ਲੰਡਨ: ਭਾਰਤ ਦੇ ਸਖਤ ਵਿਰੋਧ ਦੇ ਬਾਵਜੂਦ ਵਿਦੇਸ਼ਾਂ ਵਿੱਚੋਂ ਕਿਸਾਨ ਅੰਦੋਲਨ ਨੂੰ ਹਮਾਇਤ ਮਿਲ ਰਹੀ ਹੈ। ਹੁਣ ਬ੍ਰਿਟੇਨ ਦੀ ਉੱਘੀ ਆਕਸਫੋਰਡ ਯੂਨੀਵਰਸਿਟੀ ਦੇ ਵਿਦਿਆਰਥੀਆਂ, ਫੈਕਲਟੀ, ਬਾਕੀ ਸਟਾਫ਼ ਮੈਂਬਰਾਂ ਤੇ ਪੁਰਾਣੇ ਵਿਦਿਆਰਥੀਆਂ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਹੈ। ਆਕਸਫੋਰਡ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਗਟਾਏ ਰੋਸ ਮੌਕੇ ਕਈ ਵਿਦਿਆਰਥੀ ਤੇ ਅਕਾਦਮਿਕ ਸ਼ਖ਼ਸੀਅਤਾਂ ਹਾਜ਼ਰ ਸਨ।

ਆਕਸਫੋਰਡ ਯੂਨੀਵਰਸਿਟੀ ਵਿੱਚ ਪ੍ਰਦਰਸ਼ਨ ਕਰਦਿਆਂ ਦਾਅਵਾ ਕੀਤੀ ਗਿਆ ਕਿ ਤਿੰਨੇ ਖੇਤੀ ਕਾਨੂੰਨਾਂ ਦੇ ਮਾੜੇ ਅਸਰ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਲ ਖੇਤੀ ਉਤਪਾਦਾਂ ਦੀਆਂ ਕੀਮਤਾਂ ਵੀ ਪ੍ਰਭਾਵਿਤ ਹੋਣਗੀਆਂ ਤੇ ਛੋਟੇ ਕਿਸਾਨ ਕਾਰਪੋਰੇਟ ਘਰਾਣਿਆਂ ’ਤੇ ਨਿਰਭਰ ਹੋ ਜਾਣਗੇ। ਯੂਨੀਵਰਸਿਟੀ ਦੇ ਵੱਖ-ਵੱਖ ਵਿਸ਼ਿਆਂ ਦੇ ਵਿਦਿਆਰਥੀਆਂ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਹ ਕਾਨੂੰਨ ਕਿਸਾਨਾਂ ਨਾਲ ਸਲਾਹ-ਮਸ਼ਵਰੇ ਬਗੈਰ ਹੀ ਲਾਗੂ ਕਰ ਦਿੱਤੇ ਹਨ ਜੋ ਗ਼ੈਰ-ਜਮਹੂਰੀ ਹੈ।

ਯੂਨੀਵਰਸਿਟੀ ਦੇ ਅਕਾਦਮਿਕ ਅਮਲੇ ਤੇ ਵਿਦਿਆਰਥੀਆਂ ਨੇ ਕਿਹਾ ਕਿ ਬਿੱਲ ਪਾਸ ਕਰਨ ਵੇਲੇ ਸੰਸਦੀ ਪ੍ਰਕਿਰਿਆ ਦੀ ਵੀ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੋਧਾਂ ਦੀ ਕੀਤੀ ਪੇਸ਼ਕਸ਼ ਵਿਚ ਮੁੱਖ ਚਿੰਤਾ ਨੂੰ ਅਣਗੌਲਿਆ ਗਿਆ ਹੈ, ਕਿਸਾਨ ਪ੍ਰਾਈਵੇਟ ਮੰਡੀਆਂ ਵਿਚ ਕੀਮਤਾਂ ਤੈਅ ਕਰਨ ਦੀ ਤਾਕਤ ਗੁਆ ਲੈਣਗੇ। ਉਨ੍ਹਾਂ ਭਾਰਤ ਸਰਕਾਰ ਤੋਂ ਤਿੰਨਾਂ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰ ਕੇ ਐਮਐਸਪੀ ਦੀ ਗਾਰੰਟੀ ਦੇਣੀ ਚਾਹੀਦੀ ਹੈ। ਆਕਸਫੋਰਡ ਸਾਊਥ ਏਸ਼ਿਆਈ ਸੁਸਾਇਟੀ ਤੇ ਯੂਨੀਵਰਸਿਟੀ ਆਫ਼ ਆਕਸਫੋਰਡ ਸਿੱਖ ਸੁਸਾਇਟੀ ਦੇ ਮੈਂਬਰ ਵੀ ਇਸ ਮੌਕੇ ਹਾਜ਼ਰ ਸਨ।