Nagaland Violence: ਨਾਗਾਲੈਂਡ ਦੇ ਮੋਨ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਦੀ ਫਾਇਰਿੰਗ 'ਚ ਘੱਟੋ-ਘੱਟ 11 ਨਾਗਰਿਕਾਂ ਦੀ ਮੌਤ ਹੋ ਗਈ ਹੈ। ਮੁੱਖ ਮੰਤਰੀ ਨੇਫਿਊ ਰੀਓ ਨੇ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ ਤੇ ਲੋਕਾਂ ਨੂੰ ਸ਼ਾਂਤੀ ਦੀ ਅਪੀਲ ਵੀ ਕੀਤੀ। ਫਾਇਰਿੰਗ ਤੋਂ ਬਾਅਦ ਇਲਾਕੇ 'ਚ ਸਥਿਤੀ ਕਾਫੀ ਤਣਾਅਪੂਰਨ ਬਣੀ ਹੋਈ ਹੈ। ਪਤਾ ਲੱਗਾ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਿੰਡ ਵਾਸੀ ਇੱਕ ਪਿਕਅੱਪ ਟਰੱਕ 'ਚ ਸਵਾਰ ਹੋ ਕੇ ਆਪਣੇ ਘਰਾਂ ਨੂੰ ਪਰਤ ਰਹੇ ਸਨ।





ਨਾਗਰਿਕਾਂ ਦੀ ਹੱਤਿਆ ਦੀ ਘਟਨਾ ਮੰਦਭਾਗੀ - ਸੀਐਮ
ਘਟਨਾ ਤੋਂ ਬਾਅਦ ਲੋਕਾਂ ਦੀਆਂ ਲਾਸ਼ਾਂ ਵੇਖ ਕੇ ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੁਰੱਖਿਆ ਬਲਾਂ ਦੀਆਂ ਕਈ ਗੱਡੀਆਂ ਨੂੰ ਅੱਗ ਲਾ ਦਿੱਤੀ। ਅੱਗ ਲੱਗਣ ਕਾਰਨ ਸੁਰੱਖਿਆ ਬਲਾਂ ਸਮੇਤ ਕਈ ਲੋਕ ਜ਼ਖ਼ਮੀ ਵੀ ਹੋਏ ਹਨ।

ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਟਵੀਟ ਕੀਤਾ। ਉਨ੍ਹਾਂ ਕਿਹਾ, "ਮੋਨ ਦੇ ਓਟਿੰਗ ਪਿੰਡ 'ਚ ਆਮ ਨਾਗਰਿਕਾਂ ਦੇ ਮਾਰੇ ਜਾਣ ਦੀ ਘਟਨਾ ਮੰਦਭਾਗੀ ਹੈ ਤੇ ਮੈਂ ਇਸ ਦੀ ਸਖ਼ਤ ਨਿਖੇਧੀ ਕਰਦਾ ਹਾਂ।" ਉਨ੍ਹਾਂ ਪੀੜ੍ਹਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਾਮਲੇ ਦੀ ਉੱਚ ਪੱਧਰੀ ਐਸਆਈਟੀ ਜਾਂਚ ਕਰੇਗੀ ਤੇ ਕਾਨੂੰਨ ਅਨੁਸਾਰ ਇਨਸਾਫ਼ ਕੀਤਾ ਜਾਵੇਗਾ। ਮੈਂ ਸਾਰੇ ਵਰਗਾਂ ਤੋਂ ਸ਼ਾਂਤੀ ਦੀ ਅਪੀਲ ਕਰਦਾ ਹਾਂ।

ਇਕ ਸੁਰੱਖਿਆ ਗਾਰਡ ਦੀ ਵੀ ਹੋਈ ਮੌਤ
ਭਾਰਤੀ ਫ਼ੌਜ ਨੇ ਆਪਣੇ ਬਿਆਨ 'ਚ ਕਿਹਾ ਕਿ ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੁਰੱਖਿਆ ਬਲਾਂ 'ਤੇ ਹਮਲਾ ਕਰ ਦਿੱਤਾ, ਜਿਸ 'ਚ ਇੱਕ ਫੌਜੀ ਮਾਰਿਆ ਗਿਆ ਤੇ ਕਈ ਫ਼ੌਜੀ ਜ਼ਖ਼ਮੀ ਹੋ ਗਏ। ਪੁਲਿਸ ਨੇ ਕਿਹਾ ਕਿ ਉਹ ਇਹ ਪਤਾ ਲਾਉਣ ਲਈ ਘਟਨਾ ਦੀ ਜਾਂਚ ਕਰ ਰਹੇ ਹਨ ਕਿ ਕੀ ਇਹ ਗਲਤ ਪਛਾਣ ਦਾ ਮਾਮਲਾ ਹੈ।

ਇਸ ਸਬੰਧ 'ਚ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਸਹੀ ਗਿਣਤੀ ਦਾ ਅਜੇ ਪਤਾ ਨਹੀਂ ਲੱਗ ਸਕਿਆ, ਕਿਉਂਕਿ 11 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗੁਆਂਢੀ ਸੂਬੇ ਆਸਾਮ ਦੇ ਹਸਪਤਾਲ 'ਚ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਕਈ ਲੋਕਾਂ ਦੀ ਮੌਤ ਹੋ ਗਈ।

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਓਟਿੰਗ ਤੇ ਤੀਰੂ ਪਿੰਡਾਂ ਦੇ ਵਿਚਕਾਰ ਵਾਪਰੀ, ਜਦੋਂ ਕੁਝ ਦਿਹਾੜੀਦਾਰ ਮਜ਼ਦੂਰ ਸ਼ਨੀਵਾਰ ਸ਼ਾਮ ਨੂੰ ਇਕ ਪਿਕ-ਅੱਪ ਵੈਨ 'ਚ ਕੋਲੇ ਦੀ ਖਾਨ ਤੋਂ ਘਰ ਪਰਤ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਪਾਬੰਦੀਸ਼ੁਦਾ ਸੰਗਠਨ NSCN (K) ਦੇ ਯੁਂਗ ਓਂਗ ਧੜੇ ਦੇ ਅੱਤਵਾਦੀਆਂ ਦੀ ਗਤੀਵਿਧੀ ਦੀ ਸੂਚਨਾ ਮਿਲਣ ਤੋਂ ਬਾਅਦ ਖੇਤਰ 'ਚ ਕੰਮ ਕਰ ਰਹੇ ਫ਼ੌਜ ਦੇ ਜਵਾਨਾਂ ਨੇ ਕਥਿਤ ਤੌਰ 'ਤੇ ਵਾਹਨ 'ਤੇ ਗੋਲੀਬਾਰੀ ਕੀਤੀ।




ਅਮਿਤ ਸ਼ਾਹ ਨੇ ਵੀ ਦੁੱਖ ਪ੍ਰਗਟ ਕੀਤਾ
ਇਸ ਦੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਇਸ ਘਟਨਾ 'ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕੀਤਾ, "ਨਾਗਾਲੈਂਡ ਦੇ ਮੋਨ ਕੇ ਓਟਿੰਗ 'ਚ ਹੋਈ ਮੰਦਭਾਗੀ ਘਟਨਾ ਤੋਂ ਦੁਖੀ ਹਾਂ। ਮੈਂ ਆਪਣੀ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਸੂਬਾ ਸਰਕਾਰ ਵੱਲੋਂ ਗਠਿਤ ਉੱਚ ਪੱਧਰੀ ਐਸਆਈਟੀ ਟੀਮ ਘਟਨਾ ਦੀ ਜਾਂਚ ਕਰੇਗੀ, ਤਾਂ ਜੋ ਪੀੜ੍ਹਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ।"