ਭਾਰਤ ਦੇ ਕਿਸਾਨੀ ਅੰਦੋਲਨ ਦੀ ਗੂੰਜ ਬ੍ਰਿਟੇਨ ਸੰਸਦ 'ਚ, ਸਿੱਖ MP ਨੇ ਚੁੱਕਿਆ ਇਹ ਸਵਾਲ
UK MP Tanmanjeet singh dhesi: ਬਰਤਾਨਵੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਸਾਨਾਂ ਦੇ ਧਰਨੇ ਦੌਰਾਨ ਨੌਜਵਾਨ ਦੀ ਮੌਤ ਦਾ ਮਾਮਲਾ ਉਠਾਇਆ।
Farmers Protest Latest News: ਭਾਰਤ ਵਿੱਚ ਇੱਕ ਵਾਰ ਫਿਰ ਤੋਂ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ ਹੈ। ਇਸ ਦੌਰਾਨ ਬੁੱਧਵਾਰ ਨੂੰ ਇੱਕ ਨੌਜਵਾਨ ਕਿਸਾਨ ਦੀ ਮੌਤ ਨੇ ਸਾਰੀ ਸਥਿਤੀ ਨੂੰ ਹੋਰ ਗੰਭੀਰ ਕਰ ਦਿੱਤਾ ਹੈ। ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਤ ਹੋਈ ਹੈ। ਕਿਸਾਨ ਆਗੂਆਂ ਦਾ ਦਾਅਵਾ ਹੈ ਕਿ ਗੋਲੀ ਸੁਰੱਖਿਆ ਬਲਾਂ ਵੱਲੋਂ ਚਲਾਈ ਗਈ ਸੀ। ਪਰ ਪੁਲਿਸ ਇਸ ਤੋਂ ਇਨਕਾਰ ਕਰ ਰਹੀ ਹੈ। ਇਸ ਦੌਰਾਨ ਇਹ ਮੁੱਦਾ ਬ੍ਰਿਟੇਨ ਦੀ ਸੰਸਦ ਵਿੱਚ ਵੀ ਉਠਾਇਆ ਗਿਆ ਹੈ। ਬਰਤਾਨਵੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਸਾਨਾਂ ਦੇ ਧਰਨੇ ਦੌਰਾਨ ਨੌਜਵਾਨ ਦੀ ਮੌਤ ਦਾ ਮਾਮਲਾ ਉਠਾਇਆ।
ਬਰਤਾਨੀਆ ਦੀ ਸੰਸਦ ਨੇ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਇੱਕ ਨੌਜਵਾਨ ਕਿਸਾਨ ਦੀ ਮੌਤ 'ਤੇ ਚਿੰਤਾ ਪ੍ਰਗਟਾਈ ਹੈ। ਉਥੋਂ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਕਿਸਾਨਾਂ ਦੀ ਪ੍ਰਗਟਾਵੇ ਦੀ ਆਜ਼ਾਦੀ ਦੀ ਰਾਖੀ ਹੋਣੀ ਚਾਹੀਦੀ ਹੈ।
ਸੰਸਦ ਵਿੱਚ ਆਪਣੇ ਸੰਬੋਧਨ ਦੌਰਾਨ MP ਢੇਸੀ ਨੇ ਅੱਗੇ ਕਿਹਾ, "ਭਾਰਤ ਵਿੱਚ ਕਿਸਾਨ ਅੰਦੋਲਨ ਦੌਰਾਨ ਪੁਲਿਸ ਨਾਲ ਝੜਪਾਂ ਅਤੇ ਹਫੜਾ-ਦਫੜੀ ਵਿੱਚ ਕੱਲ੍ਹ ਇੱਕ ਪ੍ਰਦਰਸ਼ਨਕਾਰੀ ਦੀ ਜਾਨ ਚਲੀ ਗਈ ਸੀ। ਸਿੱਖ ਭਾਈਚਾਰੇ ਅਤੇ ਗੁਰਦੁਆਰਿਆਂ ਦੇ ਮੈਂਬਰਾਂ ਸਮੇਤ ਮੇਰੇ ਕਈ ਦੋਸਤ ਨੇ ਦਿੱਲੀ ਵੱਲ ਮਾਰਚ ਕਰਨ ਦੇ ਯਤਨ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਸੁਰੱਖਿਆ ਦੇ ਬਾਰੇ ਵਿੱਚ ਆਪਣੀ ਗੰਭੀਰ ਚਿੰਤਾਵਾਂ ਬਾਰੇ ਮੈਨੂੰ ਜਾਣੂ ਕਰਵਾਇਆ ਹੈ।"
ਐਕਸ ਖਾਤੇ ਨੂੰ ਬਲਾਕ ਕਰਨ ਦਾ ਮੁੱਦਾ ਵੀ ਉਠਾਇਆ ਗਿਆ
ਤਨਮਨਜੀਤ ਸਿੰਘ ਢੇਸੀ ਨੇ ਸਦਨ ਨੂੰ ਦੱਸਿਆ ਕਿ ਬੁੱਧਵਾਰ ਨੂੰ ਪੁਲਿਸ ਨਾਲ ਕਥਿਤ ਝੜਪ ਦੌਰਾਨ ਇੱਕ ਪ੍ਰਦਰਸ਼ਨਕਾਰੀ ਦੀ ਸਿਰ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਇੱਕ ਹੋਰ ਕਿਸਾਨ ਨੂੰ ਗੋਲੀ ਲੱਗੀ, ਪਰ ਉਹ ਬਚ ਗਿਆ। ਇਨ੍ਹਾਂ ਤੋਂ ਇਲਾਵਾ 13 ਹੋਰ ਕਿਸਾਨ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਹਨ। ਆਪਣੇ ਭਾਸ਼ਣ ਵਿੱਚ ਉਨ੍ਹਾਂ ਨੇ ਭਾਰਤ ਸਰਕਾਰ ਦੇ ਐਕਸ (ਪਹਿਲਾਂ ਟਵਿੱਟਰ) ਅਕਾਊਂਟ ਨੂੰ ਮੁਅੱਤਲ ਕਰਨ ਦੇ ਹੁਕਮਾਂ ਅਤੇ ਕਿਸਾਨਾਂ ਦੇ ਵਿਰੋਧ ਨਾਲ ਸਬੰਧਤ ਪੋਸਟਾਂ ਦਾ ਵੀ ਜ਼ਿਕਰ ਕੀਤਾ।
ਉਨ੍ਹਾਂ ਨੇ ਕਿਹਾ "ਅੱਜ ਬੀਬੀਸੀ ਰਿਪੋਰਟ ਕਰਦੀ ਹੈ ਕਿ ਐਕਸ ਨੇ ਇਸ ਮਾਮਲੇ ਵਿੱਚ ਜਾਇਜ਼ ਪੋਸਟਾਂ ਅਤੇ ਖਾਤਿਆਂ ਨੂੰ ਮਿਟਾਉਣ ਲਈ ਆਪਣੀ ਇੱਛਾ ਦੇ ਵਿਰੁੱਧ ਮਜਬੂਰ ਕੀਤਾ ਗਿਆ ਹੈ,"। ਉਨ੍ਹਾਂ ਕਿਹਾ ਕਿ ਪ੍ਰਗਟਾਵੇ ਦੀ ਆਜ਼ਾਦੀ ਅਤੇ ਪ੍ਰਦਰਸ਼ਨਕਾਰੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਕੀਤੀ ਜਾਣੀ ਚਾਹੀਦੀ ਹੈ।
ਮੀਟਿੰਗਾਂ ਦੇ ਚਾਰ ਦੌਰ ਬੇਸਿੱਟਾ ਰਹੇ ਹਨ
ਦਰਅਸਲ ਕਿਸਾਨਾਂ ਨੇ ਐਮਐਸਪੀ ਸਮੇਤ ਹੋਰ ਕਈ ਮੰਗਾਂ ਨੂੰ ਲੈ ਕੇ ਦਿੱਲੀ ਚਲੋ ਅੰਦੋਲਨ ਦਾ ਸੱਦਾ ਦਿੱਤਾ ਸੀ। ਇਸ ਦੇ ਲਈ ਜਦੋਂ ਕਿਸਾਨ ਦਿੱਲੀ ਲਈ ਰਵਾਨਾ ਹੋਏ ਤਾਂ ਪੁਲਿਸ ਨੇ ਹਰਿਆਣਾ-ਪੰਜਾਬ ਸਰਹੱਦ ’ਤੇ ਕਿਲੇ ਬਣਾ ਕੇ ਕਿਸਾਨਾਂ ਨੂੰ ਰੋਕ ਲਿਆ। ਉਦੋਂ ਤੋਂ ਹੀ ਸਰਹੱਦ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪਾਂ ਜਾਰੀ ਹਨ।
ਜ਼ਿਆਦਾਤਰ ਝੜਪਾਂ ਸ਼ੰਭੂ ਸਰਹੱਦ 'ਤੇ ਹੋਈਆਂ ਹਨ। ਕਿਸਾਨਾਂ ਨੂੰ ਮਨਾਉਣ ਲਈ ਤਿੰਨ ਕੇਂਦਰੀ ਮੰਤਰੀਆਂ ਨੇ 4 ਦੌਰ ਦੀਆਂ ਮੀਟਿੰਗਾਂ ਕੀਤੀਆਂ। ਚੌਥੀ ਮੀਟਿੰਗ ਵਿੱਚ ਕਿਸਾਨਾਂ ਨੂੰ ਕੁਝ ਪ੍ਰਸਤਾਵ ਦਿੱਤੇ ਗਏ ਸਨ, ਜਿਨ੍ਹਾਂ ਨੂੰ ਕਿਸਾਨਾਂ ਨੇ ਰੱਦ ਕਰ ਦਿੱਤਾ ਸੀ।