ਪੈਰਿਸ: ਯੂਰਪੀਅਨ ਦੇਸ਼ ਫਰਾਂਸ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਦੇ ਵਿਰੋਧ ’ਚ ਤਕਰੀਬਨ ਇੱਕ ਲੱਖ ਲੋਕ ਸੜਕਾਂ ’ਤੇ ਉੱਤਰੇ। ਇਸ ਮੁੱਦੇ ਦੇ ਵਿਰੋਧ ਪ੍ਰਦਰਸ਼ਨ ਨੇ ਹਿੰਸਕ ਰੂਪ ਧਾਰ ਲਿਆ ਹੈ। ਗੈਸ, ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਲੋਕ ਪੁਲਿਸ ਨਾਲ ਹੱਥੋ-ਪਾਈ ਹੋ ਗਏ। ਰਾਸ਼ਟਰਪਤੀ ਇਮੈਨੂਏਲ ਮੈਕ੍ਰੋਂ ਨੇ ਲੋਕਾਂ ਦੀ ਇਸ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਉਹ ਮੰਗਲਵਾਰ ਨੂੰ ਇਸ ਮੁੱਦੇ ’ਤੇ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕਰਨਗੇ।



ਰਾਸ਼ਟਰਪਤੀ ਨੇ ਟਵੀਟ ਕੀਤਾ ਹੈ ਕਿ ਹਮਲਾ ਕਰਨ ਵਾਲੇ ਲੋਕਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਫਰਾਂਸ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ। ਦੱਸਿਆ ਜਾਂਦਾ ਹੈ ਕਿ ਚੈਂਪਸ ਐਲਿਸ ਵਿੱਚ ਲੋਕਾਂ ਦੇ ਗੜ੍ਹ ਕਰਕੇ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ। ਪੁਲਿਸ ਨੇ ਭੀੜ ਨੂੰ ਖਦੇੜਨ ਲਈ ਅੱਥਰੂ ਗੈਸ ਦੇ ਗੋਲ਼ੇ ਦਾਗ਼ੇ ਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ।

ਗ੍ਰਹਿ ਮੰਤਰਾਲੇ ਮੁਤਾਬਕ ਸ਼ਨੀਵਾਰ ਨੂੰ ਦੇਸ਼ ਭਰ ਵਿੱਚ 1600 ਤੋਂ ਵੱਧ ਪ੍ਰਦਰਸ਼ਨ ਹੋਏ ਜਿਨ੍ਹਾਂ ਵਿੱਚ ਇੱਕ ਲੱਖ ਤੋਂ ਜ਼ਿਆਦਾ ਲੋਕਾਂ ਨੇ ਹਿੱਸਾ ਲਿਆ। ਰਾਜਧਾਨੀ ਪੈਰਿਸ ਤੋਂ ਇਲਾਵਾ ਬਾਕੀ ਥਾਵਾਂ ’ਤੇ ਹੋਏ ਪ੍ਰਦਰਸ਼ਨ ਸ਼ਾਂਤੀਪੂਰਨ ਨਿੱਬੜੇ। ਪੈਰਿਸ ਵਿੱਚ 8 ਹਜਾਰ ਲੋਕ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ ਸਨ।

ਜ਼ਿਕਰਯੋਗ ਹੈ ਕਿ ‘ਯੈਲੋ ਵੈਸਟ’ ਨਾਂ ਦੀ ਸੰਸਥਾ ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੁੱਧ ਇੱਕ ਪ੍ਰਦਰਸ਼ਨ ਮੁਹਿੰਮ ਚਲਾ ਰਹੀ ਹੈ। ਇਸ ਮੁਹਿੰਮ ਨੂੰ ਉਨ੍ਹਾਂ ‘ਫੇਜ਼ 2’ ਦਾ ਨਾਂ ਦਿੱਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਦੀਆਂ ਨੀਤੀਆਂ ਦੀ ਵਜ੍ਹਾ ਕਰਕੇ ਦੇਸ਼ ਦੇ ਪੇਂਡੂ ਹਿੱਸੇ ਵਿੱਚ ਰਹਿਣ ਤੇ ਖਾਣ ਦੀਆਂ ਕੀਮਤਾਂ ਅਸਮਾਨੀ ਚੜ੍ਹ ਗਈਆਂ ਹਨ। ਲੋਕ ਪਹਿਲਾਂ ਹੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।