India-UK trade: ਪਿਛਲੇ ਮਹੀਨੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਉੱਤੇ ਹਮਲਾ ਕਰਨ ਵਾਲੇ ਸਿੱਖ ਕੱਟੜਪੰਥੀ ਸਮੂਹ ਖ਼ਿਲਾਫ਼ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਉਣ ਤੋਂ ਬਾਅਦ ਭਾਰਤ ਨੇ ਬਰਤਾਨੀਆ ਨਾਲ ਵਪਾਰਕ ਗੱਲਬਾਤ ਰੋਕ ਦਿੱਤੀ ਹੈ।
ਟਾਈਮਜ਼ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ 19 ਮਾਰਚ ਨੂੰ ਜਦੋਂ 'ਖਾਲਿਸਤਾਨ' ਬੈਨਰਾਂ ਵਾਲੇ ਪ੍ਰਦਰਸ਼ਨਕਾਰੀਆਂ ਨੇ ਹਾਈ ਕਮਿਸ਼ਨ ਕੋਲ ਪ੍ਰਦਰਸ਼ਨ ਕੀਤਾ ਅਤੇ ਇਮਾਰਤ ਦੀ ਪਹਿਲੀ ਮੰਜ਼ਿਲ ਦੀ ਬਾਲਕੋਨੀ ਤੋਂ ਤਿਰੰਗਾ ਉਤਾਰ ਦਿੱਤਾ। ਸੂਤਰਾਂ ਨੇ ਦੱਸਿਆ ਕਿ ਭਾਰਤੀ ਉਦੋਂ ਤੱਕ ਬਰਤਾਨੀਆ ਨਾਲ ਵਪਾਰਕ ਗੱਲ ਨਹੀਂ ਕਰਨਾ ਚਾਹੁੰਦੇ ਜਦੋਂ ਤੱਕ ਖਾਲਿਸਤਾਨੀ ਕੱਟੜਪੰਥੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ।
ਜ਼ਿਕਰ ਕਰ ਦਈਏ ਕਿ ਯੂਨਾਈਟਿਡ ਕਿੰਗਡਮ ਵਿੱਚ ਭਾਰਤੀ ਹਾਈ ਕਮਿਸ਼ਨ ਦੀ ਭੰਨਤੋੜ ਤੋਂ ਬਾਅਦ ਨਵੀਂ ਦਿੱਲੀ ਵਿੱਚ ਸਭ ਤੋਂ ਸੀਨੀਅਰ ਯੂਕੇ ਡਿਪਲੋਮੈਟ ਨੂੰ 19 ਮਾਰਚ ਨੂੰ ਤਲਬ ਕੀਤਾ ਗਿਆ ਸੀ। ਨਵੀਂ ਦਿੱਲੀ ਵਿਚ ਡਿਪਲੋਮੈਟ ਨੂੰ ਦਿਨ ਪਹਿਲਾਂ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਖਿਲਾਫ ਵੱਖਵਾਦੀ ਅਤੇ ਕੱਟੜਪੰਥੀ ਤੱਤਾਂ ਦੁਆਰਾ ਕੀਤੀਆਂ ਗਈਆਂ ਕਾਰਵਾਈਆਂ 'ਤੇ ਭਾਰਤ ਦਾ ਸਖ਼ਤ ਵਿਰੋਧ ਕਰਨ ਲਈ ਤਲਬ ਕੀਤਾ ਗਿਆ ਸੀ। ਇਸ ਦੌਰਾਨ ਬ੍ਰਿਟਿਸ਼ ਸੁਰੱਖਿਆ ਦੀ ਪੂਰੀ ਗੈਰਹਾਜ਼ਰੀ ਲਈ ਸਪੱਸ਼ਟੀਕਰਨ ਮੰਗਿਆ ਗਿਆ ਸੀ ਜਿਸ ਨੇ ਇਨ੍ਹਾਂ ਤੱਤਾਂ ਨੂੰ ਹਾਈ ਕਮਿਸ਼ਨ ਦੇ ਅਦਾਰੇ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਸੀ। ਉਸ ਨੂੰ ਇਸ ਸਬੰਧ ਵਿਚ ਵਿਏਨਾ ਕਨਵੈਨਸ਼ਨ ਦੇ ਤਹਿਤ ਯੂਕੇ ਸਰਕਾਰ ਦੀਆਂ ਬੁਨਿਆਦੀ ਜ਼ਿੰਮੇਵਾਰੀਆਂ ਦੀ ਯਾਦ ਦਿਵਾਈ ਗਈ।
ਭਾਰਤ ਨੇ ਯੂਕੇ ਸਰਕਾਰ ਕੋਲ ਸਖ਼ਤ ਵਿਰੋਧ ਦਰਜ ਕਰਵਾਇਆ ਅਤੇ ਇਹ ਮੁੱਦਾ ਹਾਊਸ ਆਫ਼ ਕਾਮਨਜ਼ ਵਿੱਚ ਵੀ ਉਠਾਇਆ ਗਿਆ। ਇਸ ਬਾਬਤ ਬਰਤਾਨੀਆ ਸਿਆਸਤਦਾਨਾਂ ਨੇ ਕਿਹਾ ਸੀ ਕਿ ਅਸੀਂ ਹਮੇਸ਼ਾ ਹਾਈ ਕਮਿਸ਼ਨ ਅਤੇ ਯੂਕੇ ਵਿੱਚ ਸਾਰੇ ਵਿਦੇਸ਼ੀ ਮਿਸ਼ਨਾਂ ਦੀ ਸੁਰੱਖਿਆ ਨੂੰ ਬਹੁਤ ਗੰਭੀਰਤਾ ਨਾਲ ਲਵਾਂਗੇ, ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਾਂਗੇ ਅਤੇ ਮਜ਼ਬੂਤੀ ਨਾਲ ਜਵਾਬ ਦੇਵਾਂਗੇ
ਹਾਲ ਹੀ ਦੇ ਮਹੀਨਿਆਂ ਵਿੱਚ ਕੈਨੇਡਾ, ਆਸਟ੍ਰੇਲੀਆ ਅਤੇ ਯੂਕੇ ਵਿੱਚ ਖਾਲਿਸਤਾਨ ਸਮਰਥਕਾਂ ਦੁਆਰਾ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਵਾਧਾ ਹੋਇਆ ਹੈ ਜਿਸ ਤੋਂ ਬਾਅਦ ਭਾਰਤ ਵੱਲੋਂ ਲਗਾਤਾਰ ਇਨ੍ਹਾਂ ਉੱਤੇ ਕਾਰਵਾਈ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ