ਨਵੀਂ ਦਿੱਲੀ: ਸ੍ਰੀਲੰਕਾ ਵਿੱਚ ਹੋਏ ਅੱਤਵਾਦੀ ਹਮਲੇ ਬਾਅਦ ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਸ੍ਰੀਲੰਕਾ ਨਾ ਜਾਣ ਦੀ ਸਲਾਹ ਜਾਰੀ ਕੀਤੀ ਹੈ। ਇਸ ਤੋਂ ਪਹਿਲਾਂ ਅਮਰੀਕਾ ਨੀ ਆਪਣੇ ਨਾਗਰਿਕਾਂ ਨੂੰ ਉੱਥੇ ਜਾਣ ਤੋਂ ਮਨ੍ਹਾ ਕਰ ਚੁੱਕਿਆ ਹੈ। ਦੱਸ ਦੇਈਏ ਸ੍ਰੀਲੰਕਾ ਵਿੱਚ ਕੱਲ੍ਹ ਹੀ ਚਾਰ ਅੱਤਵਾਦੀਆਂ ਨੂੰ ਢੇਰ ਕੀਤਾ ਗਿਆ ਹੈ।

ਭਾਰਤ ਸਰਕਾਰ ਨੇ ਸ਼ਨੀਵਾਰ ਨੂੰ ਇੱਕ ਐਡਵਾਇਜ਼ਰੀ ਜਾਰੀ ਕਰਕੇ ਆਪਣੇ ਨਾਗਰਿਕਾਂ ਨੂੰ ਕਿਹਾ ਕਿ ਉਹ ਸ੍ਰੀਲੰਕਾ ਵਿੱਚ ਹੋਏ ਹਮਲੇ 'ਚ 250 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਘਟਨਾ ਦੇ ਮੱਦੇਨਜ਼ਰ ਉੱਥੋਂ ਦੀ ਗੈਰ-ਜ਼ਰੂਰੀ ਯਾਤਰਾ ਤੋਂ ਪਰਹੇਜ਼ ਕਰਨ।

ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਐਮਰਜੈਂਸੀ ਕਰਕੇ ਉੱਥੇ ਜਾਣਾ ਹੋਵੇ, ਉਹ ਕਿਸੇ ਮਦਦ ਲਈ ਕੋਲੰਬੋ ਸਥਿਤ ਭਾਰਤੀ ਹਾਈ ਕਮਿਸ਼ਨਰ, ਕੈਂਡੀ ਸਥਿਤ ਸਹਾਇਕ ਹਾਈ ਕਮਿਸ਼ਨਰ ਤੇ ਹੈਮਬਨਟੋਟਾ ਤੇ ਜਾਫਨਾ ਸਥਿਤ ਵਣਜ ਅੰਬੈਸੀ ਨਾਲ ਸੰਪਰਕ ਕਰ ਸਕਦੇ ਹਨ।

ਮੰਤਰਾਲੇ ਨੇ ਕਿਹਾ ਕਿ ਸ੍ਰੀਲੰਕਾ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ, ਪਰ ਪੂਰੇ ਦੇਸ਼ ਵਿੱਚ ਰਾਤ ਵੇਲੇ ਕਰਫਿਊ ਸਮੇਤ ਐਮਰਜੈਂਸੀ ਲਾ ਦਿੱਤੀ ਗਈ ਹੈ। ਇਸ ਲਈ ਉੱਥੇ ਯਾਤਰਾ ਕਰਨ ਵਿੱਚ ਪਰੇਸ਼ਾਨੀ ਆ ਸਕਦੀ ਹੈ। ਯਾਦ ਰਹੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ।