ਅੰਮ੍ਰਿਤਸਰ: ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਸਥਾਨ ਕਰਤਾਰਪੁਰ ਸਾਹਿਬ ਜਾਣ ਦਾ ਰਾਹ ਖੋਲ੍ਹਣ ਲਈ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਪੱਬਾਂ ਭਾਰ ਹੋਈਆਂ ਪਈਆਂ ਹਨ। ਲਾਂਘੇ ਦੀ ਸ਼ੁਰੂਆਤ ਲਈ ਹਰ ਧਿਰ ਆਪਣੀ ਪਿੱਠ ਥਾਪੜ ਰਹੀ ਹੈ। ਜਿੱਥੇ ਪਾਕਿਸਤਾਨ ਨੇ 28 ਨਵੰਬਰ ਨੂੰ ਕਰਤਾਰਪੁਰ ਸਾਹਿਬ ਵਿਖੇ ਨੀਂਹ ਪੱਥਰ ਰੱਖਣ ਦਾ ਐਲਾਨ ਕੀਤਾ ਹੈ, ਉੱਥੇ ਹੀ ਭਾਰਤ ਨੇ ਦੋ ਦਿਨ ਪਹਿਲਾਂ ਨੀਂਹ ਪੱਥਰ ਰੱਖਣ ਦਾ ਐਲਾਨ ਕਰ ਦਿੱਤਾ ਹੈ।
ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਟਵੀਟ ਕਰਕੇ ਦੱਸਿਆ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕਰਤਾਰਪੁਰ ’ਚ ਗਲਿਆਰੇ ਦੀ ਉਸਾਰੀ ਦਾ ਨੀਂਹ ਪੱਥਰ 28 ਨਵੰਬਰ ਨੂੰ ਰੱਖਣਗੇ। ਉਨ੍ਹਾਂ ਕਿਹਾ ਕਿ ਅਸੀਂ ਪ੍ਰਕਾਸ਼ ਪੁਰਬ ਦੇ ਸ਼ੁਭ ਦਿਹਾੜੇ ਮੌਕੇ ਸਿੱਖ ਸੰਗਤ ਦਾ ਸਵਾਗਤ ਕਰਾਂਗੇ। ਉਨ੍ਹਾਂ ਕਿਹਾ ਕਿ ਇਹ ਲਾਂਘਾ ਦੋਵੇਂ ਮੁਲਕਾਂ ਵਿਚਕਾਰ ਤਣਾਅ ਘਟਾਉਣ ’ਚ ਸਹਾਈ ਹੋਵੇਗਾ।
ਪਾਕਿਸਤਾਨ ਤੋਂ ਬਾਅਦ ਭਾਰਤ ਨੇ ਵੀ ਕਰਤਾਰਪੁਰ ਸਾਹਿਬ ਨੂੰ ਜਾਂਦੇ ਲਾਂਘੇ 'ਤੇ ਵਿਸ਼ੇਸ਼ ਗਲਿਆਰਾ ਉਸਾਰਨ ਦੇ ਕਾਰਜਾਂ ਦਾ ਨੀਂਹ ਪੱਥਰ 26 ਨਵੰਬਰ ਨੂੰ ਰੱਖਣ ਦਾ ਐਲਾਨ ਕਰ ਦਿੱਤਾ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਆਉਂਦੀ 26 ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਕਸਬੇ ਵਿੱਚ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣਗੇ।
ਇੱਥੋਂ ਕਰਤਾਰਪੁਰ ਸਾਹਿਬ ਤਕ ਦਾ ਫਾਸਲਾ ਤਕਰੀਬਨ ਚਾਰ ਕਿਲੋਮੀਟਰ ਦਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਹਾਜ਼ਰ ਰਹਿਣਗੇ। ਸਮਾਗਮ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਤਿਆਰੀਆਂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ।