ਨਵੀਂ ਦਿੱਲੀ: ਭਾਰਤ ਨੇ ਆਪਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਊਦੀ ਅਰਬ ਦੌਰੇ ਲਈ ਪਾਕਿਸਤਾਨ ਦੇ ਹਵਾਈ ਖੇਤਰ ਦੀ ਵਰਤੋਂ ਦੀ ਆਗਿਆ ਮੰਗੀ ਸੀ, ਜਿਸ ਨੂੰ ਪਾਕਿਸਤਾਨ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਪਾਕਿਸਤਾਨ ਨੇ ਐਤਵਾਰ ਨੂੰ ਇਹ ਦਾਅਵਾ ਕੀਤਾ।


ਪਾਕਿਸਤਾਨੀ ਮੀਡੀਆ ਦੇ ਅਨੁਸਾਰ, ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਐਤਵਾਰ ਨੂੰ ਕਿਹਾ ਕਿ ਪਾਕਿਸਤਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਾਊਦੀ ਅਰਬ ਦੀ ਯਾਤਰਾ ਲਈ ਉਨ੍ਹਾਂ ਦੇ ਜਹਾਜ਼ ਨੂੰ ਪਾਕਿਸਤਾਨੀ ਹਵਾਈ ਖੇਤਰ ਵਿੱਚੋਂ ਲੰਘਣ ਦੀ ਆਗਿਆ ਦੇਣ ਦੀ ਭਾਰਤ ਦੀ ਬੇਨਤੀ ਨੂੰ ਪ੍ਰਵਾਨਗੀ ਨਹੀਂ ਦਿੱਤੀ।




ਰਿਪੋਰਟ ਵਿਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਨੇ 28 ਅਕਤੂਬਰ ਨੂੰ ਪੀਐਮ ਮੋਦੀ ਦੇ ਜਹਾਜ਼ ਲਈ ਪਾਕਿਸਤਾਨ ਦੀ ਹਵਾਈ ਖੇਤਰ ਦੀ ਵਰਤੋਂ ਕਰਨ ਦੀ ਇਜਾਜ਼ਤ ਮੰਗੀ ਸੀ। ਮੋਦੀ 29 ਅਕਤੂਬਰ ਨੂੰ ਹੋਣ ਵਾਲੇ ਇੱਕ ਸੰਮੇਲਨ ਲਈ ਸਾਊਦੀ ਅਰਬ ਜਾ ਰਹੇ ਹਨ। ਉੱਧਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੀ ਇਸ ਸੰਮੇਲਨ ਵਿੱਚ ਹਿੱਸਾ ਲੈਣ ਲਈ 28 ਅਕਤੂਬਰ ਨੂੰ ਸਾਊਦੀ ਅਰਬ ਜਾਣਗੇ।


ਪਾਕਿਸਤਾਨੀ ਰਿਪੋਰਟ ਦੇ ਅਨੁਸਾਰ, ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਇਹ ਫੈਸਲਾ ‘ਕਾਲਾ ਦਿਵਸ’ ਅਤੇ ਜੰਮੂ-ਕਸ਼ਮੀਰ ਵਿੱਚ ਜਾਰੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਸੰਦਰਭ ਵਿੱਚ ਲਿਆ ਗਿਆ ਹੈ। ਦੱਸ ਦੇਈਏ ਪਾਕਿਸਤਾਨ ਵਿੱਚ ਦੀਵਾਲੀ ਵਾਲੇ ਦਿਨ 27 ਅਕਤੂਬਰ ਨੂੰ 'ਕਾਲਾ ਦਿਵਸ' ਮਨਾਇਆ ਗਿਆ ਹੈ।