Israel-Hamas War: ਵਿਸ਼ਵ ਸਿਹਤ ਸੰਗਠਨ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਉੱਤਰੀ ਗਾਜ਼ਾ ਦੇ ਅਲ ਸ਼ਿਫਾ ਹਸਪਤਾਲ ਨਾਲ ਸੰਪਰਕ ਟੁੱਟ ਗਿਆ ਹੈ। ਡਬਲਯੂਐਚਓ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਗਾਜ਼ਾ ਵਿੱਚ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਲੈ ਕੇ ਡੂੰਘੀ ਚਿੰਤਾ ਵਿੱਚ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼, ਬੱਚੇ ਅਤੇ ਮਜ਼ਦੂਰ ਮੌਜੂਦ ਹਨ, ਇਸ ਲਈ ਜੰਗ ਬੰਦ ਕੀਤੀ ਜਾਵੇ।


ਗਾਜ਼ਾ ਦੇ ਸਿਹਤ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਅਲ ਸ਼ਿਫਾ 'ਚ ਸ਼ਨੀਵਾਰ ਤੋਂ ਹਨੇਰਾ ਛਾ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਫਲਸਤੀਨ ਵਿੱਚ ਇਜ਼ਰਾਇਲੀ ਬਸਤੀਆਂ ਖ਼ਿਲਾਫ਼ ਵੀਰਵਾਰ (9 ਨਵੰਬਰ) ਨੂੰ ਸੰਯੁਕਤ ਰਾਸ਼ਟਰ ਵਿੱਚ ਇੱਕ ਅਹਿਮ ਮਤਾ ਪੇਸ਼ ਕੀਤਾ ਗਿਆ। ਇਸ 'ਚ ਸਭ ਤੋਂ ਹੈਰਾਨੀ ਵਾਲੀ ਗੱਲ ਇਹ ਰਹੀ ਕਿ ਭਾਰਤ ਨੇ ਇਸ ਪ੍ਰਸਤਾਵ ਦੇ ਪੱਖ 'ਚ ਵੋਟਿੰਗ ਕੀਤੀ। ਇਸ ਪ੍ਰਸਤਾਵ ਦੇ ਸਮਰਥਨ 'ਚ 145 ਦੇਸ਼ਾਂ ਨੇ ਵੋਟ ਦਿੱਤੀ।


ਇਜ਼ਰਾਈਲ ਨੇ ਜੰਗਬੰਦੀ ਤੋਂ ਸਾਫ਼ ਇਨਕਾਰ ਕਰ ਦਿੱਤਾ


ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇ ਜੰਗਬੰਦੀ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਫੌਜ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀ ਹੈ। ਉਸ ਨੇ ਇਹ ਵੀ ਦੱਸਿਆ ਕਿ ਯੁੱਧ ਤੋਂ ਬਾਅਦ ਫਲਸਤੀਨੀ ਖੇਤਰ (ਗਾਜ਼ਾ) 'ਤੇ ਕੌਣ ਰਾਜ ਕਰੇਗਾ। ਉਨ੍ਹਾਂ ਕਿਹਾ ਕਿ ਇਸ ਜਗ੍ਹਾ 'ਤੇ ਮੁੜ ਕਬਜ਼ਾ ਕਰਨ ਦੀ ਕੋਈ ਯੋਜਨਾ ਨਹੀਂ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਫੌਕਸ ਨਿਊਜ਼ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹਮਾਸ ਦੇ ਨਾਲ ਜੰਗਬੰਦੀ ਦਾ ਮਤਲਬ ਆਤਮ ਸਮਰਪਣ ਹੈ।


ਇਸ ਪ੍ਰਸਤਾਵ ਤੋਂ ਪਹਿਲਾਂ ਅਕਤੂਬਰ 'ਚ ਸੰਯੁਕਤ ਰਾਸ਼ਟਰ ਮਹਾਸਭਾ (UNSC) 'ਚ ਜਾਰਡਨ ਵਲੋਂ ਇਕ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਇਸ ਮਤੇ ਵਿੱਚ ਇਜ਼ਰਾਈਲ-ਹਮਾਸ ਯੁੱਧ ਵਿੱਚ ਤੁਰੰਤ ਮਾਨਵਤਾਵਾਦੀ ਜੰਗਬੰਦੀ ਦੀ ਮੰਗ ਕੀਤੀ ਗਈ। ਇਸ ਪ੍ਰਸਤਾਵ ਦੇ ਸਮਰਥਨ 'ਚ 120 ਦੇਸ਼ਾਂ ਨੇ ਵੋਟ ਕੀਤਾ, ਜਦਕਿ 14 ਦੇਸ਼ਾਂ ਨੇ ਇਸ ਦੇ ਖਿਲਾਫ ਵੋਟ ਕੀਤਾ। 45 ਦੇਸ਼ ਵੋਟਿੰਗ ਤੋਂ ਗੈਰਹਾਜ਼ਰ ਰਹੇ। ਉਸ ਸਮੇਂ ਭਾਰਤ ਨੇ ਨਾ ਤਾਂ ਇਸ ਪ੍ਰਸਤਾਵ ਦੇ ਸਮਰਥਨ ਵਿਚ ਵੋਟ ਕੀਤਾ ਅਤੇ ਨਾ ਹੀ ਵਿਰੋਧ ਵਿਚ। ਭਾਰਤ ਵੋਟਿੰਗ ਤੋਂ ਗੈਰਹਾਜ਼ਰ ਰਿਹਾ।