ਚੰਡੀਗੜ੍ਹ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਸ਼ਾਮਲ ਹੋਣ ਦੇ ਮਿਲੇ ਸੱਦੇ ਨੂੰ ਨਵਜੋਤ ਸਿੱਧੂ ਨੇ ਕਬੂਲ ਲਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਸਿੱਧੂ ਨੇ 'ਏਬੀਪੀ ਸਾਂਝਾ' ਨੂੰ ਦੱਸਿਆ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਫ਼ਤਰ ਤੋਂ ਉਨ੍ਹਾਂ ਨੂੰ ਫ਼ੋਨ ਕਰ ਕੇ ਸੱਦਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਇਮਰਾਨ ਵੱਲੋਂ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ 'ਚ ਸਿੱਧੂ ਨੂੰ ਸੱਦਾ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕਰਤਾਰਪੁਰ ਸਾਹਿਬ ਵਿਖੇ 28 ਨਵੰਬਰ ਨੂੰ ਟੱਕ ਲਾ ਕੇ ਗਲਿਆਰੇ ਦੀ ਉਸਾਰੀ ਕਾਰਜਾਂ ਦੀ ਸ਼ੁਰੂਆਤ ਕਰਨਗੇ ਤੇ ਭਾਰਤ ਦੇ ਰਾਸ਼ਟਰਪਤੀ 26 ਨਵੰਬਰ ਡੇਰਾ ਬਾਬਾ ਨਾਨਕ ਤੋਂ ਲਾਂਘੇ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ।
ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਉਹ ਪਾਕਿਸਤਾਨ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਵਿੱਚ ਉਨ੍ਹਾਂ ਦੇ ਸੱਦੇ 'ਤੇ ਜਾਣਗੇ। ਉਨ੍ਹਾਂ ਦੱਸਿਆ ਉਹ ਪਹਿਲਾਂ ਭਾਰਤ ਸਰਕਾਰ ਤੋਂ ਇਜਾਜ਼ਤ ਲੈਣ ਤੋਂ ਬਾਅਦ ਹੀ ਜਾਣਗੇ।
ਜ਼ਿਕਰਯੋਗ ਹੈ ਕਿ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਮੌਕੇ ਨਵਜੋਤ ਸਿੰਘ ਸਿੱਧੂ ਦੀ ਪਿਛਲੀ ਫੇਰੀ ਪਾਕਿ ਫ਼ੌਜ ਮੁਖੀ ਨਾਲ ਪਈ ਜੱਫੀ ਕਾਰਨ ਵੱਡੇ ਵਿਵਾਦ ਦਾ ਸ਼ਿਕਾਰ ਹੋ ਗਈ ਸੀ ਪਰ ਸਿੱਧੂ ਆਪਣੀ ਉਸ ਜੱਫੀ ਨੂੰ ਸ਼ੁਭ ਸਮਝਦੇ ਹਨ ਅਤੇ ਹੁਣ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪੱਥਰ ਰੱਖਣ ਮੌਕੇ ਸਿੱਧੂ ਦੇ ਮੁੜ ਤੋਂ ਜੱਫੀਆਂ ਪਾਉਣ ਲਈ ਤਿਆਰ ਹੋਣ ਦੀ ਆਸ ਹੈ।