India-Canada Relations: ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਦੀ ਬਰਫ਼ ਪਿਘਲਦੀ ਨਜ਼ਰ ਆ ਰਹੀ ਹੈ। ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾ ਮੁੜ ਸ਼ੁਰੂ ਕਰ ਦਿੱਤੀ ਹੈ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਭਾਰਤ ਨੇ ਪਿਛਲੇ ਦੋ ਮਹੀਨਿਆਂ ਤੋਂ ਕੈਨੇਡੀਅਨ ਨਾਗਰਿਕਾਂ ਲਈ ਇਲੈਕਟ੍ਰਾਨਿਕ ਵੀਜ਼ਾ ਸੇਵਾ 'ਤੇ ਪਾਬੰਦੀ ਲਗਾ ਦਿੱਤੀ ਸੀ। ਅਜਿਹੀ ਸਥਿਤੀ ਵਿੱਚ, ਇੱਕ ਵਾਰ ਵੀਜ਼ਾ ਸੇਵਾ ਬਹਾਲ ਹੋਣ ਤੋਂ ਬਾਅਦ, ਕੈਨੇਡੀਅਨ ਨਾਗਰਿਕ ਭਾਰਤ ਦੀ ਯਾਤਰਾ ਕਰ ਸਕਣਗੇ।
ਦਰਅਸਲ ਕੈਨੇਡਾ ਨੇ ਸਤੰਬਰ 'ਚ ਖਾਲਿਸਤਾਨੀ ਸਮਰੱਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਦੋਸ਼ ਭਾਰਤੀ ਏਜੰਟਾਂ 'ਤੇ ਲਾਇਆ ਸੀ। ਇਸ ਕਾਰਨ ਦੋਹਾਂ ਦੇਸ਼ਾਂ ਦੇ ਸਬੰਧ ਕਾਫੀ ਵਿਗੜ ਗਏ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਸੰਸਦ ਵਿੱਚ ਕਿਹਾ ਸੀ ਕਿ ਜੂਨ ਵਿੱਚ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਗੁਰਦੁਆਰੇ ਦੇ ਬਾਹਰ ਕੈਨੇਡੀਅਨ ਨਾਗਰਿਕ ਨਿੱਝਰ ਦਾ ਕਤਲ ਭਾਰਤੀ ਏਜੰਟਾਂ ਵੱਲੋਂ ਕੀਤਾ ਗਿਆ ਸੀ। ਇਸ ਤੋਂ ਬਾਅਦ 21 ਸਤੰਬਰ ਨੂੰ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾ 'ਤੇ ਪਾਬੰਦੀ ਲਾ ਦਿੱਤੀ ਸੀ।
ਭਾਰਤ ਨੇ ਇਸ ਕਤਲ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਕੀਤਾ ਹੈ ਇਨਕਾਰ
ਭਾਰਤ ਸਰਕਾਰ ਨੇ ਟਰੂਡੋ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ। ਭਾਰਤ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਦੋਸ਼ਾਂ ਨੂੰ ਬੇਤੁਕਾ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਸੀ। ਨਵੀਂ ਦਿੱਲੀ ਨੇ ਕਿਹਾ ਸੀ ਕਿ ਜੇਕਰ ਕੈਨੇਡਾ ਸੱਚਮੁੱਚ ਇਹ ਮੰਨਦਾ ਹੈ ਕਿ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਹੱਥ ਹੈ ਤਾਂ ਉਸ ਨੂੰ ਆਪਣੇ ਦਾਅਵੇ ਨੂੰ ਸਾਬਤ ਕਰਨ ਲਈ ਸਬੂਤ ਪੇਸ਼ ਕਰਨੇ ਚਾਹੀਦੇ ਹਨ। ਇਸ ਘਟਨਾ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਵਿਗੜ ਗਏ। ਭਾਰਤ ਅਤੇ ਕੈਨੇਡਾ ਦੋਵਾਂ ਨੇ ਵੀ ਆਪਣੇ-ਆਪਣੇ ਦੇਸ਼ਾਂ ਦੇ ਕਈ ਡਿਪਲੋਮੈਟਾਂ ਨੂੰ ਦੇਸ਼ ਛੱਡਣ ਲਈ ਕਿਹਾ ਹੈ।
ਸਾਰੀਆਂ ਵੀਜ਼ਾ ਸੇਵਾਵਾਂ ਹੋ ਗਈਆਂ ਸ਼ੁਰੂ
ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਹਰ ਤਰ੍ਹਾਂ ਦੀਆਂ ਵੀਜ਼ਾ ਸੇਵਾਵਾਂ ਸ਼ੁਰੂ ਹੋ ਗਈਆਂ ਹਨ। ਇਸ ਵਿੱਚ ਟੂਰਿਸਟ ਵੀਜ਼ਾ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਐਂਟਰੀ ਵੀਜ਼ਾ, ਬਿਜ਼ਨਸ ਵੀਜ਼ਾ, ਮੈਡੀਕਲ ਵੀਜ਼ਾ ਅਤੇ ਕਾਨਫਰੰਸ ਵੀਜ਼ਾ ਵੀ ਸ਼ੁਰੂ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਵਿੱਚ ਬਹੁਤ ਸਾਰੇ ਭਾਰਤੀ ਰਹਿੰਦੇ ਹਨ, ਜਿਨ੍ਹਾਂ ਨੇ ਹੁਣ ਕੈਨੇਡਾ ਦੀ ਨਾਗਰਿਕਤਾ ਲੈ ਲਈ ਹੈ। ਅਜਿਹੇ 'ਚ ਜੇਕਰ ਉਨ੍ਹਾਂ ਕੋਲ OCI ਕਾਰਡ ਨਹੀਂ ਹੈ ਤਾਂ ਉਨ੍ਹਾਂ ਨੂੰ ਵੀਜ਼ਾ ਲੈ ਕੇ ਹੀ ਭਾਰਤ ਆਉਣਾ ਹੋਵੇਗਾ। ਇਸ ਤੋਂ ਇਲਾਵਾ ਕਈ ਕੈਨੇਡੀਅਨ ਨਾਗਰਿਕ ਵੀ ਟੂਰਿਸਟ ਵੀਜ਼ੇ 'ਤੇ ਭਾਰਤ ਆਉਂਦੇ ਹਨ।