ਪਾਕਿਸਤਾਨ ਦੇ ਪੰਜਾਬ ਸੂਬੇ 'ਚ ਅਧਿਕਾਰੀਆਂ ਨੇ ਔਰਤਾਂ ਅਤੇ ਬੱਚਿਆਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲਿਆਂ 'ਚ ਵਾਧੇ ਨੂੰ ਦੇਖਦੇ ਹੋਏ 'ਐਮਰਜੈਂਸੀ' ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਗ੍ਰਹਿ ਮੰਤਰੀ ਅਤਾਉੱਲਾ ਤਰਾਰ ਨੇ ਐਤਵਾਰ ਨੂੰ ਕਿਹਾ ਕਿ ਪ੍ਰਸ਼ਾਸਨ ਨੂੰ "ਬਲਾਤਕਾਰ ਦੇ ਮਾਮਲਿਆਂ ਨਾਲ ਨਜਿੱਠਣ ਲਈ ਐਮਰਜੈਂਸੀ ਦਾ ਐਲਾਨ" ਕਰਨ ਲਈ ਮਜਬੂਰ ਕੀਤਾ ਗਿਆ ਸੀ।


ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਔਰਤਾਂ ਅਤੇ ਬੱਚਿਆਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਸਮਾਜ ਅਤੇ ਸਰਕਾਰੀ ਅਧਿਕਾਰੀਆਂ ਲਈ ਇੱਕ ਗੰਭੀਰ ਮੁੱਦਾ ਹੈ। ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਹੈੱਡਕੁਆਰਟਰ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ, 'ਪੰਜਾਬ 'ਚ ਰੋਜ਼ਾਨਾ ਚਾਰ ਤੋਂ ਪੰਜ ਬਲਾਤਕਾਰ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਕਾਰਨ ਸਰਕਾਰ ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਤੇ ਵਿਸ਼ੇਸ਼ ਕਦਮ ਚੁੱਕਣ 'ਤੇ ਵਿਚਾਰ ਕਰ ਰਹੀ ਹੈ। ਦੁਰਵਿਵਹਾਰ ਅਤੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਹੀ ਇਹ ਫ਼ੈਸਲਾ ਲਿਆ ਗਿਆ ਹੈ।


ਕੈਬਨਿਟ ਕਮੇਟੀ ਕੇਸਾਂ ਦੀ ਸਮੀਖਿਆ ਕਰੇਗੀ
ਕਾਨੂੰਨ ਮੰਤਰੀ ਮਲਿਕ ਮੁਹੰਮਦ ਅਹਿਮਦ ਖਾਨ ਦੀ ਮੌਜੂਦਗੀ ਵਿੱਚ, ਤਰਾਰ ਨੇ ਕਿਹਾ ਕਿ ਬਲਾਤਕਾਰ ਅਤੇ ਕਾਨੂੰਨ ਵਿਵਸਥਾ ਬਾਰੇ ਕੈਬਨਿਟ ਕਮੇਟੀ ਦੁਆਰਾ ਸਾਰੇ ਮਾਮਲਿਆਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਅਜਿਹੀਆਂ ਘਟਨਾਵਾਂ 'ਤੇ ਨਜ਼ਰ ਰੱਖਣ ਲਈ ਸਿਵਲ ਸੰਸਥਾਵਾਂ, ਔਰਤਾਂ ਦੇ ਅਧਿਕਾਰ ਸੰਗਠਨਾਂ, ਅਧਿਆਪਕਾਂ ਅਤੇ ਵਕੀਲਾਂ ਨਾਲ ਵੀ ਸਲਾਹ ਕੀਤੀ ਜਾਵੇਗੀ। .


ਕਈ ਮੁਲਜ਼ਮਾਂ ਨੂੰ ਹਿਰਾਸਤ 'ਚ ਲਿਆ ਗਿਆ
ਤਰਾਰ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸੁਰੱਖਿਆ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਬੱਚਿਆਂ ਨੂੰ ਬਿਨਾਂ ਨਿਗਰਾਨੀ ਦੇ ਘਰਾਂ ਵਿੱਚ ਇਕੱਲੇ ਨਾ ਛੱਡਿਆ ਜਾਵੇ। ਮੰਤਰੀ ਨੇ ਕਿਹਾ ਕਿ ਕਈ ਮਾਮਲਿਆਂ ਵਿੱਚ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਜਿਨਸੀ ਸ਼ੋਸ਼ਣ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬਲਾਤਕਾਰ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੱਖ-ਵੱਖ ਮੁਹਿੰਮਾਂ ਸ਼ੁਰੂ ਕੀਤੀਆਂ ਹੋਈਆਂ ਹਨ।