂਦਾ ਹੈ , ਉਸ ਤਰ੍ਹਾਂ ਦੀ ਜ਼ਰੂਰਤ ਅਮਰੀਕਾ ਵਿੱਚ ਵੀ ਹੈ। ਟਰੰਪ ਨੇ ਮੋਦੀ ਦੀ ਤਾਰੀਫ਼ ਕਰਦੇ ਹੋਏ ਉਨ੍ਹਾਂ ਨੂੰ ਮਹਾਨ ਆਗੂ ਦੱਸਿਆ। ਟਰੰਪ ਨੇ ਆਪਣੇ ਸੰਬੋਧਨ ਵਿੱਚ ਆਖਿਆ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼ ਹੈ। ਉਨ੍ਹਾਂ ਆਖਿਆ ਕਿ ਭਾਰਤ ਅਤੇ ਅਮਰੀਕਾ ਆਪਸ ਵਿੱਚ ਸਹਿਯੋਗੀ ਹਨ ਅਤੇ ਜੇਕਰ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਦੋਸਤੀ ਨੂੰ ਹੋਰ ਅੱਗੇ ਲੈ ਕੇ ਜਾਣਗੇ। ਉਨ੍ਹਾਂ ਆਖਿਆ ਕਿ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਹਨ।