ਇਸ ਸਬੰਧੀ ਪਾਕਿਸਤਾਨੀ ਫੌਜ ਨੇ ਵੀਡੀਓ ਵੀ ਜਾਰੀ ਕੀਤੀ ਹੈ ਜਿਸ ਵਿੱਚ ਅੱਖਾਂ ’ਤੇ ਪੱਟੀ ਬੰਨ੍ਹੀਂ ਵਿਅਕਤੀ ਨਜ਼ਰ ਆ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਹ ਵਿਅਕਤੀ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਹਨ। ਵੀਡੀਓ ਵਿੱਚ ਵਿਅਕਤੀ ਖ਼ੁਦ ਕਹਿ ਰਿਹਾ ਹੈ ਕਿ ਉਹ ਭਾਰਤੀ ਹਵਾਈ ਫੌਜ ਦਾ ਅਧਿਕਾਰੀ ਹੈ। ਉਸ ਨੇ ਆਪਣਾ ਸਰਵਿਸ ਨੰਬਰ 27981 ਵੀ ਦੱਸਿਆ ਹੈ। ਹਾਲਾਂਕਿ ਇਸ ਵੀਡੀਓ ਦੀ ਪੁਸ਼ਟੀ ਨਹੀਂ ਕੀਤੀ ਜਾ ਸਕੀ।
ਪਾਕਿਸਤਾਨੀ ਫੌਜ ਦੇ ਬੁਲਾਰਾ ਮੇਜਰ ਜਨਰਲ ਆਸਿਫ ਗਫੂਰ ਨੇ ਵੀ ਭਾਰਤੀ ਹਵਾਈ ਫੌਜ ਦੇ ਦੋ ਪਾਇਲਟਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇੱਕ ਪਾਇਲਟ ਜ਼ਖ਼ਮੀ ਹੈ ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਇਲਟ ਨੂੰ ਕੋਈ ਨੁਕਸਾਨ ਨਹੀਂ ਪੁੱਜਾ। ਉਨ੍ਹਾਂ ਦੱਸਿਆ ਕਿ ਇੱਕ ਜਹਾਜ਼ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਜਦਕਿ ਦੂਜਾ ਜੰਮੂ ਕਸ਼ਮੀਰ ਵਿੱਚ ਡਿੱਗਿਆ।
ਇਸ ਤੋਂ ਪਹਿਲਾਂ ਅੱਜ ਸਵੇਰੇ ਪਾਕਿਸਤਾਨ ਨੇ ਭਾਰਤੀ ਹਵਾਈ ਖੇਤਰ ਵਿੱਚ ਘੁਸਪੈਠ ਦੀ ਕੋਸ਼ਿਸ਼ ਕੀਤੀ ਸੀ। ਇਸ ਦੇ ਬਾਅਦ ਭਾਰਤੀ ਹਵਾਈ ਫੌਜ ਨੇ ਜੰਮੂ ਖੇਤਰ ਦੇ ਰਜੌਰੀ ਇਲਾਕੇ ਵਿੱਚ ਪਾਕਿਸਤਾਨ ਦੀ ਹਵਾਈ ਫੌਜ ਦਾ ਇੱਕ ਐਫ-16 ਲੜਾਕੂ ਜਹਾਜ਼ ਸੁੱਟਿਆ। ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਜਹਾਜ਼ ਨੂੰ ਰਜੌਰੀ ਦੇ ਝਾਨਗੜ ਇਲਾਕੇ ਵਿੱਚ ਸੁੱਟਿਆ ਗਿਆ।