Khalistani Lakhbir Singh Rode dead in Pakistan: ਭਾਰਤ ਦੇ ਮੋਸਟ ਵਾਂਟੇਡ ਖਾਲਿਸਤਾਨੀ ਲੀਡਰ ਲਖਬੀਰ ਸਿੰਘ ਰੋਡੇ (72) ਦੀ ਪਾਕਿਸਤਾਨ 'ਚ ਮੌਤ ਹੋ ਗਈ ਹੈ। ਲਖਬੀਰ ਰੋਡੇ ਲੰਬੇ ਸਮੇਂ ਤੋਂ ਪਾਕਿਸਤਾਨ 'ਚ ਰਹਿ ਰਿਹਾ ਸੀ। ਸੂਤਰਾਂ ਮੁਤਾਬਕ ਦੋ ਦਸੰਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਲਖਬੀਰ ਰੋਡੇ ਦੀ ਮੌਤ ਹੋ ਗਈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਨੇ ਉਸ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਖ਼ਬਰ ਹੈ ਕਿ ਲਖਬੀਰ ਸਿੰਘ ਦੀ 2 ਦਸੰਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਪਾਕਿਸਤਾਨ ਵਿੱਚ ਮੌਤ ਹੋ ਗਈ ਸੀ। ਖਬਰਾਂ ਨੂੰ ਲੀਕ ਹੋਣ ਤੋਂ ਰੋਕਣ ਲਈ ਲਖਬੀਰ ਸਿੰਘ ਰੋਡੇ ਦਾ ਸਿੱਖ ਰੀਤੀ ਰਿਵਾਜਾਂ ਅਨੁਸਾਰ ਪਾਕਿਸਤਾਨ ਵਿੱਚ ਗੁਪਤ ਤਰੀਕੇ ਨਾਲ ਸਸਕਾਰ ਕਰ ਦਿੱਤਾ ਗਿਆ।
ਮੀਡੀਆ ਰਿਪੋਰਟਾਂ ਮੁਤਾਬਕ ਜਸਬੀਰ ਸਿੰਘ ਰੋਡੇ ਨੇ ਇੱਕ ਨਿੱਜੀ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਭਰਾ ਦੇ ਬੇਟੇ ਨੇ ਸੂਚਿਤ ਕੀਤਾ ਹੈ ਕਿ ਲਖਬੀਰ ਰੋਡੇ ਦੀ ਪਾਕਿਸਤਾਨ 'ਚ ਮੌਤ ਹੋ ਗਈ ਹੈ। ਲਖਬੀਰ ਸਿੰਘ ਰੋਡੇ ਭਾਰਤ ਵਿੱਚ ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦਾ ਮੁਖੀ ਸੀ।
ਦੱਸ ਦਈਏ ਕਿ ਜਸਬੀਰ ਰੋਡੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਭਤੀਜਾ ਸੀ। ਭਾਰਤ ਸਰਕਾਰ ਨੇ ਉਸ ਨੂੰ ਯੂਏਪੀਏ ਤਹਿਤ ਅੱਤਵਾਦੀ ਘੋਸ਼ਿਤ ਕੀਤਾ ਸੀ। ਇਸ ਤੋਂ ਬਾਅਦ ਉਹ ਪਾਕਿਸਤਾਨ ਨਿਕਲ ਗਿਆ ਸੀ।
ਲਖਬੀਰ ਸਿੰਘ ਰੋਡੇ 72 ਸਾਲ ਦੇ ਸਨ। ਉਸਨੇ ਆਪਣੇ ਆਪ ਨੂੰ ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦਾ ਮੁਖੀ ਦੱਸਿਆ ਹੈ। ਲਖਬੀਰ ਸਿੰਘ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ 'ਵਿਅਕਤੀਗਤ ਅੱਤਵਾਦੀ' ਵਜੋਂ ਸੂਚੀਬੱਧ ਕੀਤਾ ਗਿਆ ਸੀ। ਭਾਰਤ ਤੋਂ ਭੱਜਣ ਤੋਂ ਬਾਅਦ ਉਹ ਪਾਕਿਸਤਾਨ ਵਿੱਚ ਰਹਿ ਰਿਹਾ ਸੀ।