Khalistan Protest in Canada: ਖਾਲਿਸਤਾਨੀਆਂ ਨੇ ਇੱਕ ਵਾਰ ਫਿਰ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਨੂੰ ਘੇਰ ਲਿਆ। ਖਾਲਿਸਤਾਨ ਦੇ ਮੁੱਦੇ 'ਤੇ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਹੈ। ਇਸ ਦੇ ਬਾਵਜੂਦ ਖਾਲਿਸਤਾਨ ਪੱਖੀ ਕੈਨੇਡਾ ਵਿੱਚ ਕਾਫੀ ਐਕਟਿਵ ਹਨ। ਖਾਲਿਸਤਾਨੀ ਹੁਣ ਭਾਰਤੀ ਅਧਿਕਾਰੀਆਂ ਦਾ ਵਿਰੋਧ ਕਰਨ ਲੱਗੇ ਹਨ। ਤਾਜ਼ਾ ਘਟਨਾ ਬ੍ਰਿਟਿਸ਼ ਕੋਲੰਬੀਆ ਦੇ ਐਬਟਸਫੋਰਡ ਵਿੱਚ ਵਾਪਰੀ ਹੈ।
ਹਾਸਲ ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਭਾਰਤੀ ਵਣਜ ਦੂਤਘਰ ਦੇ ਅਧਿਕਾਰੀਆਂ ਨੇ ਕੈਨੇਡਾ ਦੇ ਵੈਨਕੂਵਰ ਵਿੱਚ ਇੱਕ ਕੈਂਪ ਲਗਾਇਆ ਸੀ। ਇਹ ਕੈਂਪ ਉਥੇ ਰਹਿ ਰਹੇ ਭਾਰਤੀ ਪੈਨਸ਼ਨਰਾਂ ਨੂੰ ਲਾਈਫ ਸਰਟੀਫਿਕੇਟ ਦੇਣ ਲਈ ਲਾਇਆ ਗਿਆ ਸੀ। ਇਸ ਦੌਰਾਨ ਖਾਲਿਸਤਾਨੀਆਂ ਨੇ ਸਮਾਗਮ ਵਾਲੀ ਥਾਂ ਦੇ ਬਾਹਰ ਘੇਰਾਬੰਦੀ ਕਰ ਦਿੱਤੀ। ਇੰਨਾ ਹੀ ਨਹੀਂ ਇਨ੍ਹਾਂ ਲੋਕਾਂ ਨੇ ਭਵਿੱਖ 'ਚ ਵੀ ਇਸ ਤਰ੍ਹਾਂ ਦੇ ਪ੍ਰਦਰਸ਼ਨ ਕਰਨ ਦੀ ਧਮਕੀ ਦਿੱਤੀ ਹੈ। ਭਾਰਤੀ ਅਧਿਕਾਰੀਆਂ ਨੇ ਇਹ ਕੈਂਪ ਖਾਲਸਾ ਦੀਵਾਨ ਸੁਸਾਇਟੀ ਗੁਰਦੁਆਰੇ ਵਿੱਚ ਲਗਾਇਆ ਸੀ ਜੋ ਬ੍ਰਿਟਿਸ਼ ਕੋਲੰਬੀਆ ਦੇ ਐਬਟਸਫੋਰਡ ਵਿੱਚ ਸਥਿਤ ਹੈ।
ਇਸ ਦੌਰਾਨ ਖਾਲਿਸਤਾਨੀ ਗੁਰਦੁਆਰੇ ਦੇ ਬਾਹਰ ਇਕੱਠੇ ਹੋ ਗਏ ਤੇ ਸਥਿਤੀ ਅਜਿਹੀ ਬਣ ਗਈ ਕਿ ਅਧਿਕਾਰੀਆਂ ਨੂੰ ਪੁਲਿਸ ਸੁਰੱਖਿਆ ਹੇਠ ਬਾਹਰ ਕੱਢਣਾ ਪਿਆ। ਭਾਰਤ ਸਰਕਾਰ ਨੇ ਇਸ ਮੁੱਦੇ ਨੂੰ ਕੈਨੇਡਾ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਹੈ। ਇਸ 'ਤੇ ਕੈਨੇਡਾ ਨੇ ਕਿਹਾ ਸੀ ਕਿ ਅਸੀਂ ਭਾਰਤੀ ਡਿਪਲੋਮੈਟਾਂ ਨੂੰ ਪੂਰੀ ਸੁਰੱਖਿਆ ਪ੍ਰਦਾਨ ਕਰਾਂਗੇ ਤੇ ਕਿਸੇ ਵੀ ਖਾਲਿਸਤਾਨੀ ਨੂੰ ਕਾਨੂੰਨ ਹੱਥ ਵਿੱਚ ਨਹੀਂ ਲੈਣ ਦੇਵਾਂਗੇ। ਦਰਅਸਲ, ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਕੁਝ ਮਹੀਨੇ ਪਹਿਲਾਂ ਕੈਨੇਡਾ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਉਸ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ। ਨਿੱਝਰ ਦੇ ਕਤਲ ਤੋਂ ਬਾਅਦ ਖਾਲਿਸਤਾਨੀ ਗੁੱਸੇ 'ਚ ਹਨ ਤੇ ਇਸ 'ਚ ਭਾਰਤੀ ਏਜੰਟਾਂ ਦੀ ਭੂਮਿਕਾ ਦਾ ਦੋਸ਼ ਲਗਾ ਰਹੇ ਹਨ।
ਸਿੱਖਸ ਫਾਰ ਜਸਟਿਸ ਨਾਂ ਦੀ ਜਥੇਬੰਦੀ ਨੇ ਚਿਤਾਵਨੀ ਦਿੱਤੀ ਹੈ ਕਿ ਭਾਰਤੀ ਅਧਿਕਾਰੀ ਜਿੱਥੇ ਵੀ ਜਾਣਗੇ, ਅਸੀਂ ਉੱਥੇ ਵਿਰੋਧ ਪ੍ਰਦਰਸ਼ਨ ਕਰਾਂਗੇ। ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਹੈ। ਉਹ ਭਾਰਤ ਨੂੰ ਕਈ ਵਾਰ ਧਮਕੀਆਂ ਦੇ ਚੁੱਕਾ ਹੈ। ਹਾਲ ਹੀ 'ਚ ਉਸ ਨੇ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਵੀ ਦਿੱਤੀ ਸੀ। ਇਸੇ ਜਥੇਬੰਦੀ ਨੇ ਕੈਨੇਡਾ ਵਿੱਚ ਕਈ ਥਾਵਾਂ ’ਤੇ ਪੋਸਟਰ ਵੀ ਲਾਏ ਸਨ ਤੇ ਭਾਰਤੀ ਅਧਿਕਾਰੀਆਂ ਨੂੰ ਕੈਂਪ ਬੰਦ ਕਰਨ ਦੀ ਧਮਕੀ ਦਿੱਤੀ ਸੀ।