Imran Khan: ਪਾਕਿਸਤਾਨ ਦੀ ਸੁਪਰੀਮ ਕੋਰਟ ਵੱਲੋਂ ਸੰਕਟਗ੍ਰਸਤ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਸਪਰੀਮ ਅਦਾਲਤ ਨੇ ਅਵਿਸ਼ਵਾਸ ਪ੍ਰਸਤਾਵ ਨੂੰ ਰੱਦ ਕਰਨ ਦੇ ਡਿਪਟੀ ਸਪੀਕਰ ਕਾਸਿਮ ਸੂਰੀ ਦੇ ਕਦਮ ਦੀ ਕਾਨੂੰਨੀਤਾ ਨਾਲ ਜੁੜੇ ਮਹੱਤਵਪੂਰਨ ਮਾਮਲੇ 'ਤੇ ਆਪਣਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਬੇਭਰੋਸਗੀ ਮਤੇ ਨੂੰ ਰੱਦ ਕਰਨ ਦੇ ਡਿਪਟੀ ਸਪੀਕਰ ਦੇ ਫੈਸਲੇ ਨੂੰ ਪਲਟਦਿਆਂ ਇਸ ਨੂੰ ਗੈਰ ਸੰਵਿਧਾਨਕ ਕਰਾਰ ਦਿੱਤਾ ਹੈ।


ਨੈਸ਼ਨਲ ਅਸੈਂਬਲੀ ਵਿੱਚ ਇਮਰਾਨ ਖ਼ਾਨ ਖ਼ਿਲਾਫ਼ 9 ਅਪ੍ਰੈਲ ਨੂੰ ਸਵੇਰੇ 10 ਵਜੇ ਬੇਭਰੋਸਗੀ ਮਤੇ 'ਤੇ ਵੋਟਿੰਗ ਹੋਵੇਗੀ। ਫੈਸਲੇ ਤੋਂ ਬਾਅਦ ਅਦਾਲਤ ਦੇ ਬਾਹਰ ਗੋ ਨਿਆਜੀ, ਗੋ ਦੇ ਨਾਅਰੇ ਲਗਾਏ ਜਾ ਰਹੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਇਮਰਾਨ ਖਾਨ ਬੇਭਰੋਸਗੀ ਮਤੇ 'ਚ ਹਾਰ ਜਾਂਦੇ ਹਨ ਤਾਂ ਵਿਰੋਧੀ ਧਿਰ ਨੂੰ ਨਵਾਂ ਪ੍ਰਧਾਨ ਮੰਤਰੀ ਚੁਣਨਾ ਚਾਹੀਦਾ ਹੈ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਵਿਰੋਧੀ ਧਿਰ 'ਚ ਖੁਸ਼ੀ ਦੀ ਲਹਿਰ ਹੈ। ਬਿਲਾਵਲ ਭੁੱਟੋ ਨੇ ਕਿਹਾ ਕਿ ਪਾਕਿਸਤਾਨ ਜ਼ਿੰਦਾਬਾਦ ਲੋਕਤੰਤਰ ਸਭ ਤੋਂ ਵੱਡਾ ਬਦਲਾ ਹੈ।


ਸੁਪਰੀਮ ਕੋਰਟ 'ਚ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ 'ਚ ਕਿਹਾ ਕਿ ਅਸੀਂ ਚੋਣਾਂ ਕਰਵਾਉਣ ਲਈ ਤਿਆਰ ਹਾਂ। ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਦੀ ਅਗਵਾਈ ਵਾਲੇ ਬੈਂਚ ਵਿੱਚ ਜਸਟਿਸ ਏਜਾਜ਼-ਉਲ ਅਹਿਸਾਨ, ਜਸਟਿਸ ਮਜ਼ਹਰ ਆਲਮ ਖਾਨ ਮੀਆਂਖਾਇਲ, ਜਸਟਿਸ ਮੁਨੀਬ ਅਖਤਰ ਅਤੇ ਜਸਟਿਸ ਜਮਾਲ ਖਾਨ ਮੰਡੋਖਾਇਲ ਸ਼ਾਮਲ ਸਨ। ਸੁਪਰੀਮ ਕੋਰਟ ਨੇ ਅੱਜ ਹੀ ਸੁਣਵਾਈ ਦੌਰਾਨ ਫੈਸਲਾ ਸੁਰੱਖਿਅਤ ਰੱਖ ਲਿਆ ਸੀ।


ਫੈਸਲੇ ਤੋਂ ਪਹਿਲਾਂ ਇਮਰਾਨ ਖਾਨ ਨੇ ਕਿਹਾ ਸੀ ਕਿ ਜੋ ਵੀ ਫੈਸਲਾ ਆਵੇਗਾ, ਉਸ ਨੂੰ ਸਵੀਕਾਰ ਕੀਤਾ ਜਾਵੇਗਾ। ਸੁਪਰੀਮ ਕੋਰਟ ਨੇ ਫੈਸਲੇ ਤੋਂ ਪਹਿਲਾਂ ਚੋਣ ਕਮਿਸ਼ਨ ਦੀ ਟੀਮ ਨੂੰ ਵੀ ਬੁਲਾਇਆ ਸੀ। ਸੁਪਰੀਮ ਕੋਰਟ ਵਿੱਚ ਚੋਣ ਕਮਿਸ਼ਨਰ ਦੀ ਟੀਮ ਨੇ ਕਿਹਾ ਕਿ ਚੋਣਾਂ ਜਲਦੀ ਕਰਵਾਉਣਾ ਸੰਭਵ ਨਹੀਂ ਹੈ। ਇਸ ਦੇ ਨਾਲ ਹੀ ਇਮਰਾਨ ਖਾਨ ਦੇ ਕਰੀਬੀ ਫਵਾਦ ਚੌਧਰੀ ਨੇ ਕਿਹਾ ਕਿ ਕੁਝ ਵੀ ਹੋ ਜਾਵੇ, ਅਖੀਰ ਚੋਣਾਂ ਤਾਂ ਹੋਣੀਆਂ ਹੀ ਹਨ। ਫੈਸਲੇ ਤੋਂ ਪਹਿਲਾਂ ਜਿੱਥੇ ਸੁਪਰੀਮ ਕੋਰਟ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਸੀ, ਉੱਥੇ ਹੀ ਸੁਪਰੀਮ ਕੋਰਟ ਦੇ ਬਾਹਰ ਲੋਕਾਂ ਦੀ ਝੜਪ ਹੋਣ ਦੀ ਵੀ ਗੱਲ ਸਾਹਮਣੇ ਆਈ।