ਇਸਲਾਮਾਬਾਦ: ਈਸ਼ਨਿੰਦਾ ਦੇ ਇਲਜ਼ਾਮਾਂ ਵਿੱਚ ਮੌਤ ਦੀ ਸਜ਼ਾ ਤੋਂ ਬਰੀ ਕੀਤੀ ਗਈ ਈਸਾਈ ਮਹਿਲਾ ਆਸਿਆ ਬੀਬੀ ਦੇ ਵਕੀਲ ਨੇ ਸ਼ਨੀਵਾਰ ਨੂੰ ਦੇਸ਼ ਛੱਡ ਦਿੱਤਾ। ਵਕੀਲ ਸੈਫ ਉਲ ਮੁਲੂਕ ਨੇ ਕਿਹਾ ਕਿ ਪਾਕਿਸਤਾਨ ਵਿੱਚ ਉਸਦੀ ਜਾਨ ਨੂੰ ਖ਼ਤਰਾ ਸੀ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਦੇ ਬਾਅਦ, ਧਾਰਮਕ  ਪਾਰਟੀਆਂ ਨੇ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤਾ ਤੇ ਮੁਲੂਕ ਤੇ ਫੈਸਲਾ ਸੁਣਾਉਣ ਵਾਲੇ ਜੱਜਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।

ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਮੁਕਾਬਕ ਮੁਲੂਕ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਵਕੀਲਾਂ ਦੇ ਕਈ ਧੜ੍ਹਿਆਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਅਜਿਹੇ ਵਿੱਚ ਉਨ੍ਹਾਂ ਦਾ ਇੱਥੇ ਕੰਮ ਕਰਨਾ ਸੰਭਨ ਨਹੀਂ ਹੈ। ਸੁਪਰੀਮ ਕੋਰਟ ਨੇ 31 ਅਕਤੂਬਰ ਨੂੰ ਆਪਣੇ ਫੈਸਲੇ ਵਿੱਚ ਬੀਬੀ ਆਸਿਆ ਨੂੰ ਤਤਕਾਲ ਰਿਹਾ ਕਰਨ ਦੇ ਨਿਰਦੇਸ਼ ਦਿੱਤੇ ਸਨ, ਕਿਉਂਕਿ ਉਸ ਖਿਲਾਫ ਈਸ਼ਨਿੰਦਾ ਦੇ ਇਲਜ਼ਾਮ ਸਾਬਤ ਨਹੀਂ ਹੋ ਸਕੇ ਸੀ।

ਮੁਲੂਕ ਨੇ ਐਕਸਪ੍ਰੈਸ ਟ੍ਰਿਬਿਊਨ ਨੂੰ ਕਿਹਾ ਕਿ ਜੇ ਫੌਜ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਾਏਗੀ ਤਾਂ ਉਹ ਸਮੀਖਿਆ ਪਟੀਸ਼ਨ ਦੌਰਾਨ ਆਸਿਆ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਵੀ ਖ਼ਤਰੇ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਨੇ ਸਰਕਾਰ ਕੋਲੋਂ ਵੀ ਸੁਰੱਖਿਆ ਮੁਹੱਈਆ ਕਰਾਉਣ ਦੀ ਮੰਗ ਕੀਤੀ ਸੀ।