ਇਸਲਾਮਾਬਾਦ: ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਗੱਲਬਾਤ ਸ਼ੁਰੂ ਹੋਣ ਤੋਂ ਪਹਿਲਾਂ ਹੀ ਝਟਕੇ ਨਾਲ ਠੱਪ ਹੋਣ ਤੋਂ ਬਾਅਦ ਪਾਕਿਸਤਾਨ ਨੇ ਇੱਕ ਵਾਰ ਫਿਰ ਗੱਲਬਾਤ ਨੂੰ ਦੋਵਾਂ ਮੁਲਕਾਂ ਵਿਚਲੇ ਵਿਵਾਦਾਂ ਨੂੰ ਸੁਲਝਾਉਣ ਦਾ ਇਹ ਹੀ ਇਕੋ ਇਕ ਰਾਹ ਦੱਸਿਆ ਹੈ। ਪਾਕਿਸਤਾਨ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਖੋਲ੍ਹਣਾ ਪਾਕਿਸਤਾਨ ਤੇ ਭਾਰਤ ਵਿਚਾਲੇ ਗੱਲਬਾਤ ਬਿਨਾ ਸੰਭਵ ਨਹੀਂ ਹੈ।

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਾਕਿਸਤਾਨ ਆਪਣੇ ਗੁਆਂਢੀ ਨਾਲ ਮਿਲ ਕੇ ਰਹਿਣ ਦੀ ਕੋਸ਼ਿਸ਼ ਕਰ ਸਕਦਾ ਹੈ। ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਫੈਸਲ ਨੇ ਕਿਹਾ ਕਿ ਜੇ ਦੋਵਾਂ ਮੁਲਕਾਂ ਵਿਚਾਲੇ ਕੋਈ ਗੱਲਬਾਤ ਨਹੀਂ ਹੁੰਦੀ ਤਾਂ ਕੁਝ ਨਹੀਂ ਹੋ ਸਕਦਾ।

ਜ਼ਿਕਰਯੋਗ ਹੈ ਕਿ ਕਸ਼ਮੀਰ ਵਿੱਚ ਪਾਕਿਸਤਾਨੀ ਦਹਿਸ਼ਤਗਰਦਾਂ ਦੀਆਂ ਕਾਰਵਾਈਆਂ ਤੇ ਬੀਐਸਐਫ ਜਵਾਨ ਦੀ ਲਾਸ਼ ਨਾਲ ਬਦਸਲੂਕੀ ਕਰਨ ਦੀਆਂ ਘਟਨਾਵਾਂ ਤੋਂ ਬਾਅਦ ਪਿਛਲੇ ਮਹੀਨੇ ਭਾਰਤ ਨੇ ਨਿਊਯਾਰਕ ਵਿੱਚ ਦੋਵਾਂ ਮੁਲਕਾਂ ਦੇ ਵਿਦੇਸ਼ ਮੰਤਰੀਆਂ ਵਿਚਾਲੇ ਹੋਣ ਵਾਲੀ ਮੀਟਿੰਗ ਵੀ ਰੱਦ ਕਰ ਦਿੱਤੀ ਸੀ।

ਸਾਰਕ ਕਾਨਫਰੰਸ ਬਾਰੇ ਫੈਸਲ ਨੇ ਕਿਹਾ ਕਿ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਮਹਾਂਸਭਾ ਦੀ ਮੀਟਿੰਗ ਤੋਂ ਇਲਾਵਾ ਪਾਕਿਸਤਾਨ ਨੇ ਸਾਰੇ ਦੱਖਣੀ ਏਸ਼ਿਆਈ ਮੁਲਕਾਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਦਾ ਇਸਲਾਮਾਬਾਦ ਸੰਮੇਲਨ ਬਾਰੇ ਰੱਵਈਆ ਸਾਕਾਰਾਤਮਕ ਸੀ, ਪਰ ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਇਸ ਵਿੱਚ ਅੜਿੱਕੇ ਡਾਹ ਰਿਹਾ ਹੈ।

ਫੈਜ਼ਲ ਨੇ ਕਿਹਾ ਕਿ ਪਿਛਲਾ ਸਾਰਕ ਸੰਮੇਲਨ 2014 ਵਿੱਚ ਕਾਠਮੰਡੂ ਵਿੱਚ ਹੋਇਆ ਸੀ ਤੇ 2016 ਦਾ ਸੰਮੇਲਨ ਪਾਕਿਸਤਾਨ ਵਿੱਚ ਹੋਣਾ ਸੀ ਪਰ ਉੜੀ ਸੈਕਟਰ ਵਿੱਚ ਭਾਰਤੀ ਫੌਜੀ ਕੈਂਪ ’ਤੇ ਹੋਏ ਦਹਿਸ਼ਤੀ ਹਮਲੇ ਬਾਅਦ ਭਾਰਤ ਦੇ ਨਾਲ-ਨਾਲ ਕੂਟਨੀਤਕ ਕਾਰਨ ਬੰਗਲਾਦੇਸ਼, ਭੂਟਾਨ ਅਤੇ ਅਫਗਾਨਿਸਤਾਨ ਵੱਲੋਂ ਸੰਮੇਲਨ ਵਿੱਚ ਸ਼ਮੂਲੀਅਤ ਕਰਨ ਤੋਂ ਇਨਕਾਰ ਕਰਨ ’ਤੇ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ।