ਮੋਗਾ: ਪੰਜਾਬ ਵਿੱਚ ਟਾਰਗੈੱਟ ਕਿਲਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਨੂੰ ਅੱਜ ਮੋਗਾ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਆਰਐਸਐਸ ਤੇ ਡੇਰਾ ਸਿਰਸਾ ਦੇ ਲੀਡਰਾਂ ਦੇ ਕਤਲ ਦੀ ਸਾਜਿਸ਼ ਦੇ ਕੇਸ ਵਿੱਚ ਨਾਮਜ਼ਦ ਜੱਗੀ ਦੀ ਵੀਡੀਓ ਕਾਨਫਰੈਂਸ ਰਾਹੀਂ ਪੇਸ਼ੀ ਹੋਵੇਗੀ।


ਹਿੰਦੂ ਸੰਗਠਨਾਂ ਨਾਲ ਜੁੜੇ ਨਾਮੀ ਲੋਕਾਂ ਦੇ ਕਤਲ ਮਾਮਲੇ ’ਚ ਫੜੇ ਗਏ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੱਗੀ ਨੂੰ ਪਿਛਲੇ ਸਾਲ 4 ਨਵੰਬਰ ਨੂੰ ਪੰਜਾਬ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜੌਹਲ ਦੀ ਗ੍ਰਿਫ਼ਤਾਰੀ ਉਸ ਦੇ ਵਿਆਹ ਤੋਂ ਕਰੀਬ 15 ਦਿਨਾਂ ਬਾਅਦ ਹੋਈ ਸੀ। ਉਸ ਦੀ ਗ੍ਰਿਫ਼ਤਾਰੀ ਵਿਰੁੱਧ ਕਈ ਦੇਸ਼ਾਂ ਵਿਚ ਪੰਜਾਬੀ ਭਾਈਚਾਰੇ ਵੱਲੋਂ ਵਿਰੋਧ ਪ੍ਰਦਰਸ਼ਨ ਵੀ ਕੀਤੇ ਗਏ ਹਨ। ਉਸ ਖ਼ਿਲਾਫ਼ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦਾ ਮੈਂਬਰ ਹੋਣ ਦਾ ਦਾਅਵਾ ਕੀਤਾ ਗਿਆ ਹੈ।