ਮੁਹਾਲੀ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਬ੍ਰਿਟਿਸ਼ ਹਾਈ ਕਮਿਸ਼ਨਰ ਡੌਮਨਿਕ ਅਸਕਿਊਥ ਨੇ ਪੰਜਾਬ ਤੋਂ ਯੂ.ਕੇ. ਵਿੱਚ ਗ਼ੈਰਕਾਨੂੰਨੀ ਆਵਾਸ ਨੂੰ ਠੱਲ੍ਹ ਪਾਉਣ ਤੇ ਨਜ਼ਰ ਰੱਖਣ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ। ਉਨ੍ਹਾਂ ਸੂਬੇ ਵਿੱਚ ਸਨਅਤੀ ਆਧੁਨਿਕੀਕਰਨ, ਹੁਨਰ ਵਿਕਾਸ, ਫੂਡ ਪ੍ਰੋਸੈਸਿੰਗ ਤੇ ਕੋਲਡ ਚੇਨ ਸਹੂਲਤਾਂ 'ਚ ਸਹਿਯੋਗ ਬਾਰੇ ਚਰਚਾ ਕੀਤੀ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਤੇ ਹਾਈ ਕਮਿਸ਼ਨਰ ਨੇ ਗ਼ੈਰਕਾਨੂੰਨੀ ਆਵਾਸ ਰਾਹੀਂ ਲੋਕਾਂ ਦੀ ਲੁੱਟ ਕਰਨ ਵਾਲੇ ਟਰੈਵਲ ਏਜੰਟਾਂ ਨੂੰ ਨੱਥ ਪਾਉਣ ਲਈ ਕਦਮ ਚੁੱਕਣ ਦੀ ਲੋੜ ਉੱਤੇ ਸਹਿਮਤੀ ਪ੍ਰਗਟਾਈ ਹੈ। ਇਸ ਗੱਲਬਾਤ ਦਾ ਏਜੰਡਾ ਸਨਅਤੀ ਆਧੁਨਿਕੀਕਰਨ ਸੀ, ਜਿਸ ਵਿੱਚ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਰੋਬੋਟਿਕਸ ਤੇ ਆਰਟੀਫੀਸ਼ਲ ਇੰਟੈਲੀਜੈਂਸ ਦੀ ਵਰਤੋਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨ੍ਹਾਂ ਨੇ ਇਸ 'ਤੇ ਮਿਲ ਕੇ ਕੰਮ ਕਰਨ ਲਈ ਸਹਿਮਤੀ ਪ੍ਰਗਟਾਈ। ਮੁੱਖ ਮੰਤਰੀ ਨੇ ਪੰਜਾਬ 'ਚ ਨਵੀਂ ਸਨਅਤੀ ਨੀਤੀ ਤੋਂ ਬਾਅਦ ਵੱਡੀਆਂ ਨਿਵੇਸ਼ ਸੰਭਾਵਨਾਵਾਂ ਪੈਦਾ ਹੋਣ ਦਾ ਜ਼ਿਕਰ ਕੀਤਾ।
ਹੁਨਰ ਵਿਕਾਸ ਖੇਤਰ ਵਿੱਚ ਸਹਿਯੋਗ ਲਈ ਉਤਸ਼ਾਹਿਤ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਉਨ੍ਹਾਂ ਦੀ ਸਰਕਾਰ ਦੀ ਅਹਿਮ ਤਰਜੀਹ ਹੈ। ਉਨ੍ਹਾਂ ਨੇ ਹਾਈ ਕਮਿਸ਼ਨਰ ਨੂੰ ਦੱਸਿਆ ਕਿ ਸਕਿੱਲਜ਼ ਯੂਨੀਵਰਸਿਟੀ ਸਥਾਪਤ ਕਰਨ ਤੋਂ ਇਲਾਵਾ ਸਰਕਾਰ ਵੱਲੋਂ ਆਈਟੀਆਈਜ਼ 'ਚ ਸ਼ਾਮ ਨੂੰ ਹੁਨਰ ਵਿਕਾਸ ਕਲਾਸਾਂ ਸ਼ੁਰੂ ਕਰਨ ਬਾਰੇ ਤਜਵੀਜ਼ ਉੱਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਕੈਪਟਨ ਨੇ ਕਿਹਾ ਕਿ ਸੂਬੇ 'ਚ ਸਿੱਖਿਆ ਪ੍ਰਣਾਲੀ ਗਿਣਾਤਮਕ ਤੇ ਗੁਣਾਤਮਕ ਪੱਖਾਂ ਤੋਂ ਪੱਛੜੀ ਹੋਈ ਹੈ ਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਹੁਨਰ ਵਿਕਾਸ ਅਹਿਮ ਬਦਲ ਵਜੋਂ ਉੱਭਰਿਆ ਹੈ।