Nijjar Murder Case: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ’ਚ ਭਾਰਤ ’ਤੇ ਲਾਏ ਗਏ ਦੋਸ਼ਾਂ ਦਾ ਸੇਕ ਬ੍ਰਿਟੇਨ ਤੱਕ ਵੀ ਪਹੁੰਚਿਆ ਹੈ। ਬਰਤਾਨਵੀ ਸਿੱਖ ਸੰਸਦ ਮੈਂਬਰਾਂ ਪ੍ਰੀਤ ਕੌਰ ਗਿੱਲ ਤੇ ਤਨਮਨਜੀਤ ਸਿੰਘ ਢੇਸੀ ਨੇ ਇਸ ਨੂੰ ਬੇਹੱਦ ਚਿੰਤਾਜਨਕ ਕਰਾਰ ਦਿੱਤਾ ਹੈ। 


ਇੰਗਲੈਂਡ ’ਚ ਸਿੱਖ ਵੱਸੋਂ ਵਾਲੇ ਇਲਾਕਿਆਂ ਦੀ ਨੁਮਾਇੰਦਗੀ ਕਰਨ ਵਾਲੇ ਵਿਰੋਧੀ ਧਿਰ ਲੇਬਰ ਪਾਰਟੀ ਦੇ ਸੰਸਦ ਮੈਂਬਰਾਂ ਨੇ ਸੋਸ਼ਲ ਮੀਡੀਆ ’ਤੇ ਦਾਅਵਾ ਕੀਤਾ ਕਿ ਟਰੂਡੋ ਦੇ ਦੋਸ਼ਾਂ ਬਾਰੇ ਹਲਕੇ ਦੇ ਲੋਕਾਂ ਵੱਲੋਂ ਉਨ੍ਹਾਂ ਨਾਲ ਸੰਪਰਕ ਕੀਤਾ ਗਿਆ ਸੀ। ਸਿੱਖ ਸੰਸਦ ਮੈਂਬਰਾਂ ਨੇ ਕਿਹਾ ਕਿ ਉਹ ਆਪਣੀਆਂ ਚਿੰਤਾਵਾਂ ਨੂੰ ਸਿੱਧੇ ਸਰਕਾਰ ਦੇ ਮੰਤਰੀਆਂ ਕੋਲ ਚੁੱਕ ਰਹੇ ਹਨ। 



ਬਰਮਿੰਘਮ ਐਜਬਾਸਟਨ ਤੋਂ ਸੰਸਦ ਮੈਂਬਰ ਗਿੱਲ ਨੇ ‘ਐਕਸ’ ’ਤੇ ਕਿਹਾ,‘‘ਹਰਦੀਪ ਸਿੰਘ ਨਿੱਝਰ ਦੀ ਹੱਤਿਆ ’ਤੇ ਪ੍ਰਧਾਨ ਮੰਤਰੀ ਟਰੂਡੋ ਦਾ ਬਿਆਨ ਬੇਹੱਦ ਚਿੰਤਾਜਨਕ ਹੈ। ਇਹ ਅਹਿਮ ਹੈ ਕਿ ਕੈਨੇਡਾ ਆਪਣੀ ਜਾਂਚ ਕਰੇ ਤੇ ਜ਼ਿੰਮੇਵਾਰ ਵਿਅਕਤੀਆਂ ਨੂੰ ਸਜ਼ਾ ਮਿਲੇ। ਮੈਂ ਆਪਣੇ ਹਲਕੇ ਦੇ ਲੋਕਾਂ ਨੂੰ ਭਰੋਸਾ ਦੇਣਾ ਚਾਹੁੰਦੀ ਹਾਂ ਕਿ ਮੈਂ ਤੇ ਮੇਰੇ ਸਹਿਯੋਗੀ ਆਪਣੀ ਚਿੰਤਾ ਮੰਤਰੀਆਂ ਨਾਲ ਸਾਂਝੀ ਕਰ ਰਹੇ ਹਾਂ।’’ 


ਸਲੋਅ ਤੋਂ ਸੰਸਦ ਮੈਂਬਰ ਢੇਸੀ ਨੇ ਦਾਅਵਾ ਕੀਤਾ ਕਿ ਕਈ ਬ੍ਰਿਟਿਸ਼ ਸਿੱਖ ਇਸ ਮੁੱਦੇ ’ਤੇ ਉਨ੍ਹਾਂ ਦੇ ਸੰਪਰਕ ’ਚ ਹਨ। ਉਨ੍ਹਾਂ ‘ਐਕਸ’ ’ਤੇ ਕਿਹਾ,‘‘ਕੈਨੇਡਾ ਤੋਂ ਚਿੰਤਾਜਨਕ ਰਿਪੋਰਟਾਂ ਆ ਰਹੀਆਂ ਹਨ। ਸਲੋਅ ਤੇ ਹੋਰ ਕਈ ਇਲਾਕਿਆਂ ਦੇ ਸਿੱਖਾਂ ਨੇ ਮੇਰੇ ਨਾਲ ਸੰਪਰਕ ਕਰਕੇ ਚਿੰਤਾ ਜਤਾਈ ਹੈ ਤੇ ਉਹ ਗੁੱਸੇ ’ਚ ਹਨ ਜਾਂ ਡਰੇ ਹੋਏ ਹਨ। ਇਹ ਦੇਖਦੇ ਹੋਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਹੈ ਕਿ ਉਹ ਕਰੀਬੀ ਭਾਈਵਾਲਾਂ ਨਾਲ ਮਿਲ ਕੇ ਕੰਮ ਕਰ ਰਹੇ ਹਨ, ਅਸੀਂ ਇਨਸਾਫ਼ ਯਕੀਨੀ ਬਣਾਉਣ ਲਈ ਬ੍ਰਿਟੇਨ ਸਰਕਾਰ ਦੇ ਸੰਪਰਕ ’ਚ ਹਾਂ।’’


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।