ਲੰਡਨ: ਰਾਸ਼ਟਰਮੰਡਲ ਦੇਸ਼ਾਂ ਦੇ ਮੁਖੀਆਂ ਦੇ ਸੰਮੇਲਨ (ਚੋਗਮ) 'ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਪਣੇ ਪਾਕਿਸਤਾਨੀ ਹਮਰੁਤਬਾ ਸ਼ਾਹਿਦ ਖਾਕਾਨ ਅੱਬਾਸੀ ਨਾਲ ਮੁਲਾਕਾਤ ਨਹੀਂ ਹੋ ਸਕੀ। ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਦੋਵਾਂ ਪੀਐਜ਼ ਦੀ ਮੁਲਾਕਾਤ ਹੋਣ ਦੀ ਕੋਈ ਸੰਭਾਵਨਾ ਵੀ ਨਹੀਂ ਹੈ।


ਪ੍ਰਧਾਨ ਮੰਤਰੀ ਦੀ ਫੇਰੀ ਤੋਂ ਪਹਿਲਾਂ, ਵਿਦੇਸ਼ ਮੰਤਰਾਲੇ ਨੇ ਪਿਛਲੇ ਹਫਤੇ ਕਿਹਾ ਸੀ ਕਿ ਮੋਦੀ ਤੇ ਅੱਬਾਸੀ ਦੀ ਮੁਲਾਕਾਤ ਹੋਣ ਦੀ ਸੰਭਾਵਨਾ ਹੈ। ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਸਵਾਲ ਦੇ ਜਵਾਬ 'ਚ ਕਿਹਾ, ''ਪਾਕਿਸਤਾਨੀ ਪ੍ਰਧਾਨ ਮੰਤਰੀ ਨਾਲ ਕੋਈ ਮੁਲਾਕਾਤ ਨਹੀਂ ਹੋਈ। ਮੀਟਿੰਗ ਦੀ ਕੋਈ ਸੰਭਾਵਨਾ ਵੀ ਨਹੀਂ।"

ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਆਖਰੀ ਵਾਰ ਦਸੰਬਰ 2015 ਵਿੱਚ ਮਿਲੇ ਸਨ। ਇਹ ਮੁਲਾਕਾਤ ਉਦੋਂ ਹੋਈ ਜਦੋਂ ਮੋਦੀ ਨੇ ਅਫਗਾਨਿਸਤਾਨ ਤੋਂ ਪਰਤਣ ਮੌਕੇ ਆਪਣਾ ਜਹਾਜ਼ ਪਾਕਿਸਤਾਨ ਉਤਾਰਿਆ ਤੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪੋਤੀ ਦੇ ਵਿਆਹ 'ਚ ਸ਼ਾਮਲ ਹੋਏ ਸੀ।

ਜਨਵਰੀ 2016 ਵਿੱਚ ਪਠਾਨਕੋਟ ਤੇ ਅੱਤਵਾਦੀ ਹਮਲੇ ਤੇ ਉਸ ਸਾਲ ਸਤੰਬਰ ਵਿਚ ਜੰਮੂ ਤੇ ਕਸ਼ਮੀਰ ਵਿੱਚ ਉੜੀ ਦੇ ਕੈਂਪ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਖਟਾਸ ਵੱਧ ਗਈ।