ਨਵੀਂ ਦਿੱਲੀ: ਪਾਕਿਸਤਾਨ ਵਿੱਚ ਇਮਰਾਨ ਖ਼ਾਨ ਦੀ ਸਰਕਾਰ ਬਣਨ ਤੋਂ ਬਾਅਦ ਗੁਆਂਢੀ ਮੁਲਕ ਵੱਲੋਂ ਲਗਾਤਾਰ ਭਾਰਤ ਨਾਲ ਸ਼ਾਂਤੀ ਵਾਰਤਾ ਦੀ ਬਹਾਲੀ ਦੀਆਂ ਕੋਸ਼ਿਸ਼ਾਂ ਜਾਰੀ ਹਨ ਪਰ ਭਾਰਤ ਨੇ ਪਾਕਿਸਤਾਨ ਦੀ ਇਸ ਪਹਿਲ 'ਤੇ ਆਪਣੇ ਪੈਰ ਪਿੱਛੇ ਖਿੱਚ ਲਏ ਹਨ। ਭਾਰਤ ਦੇ ਵਿਦੇਸ਼ ਰਾਜ ਮੰਤਰੀ ਤੇ ਸਾਬਕਾ ਫ਼ੌਜ ਮੁਖੀ ਵੀਕੇ ਸਿੰਘ ਨੇ ਇਸ ਬਾਰੇ ਇਮਰਾਨ ਖ਼ਾਨ ਦੀ ਸਰਕਾਰ 'ਤੇ ਹੀ ਸਵਾਲ ਖੜ੍ਹੇ ਕਰ ਦਿੱਤੇ ਹਨ।


ਵੀਕੇ ਸਿੰਘ ਨੇ ਪਾਕਿਸਤਾਨ ਦੀ ਇਸ ਪਹਿਲ 'ਤੇ ਸਾਫ਼ ਜਵਾਬ ਦਿੰਦਿਆਂ ਕਿਹਾ ਹੈ ਕਿ ਪੀਐਮ ਇਮਰਾਨ ਖ਼ਾਨ ਦੇਸ਼ ਦੀ ਫ਼ੌਜ ਦੀ ਹੀ ਕਠਪੁਤਲੀ ਹੈ ਤੇ ਉੱਥੋਂ ਦੀ ਫ਼ੌਜ ਕਰਕੇ ਹੀ ਅੱਤਵਾਦ ਹੈ। ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਮਾਹੌਲ ਸਹੀ ਨਹੀਂ ਹੋ ਜਾਂਦਾ ਗੱਲਬਾਤ ਨਹੀਂ ਹੋ ਸਕਦੀ। ਜ਼ਿਕਰਯੋਗ ਹੈ ਕਿ ਇਮਰਾਨ ਖ਼ਾਨ ਦੀ ਸਰਕਾਰ ਬਣਨ ਤੋਂ ਬਾਅਦ ਸਰਹੱਦ 'ਤੇ ਕਾਫੀ ਸ਼ਾਂਤੀ ਹੈ ਤੇ ਗੋਲ਼ੀਬੰਦੀ ਦੀ ਉਲੰਘਣਾ ਵੀ ਨਹੀਂ ਹੋਈ।


ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਾਕਿ ਫ਼ੌਜ ਮੁਖੀ ਕਮਰ ਜਾਵੇਦ ਬਾਜਵਾ ਨਾਲ ਗਲਵੱਕੜੀ ਤੋਂ ਪੈਦਾ ਹੋਏ ਵਿਵਾਦ ਤੋਂ ਬਾਅਦ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਉੱਠਣ ਤੇ ਪਾਕਿਸਤਾਨ ਦਾ ਇਸ ਲਈ ਰਜ਼ਾਮੰਦ ਹੋਣ ਤੇ ਇਸ ਨੂੰ ਦੋਵਾਂ ਦੇਸ਼ਾਂ ਦਰਮਿਆਨ ਸ਼ਾਂਤੀ ਬਹਾਲੀ ਦੇ ਕਦਮ ਵਜੋਂ ਦੇਖਣ ਦੇ ਬਾਵਜੂਦ ਵੀ ਭਾਰਤ ਨੇ ਗੁਆਂਢੀ ਮੁਲਕ ਪ੍ਰਤੀ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੋਇਆ ਹੈ।


ਬੀਤੇ ਸ਼ੁੱਕਰਵਾਰ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਉਹ ਭਾਰਤ ਨਾਲ ਗੱਲਬਾਤ ਲਈ ਤਿਆਰ ਹੈ ਤੇ ਇਸ ਮੁੱਦੇ 'ਤੇ ਅੱਗੇ ਵਧਣ ਲਈ ਉਹ ਭਾਰਤ ਦੇ ਜਵਾਬ ਦੀ ਉਡੀਕ ਕਰ ਰਿਹਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਨੇ ਕਿਹਾ ਸੀ ਕਿ ਅਸੀਂ ਆਪਣੇ ਰੁਖ਼ ਬਾਰੇ ਕੌਮਾਂਤਰੀ ਭਾਈਚਾਰੇ ਨੂੰ ਵੀ ਦੱਸ ਦਿੱਤਾ ਹੈ।