ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਅੱਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਸਬੰਧੀ ਮੁੱਦਿਆਂ ਸਮੇਤ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ 'ਤੇ ਡੂੰਘੀ ਵਿਚਾਰ ਚਰਚਾ ਕੀਤੀ। ਦੋਵਾਂ ਨੇਤਾਵਾਂ ਦਰਮਿਆਨ ਬੈਠਕ ਤੋਂ ਬਾਅਦ ਭਾਰਤ, ਕੈਨੇਡਾ ਨੇ ਊਰਜਾ ਖੇਤਰ ਵਿੱਚ ਸਹਿਯੋਗ ਸਮੇਤ ਕੁੱਲ ਛੇ ਸਮਝੌਤਿਆਂ 'ਤੇ ਦਸਤਖ਼ਤ ਕੀਤੇ।


ਤਕਰੀਬਨ ਦੋ ਘੰਟੇ ਤਕ ਚੱਲੀ ਬੈਠਕ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਸਾਂਝੇ ਤੌਰ 'ਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਰਮਿਆਨ ਦੁਵੱਲੀ ਹਿੱਸੇਦਾਰੀ ਦੇ ਸਾਰੇ ਪਹਿਲੂਆਂ 'ਤੇ ਗੱਲਬਾਤ ਕੀਤੀ।



ਇਸ ਮੌਕੇ ਮੋਦੀ ਨੇ ਕਿਹਾ ਕਿ ਅਜਿਹੇ ਲੋਕਾਂ ਲਈ ਕੋਈ ਥਾਂ ਨਹੀਂ ਹੈ ਜੋ ਸਿਆਸੀ ਟੀਚੇ ਪ੍ਰਾਪਤ ਕਰਨ ਲਈ ਧਰਮ ਦੀ ਵਰਤੋਂ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਦੀ ਏਕਤਾ ਨੂੰ ਚੁਨੌਤੀ ਦੇਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੋਦੀ ਦਾ ਇਹ ਬਿਆਨ ਟਰੂਡੋ ਸਰਕਾਰ ਦੇ ਖ਼ਾਲਿਸਤਾਨ ਦੇ ਮੁੱਦੇ 'ਤੇ ਨਰਮ ਰੁਖ਼ ਤੋਂ ਬਾਅਦ ਆਇਆ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਨੂੰ ਵਣਜ ਸਹਿਯੋਗੀ ਬਣਾਇਆ ਹੈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਟਰੂਡੋ ਨਾਲ ਮੁਲਾਕਾਤ ਕਰ ਕੇ ਆਪਸੀ ਹਿਤਾਂ ਦੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ।