ਨਵੀਂ ਦਿੱਲੀ: ਭਾਰਤੀ ਵਿਦੇਸ਼ ਮੰਤਰਾਲਾ ਪਾਕਿਸਤਾਨ ਕੋਲ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਗੱਲਬਾਤ ਕਰਨ ਲਈ ਤਿਆਰ ਹੋ ਗਿਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਹੈ ਕਿ 25 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ਯੂਨਾਈਟਿਡ ਨੇਸ਼ਨਜ਼ ਦੀ 73ਵੀਂ ਜਨਰਲ ਅਸੈਂਬਲੀ ਵਿੱਚ ਭਾਰਤੀ ਵਿਦੇਸ਼ ਮੰਤਰੀ ਆਪਣੇ ਪਾਕਿਸਤਾਨੀ ਹਮਰੁਤਬਾ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸੁਸ਼ਮਾ ਸਵਰਾਜ, ਸ਼ਾਹ ਮਹਿਮੂਦ ਕੁਰੈਸ਼ੀ ਕੋਲ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਮੁੱਦਾ ਚੁੱਕਣਗੇ। ਬੁਲਾਰੇ ਨੇ ਦੱਸਿਆ ਕਿ ਇਸ ਬੈਠਕ ਬਾਰੇ ਫਿਲਹਾਲ ਭਾਰਤ ਨੇ ਆਪਣਾ ਏਜੰਡਾ ਤੈਅ ਨਹੀਂ ਕੀਤਾ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਕਰਤਾਰਪੁਰ ਲਾਂਘੇ ਲਈ ਭਾਰਤ ਵੱਲੋਂ ਕਈ ਵਾਰ ਅਧਿਕਾਰਤ ਤੌਰ 'ਤੇ ਗੱਲਬਾਤ ਕਰਨ ਦੀ ਪਹਿਲਕਦਮੀ ਕੀਤੀ ਜਾ ਚੁੱਕੀ ਹੈ, ਪਰ ਪਾਕਿਸਤਾਨ ਨੇ ਕੋਈ ਦਿਲਚਸਪੀ ਨਹੀਂ ਦਿਖਾਈ। ਬੁਲਾਰੇ ਨੇ ਦੱਸਿਆ ਕਿ 1999 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਆਪਣੀ ਪਾਕਿਸਤਾਨ ਫੇਰੀ ਦੌਰਾਨ ਪਹਿਲੀ ਵਾਰ ਇਸ ਲਾਂਘੇ ਦਾ ਮੁੱਦਾ ਚੁੱਕਿਆ ਸੀ। ਫਿਰ ਪਹਿਲੀ ਸਤੰਬਰ 2004 ਨੂੰ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਰਤਾਰਪੁਰ ਸਾਹਿਬ ਗਲਿਆਰੇ ਦਾ ਮੁੱਦਾ ਚੁੱਕਿਆ ਸੀ।
ਬੁਲਾਰੇ ਨੇ ਦੱਸਿਆ ਕਿ ਸਾਲ 2005 ਵਿੱਚ ਪਾਕਿਸਤਾਨ ਨੇ ਵੀਜ਼ਾ ਨਾਲ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਦੀ ਇਜਾਜ਼ਤ ਤਾਂ ਦੇ ਦਿੱਤੀ ਸੀ, ਪਰ ਵੀਜ਼ਾ ਰਹਿਤ ਪ੍ਰਣਾਲੀ ਨੂੰ ਹਾਲੇ ਤਕ ਮਨਜ਼ੂਰੀ ਨਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਸਾਲ 2008 ਵਿੱਚ ਵਿਦੇਸ਼ ਮੰਤਰੀ ਨੇ ਵੀ ਇਸ ਮੁੱਦੇ ਨੂੰ ਚੁੱਕਿਆ ਸੀ, ਪਰ ਇਸ 'ਤੇ ਪਾਕਿਸਤਾਨ ਸਰਕਾਰ ਵੱਲੋਂ ਕੋਈ ਵੀ ਅਧਿਕਾਰਤ ਜਵਾਬ ਨਹੀਂ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਅਗਸਤ ਮਹੀਨੇ ਤੋਂ ਬਾਅਦ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਦੀ ਮੰਗ ਲਗਾਤਾਰ ਉੱਠ ਰਹੀ ਹੈ। ਇਸ ਮੁੱਦੇ 'ਤੇ ਸਿਆਸਤ ਦੇ ਨਾਲ-ਨਾਲ ਕਰਤਾਰਪੁਰ ਸਾਹਿਬ ਲਾਂਘੇ ਦਾ ਮੁੱਦਾ ਚੁੱਕਣ ਦਾ ਝੰਡਾਬਰਦਾਰ ਬਣਨ ਦੀ ਦੌੜ ਵੀ ਲੱਗੀ ਹੋਈ ਸੀ। ਕੇਂਦਰ ਸਰਕਾਰ ਨੇ ਚੁਫੇਰਿਓਂ ਦਬਾਅ ਪੈਣ ਤੋਂ ਬਾਅਦ ਵਿਦੇਸ਼ ਮੰਤਰਾਲਾ ਇਸ ਮਸਲੇ 'ਤੇ ਗੱਲਬਾਤ ਕਰਨ ਲਈ ਤਿਆਰ ਹੋ ਗਿਆ ਹੈ।