Nikhil Gupta: ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕਥਿਤ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ੀ ਨਿਖਿਲ ਗੁਪਤਾ ਨੇ ਇੱਕ ਅਮਰੀਕੀ ਅਦਾਲਤ ਵਿੱਚ ਆਪਣੇ ਆਪ ਨੂੰ ਬੇਕਸੂਰ ਕਰਾਰ ਦਿੱਤਾ ਹੈ। ਉਸ ਦਾ ਕਹਿਣਾ ਹੈ ਕਿ ਉਸ ’ਤੇ ਲਾਏ ਜਾ ਰਹੇ ਦੋਸ਼ ਬੇਬੁਨਿਆਦ ਹਨ। ਪਿਛਲੇ ਸਾਲ ਉਸ ਨੂੰ ਅਮਰੀਕੀ ਸਰਕਾਰ ਦੀ ਬੇਨਤੀ 'ਤੇ ਚੈੱਕ ਗਣਰਾਜ 'ਚ ਗ੍ਰਿਫਤਾਰ ਕੀਤਾ ਗਿਆ ਸੀ। ਸੋਮਵਾਰ 17 ਜੂਨ ਨੂੰ ਖ਼ਬਰ ਆਈ ਕਿ ਉਸ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਹੈ ਫਿਰ ਉਸਨੂੰ ਨਿਊਯਾਰਕ ਦੀ ਇੱਕ ਸੰਘੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਸਨੇ ਬੇਕਸੂਰ ਹੋਣ ਦੀ ਅਪੀਲ ਕੀਤੀ।
ਦੱਸ ਦਈਏ ਕਿ ਗੁਰਪਤਵੰਤ ਪੰਨੂ ਕੋਲ ਅਮਰੀਕੀ ਤੇ ਕੈਨੇਡਾ ਦੀ ਨਾਗਰਿਕਤਾ ਹੈ। ਅਮਰੀਕਾ ਦੇ ਸੰਘੀ ਵਕੀਲਾਂ ਨੇ ਦੋਸ਼ ਲਾਇਆ ਹੈ ਕਿ ਨਿਖਿਲ ਗੁਪਤਾ ਇੱਕ ਅਣਪਛਾਤੇ ਭਾਰਤੀ ਸਰਕਾਰੀ ਅਧਿਕਾਰੀ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ। ਹਾਲਾਂਕਿ ਭਾਰਤ ਨੇ ਅਜਿਹੇ ਕਿਸੇ ਵੀ ਮਾਮਲੇ ਵਿੱਚ ਆਪਣੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ ਤੇ ਆਪਣੇ ਪੱਧਰ ਤੋਂ ਦੋਸ਼ਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।
ਜਾਣੋ ਕੌਣ ਹੈ ਨਿਖਿਲ ਗੁਪਤਾ
ਚੈੱਕ ਦੀ ਸੰਵਿਧਾਨਕ ਅਦਾਲਤ ਨੇ ਪਿਛਲੇ ਮਹੀਨੇ ਨਿਖਿਲ ਗੁਪਤਾ ਦੀ ਹਵਾਲਗੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਸੰਘੀ ਵਕੀਲਾਂ ਨੇ ਦੋਸ਼ ਲਾਇਆ ਕਿ ਗੁਪਤਾ ਨੇ ਪੰਨੂ ਦੇ ਕਤਲ ਲਈ US$15,000 ਦਾ ਇਕਰਾਰਨਾਮਾ ਅਦਾ ਕੀਤਾ ਪਰ ਨਿਖਿਲ ਨੇ ਆਪਣੇ ਵਕੀਲ ਰਾਹੀਂ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ ਤੇ ਕਿਹਾ ਹੈ ਕਿ ਉਸ 'ਤੇ ਗ਼ਲਤ ਦੋਸ਼ ਲਾਏ ਗਏ ਹਨ।
ਅਪ੍ਰੈਲ 2024 ਵਿੱਚ, ਵਾਸ਼ਿੰਗਟਨ ਪੋਸਟ ਨੇ ਰਿਪੋਰਟ ਦਿੱਤੀ ਕਿ ਖੋਜ ਅਤੇ ਵਿਸ਼ਲੇਸ਼ਣ ਵਿੰਗ (R&AW) ਅਧਿਕਾਰੀ ਵਿਕਰਮ ਯਾਦਵ ਇਸ ਸਾਜ਼ਿਸ਼ ਦੇ ਪਿੱਛੇ ਸੀ, ਅਤੇ ਇਹ ਕਾਰਵਾਈ ਉਸ ਸਮੇਂ ਦੇ R&AW ਮੁਖੀ ਸਾਮੰਤ ਗੋਇਲ ਦੀ ਪ੍ਰਵਾਨਗੀ ਨਾਲ ਕੀਤੀ ਗਈ ਸੀ। ਵਰਣਨਯੋਗ ਹੈ ਕਿ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ ਅਤੇ ਜਨਤਕ ਤੌਰ 'ਤੇ ਕਿਹਾ ਸੀ ਕਿ ਪੰਨੂ ਦੇ ਕਤਲ ਦੀ ਸਾਜ਼ਿਸ਼ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-Pannun Murder Plot: ਪੰਨੂ ਦਾ ਕਤਲ ਕਰਨ ਦੀ ਸਾਜਿਸ਼ ਦੇ ਮਾਮਲੇ 'ਚ ਅਮਰੀਕਾ ਨੂੰ ਦਿੱਤੀ ਗਈ ਭਾਰਤੀ ਨਾਗਰਿਕ ਦੀ ਹਵਾਲਗੀ