Imran Khan Arrest warrant : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਪ੍ਰਧਾਨ ਇਮਰਾਨ ਖਾਨ ਦੇ ਖਿਲਾਫ ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਇਮਰਾਨ ਖਾਨ ਤੋਂ ਇਲਾਵਾ ਅਸਦ ਉਮਰ, ਫਵਾਦ ਚੌਧਰੀ ਦੇ ਖਿਲਾਫ ਵੀ ਵਾਰੰਟ ਜਾਰੀ ਕੀਤਾ ਗਿਆ ਹੈ। ਇਹ ਵਾਰੰਟ ਪਾਕਿਸਤਾਨ ਦੇ ਚੋਣ ਕਮਿਸ਼ਨ ਦੇ ਚਾਰ ਮੈਂਬਰੀ ਬੈਂਚ ਨੇ ਜਾਰੀ ਕੀਤਾ ਹੈ।

ਇਹ ਗ੍ਰਿਫਤਾਰੀ ਵਾਰੰਟ ਇਮਰਾਨ ਖਾਨ ਨੂੰ ਮਾਣਹਾਨੀ ਦੇ ਇਕ ਮਾਮਲੇ 'ਚ ਜਾਰੀ ਕੀਤਾ ਗਿਆ ਹੈ। ਨਿਸਾਰ ਦੁਰਾਨੀ ਦੀ ਅਗਵਾਈ ਵਾਲੇ ਚਾਰ ਮੈਂਬਰੀ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਆਪਣਾ ਫੈਸਲਾ ਸੁਣਾਇਆ ਹੈ। ਹੁਣ ਮਾਮਲੇ ਦੀ ਸੁਣਵਾਈ 17 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਚੋਣ ਕਮਿਸ਼ਨ ਨੇ ਪਿਛਲੇ ਸਾਲ ਪੀਟੀਆਈ ਦੇ ਚੋਟੀ ਦੇ ਨੇਤਾਵਾਂ ਨੂੰ ਮਾਣਹਾਨੀ ਦੇ ਨੋਟਿਸ ਜਾਰੀ ਕੀਤੇ ਸਨ।


ਇਹ ਵੀ ਪੜ੍ਹੋ : ਆਰੋਪੀ ਆਫਤਾਬ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧੀ, ਅਦਾਲਤ ਨੇ ਪੁਲਿਸ ਨੂੰ ਦਿੱਤੇ ਇਹ ਨਿਰਦੇਸ਼

ਚੋਣ ਕਮਿਸ਼ਨ ਬਾਰੇ ਕਹੀਆਂ ਸੀ ਅਪਮਾਨਜਨਕ ਗੱਲਾਂ 



ਚੋਣ ਕਮਿਸ਼ਨ ਨੇ ਕਿਹਾ ਹੈ ਕਿ ਇਮਰਾਨ ਖਾਨ ਅਤੇ ਪੀਟੀਆਈ ਦੇ ਵੱਡੇ ਨੇਤਾਵਾਂ ਨੇ ਆਪਣੀਆਂ ਰੈਲੀਆਂ ਅਤੇ ਮੀਡੀਆ ਵਿੱਚ ਚੋਣ ਕਮਿਸ਼ਨ ਅਤੇ ਰਾਸ਼ਟਰਪਤੀ ਬਾਰੇ ਬਹੁਤ ਅਪਮਾਨਜਨਕ ਗੱਲਾਂ ਕਹੀਆਂ ਸਨ। ਪੀਟੀਆਈ ਆਗੂਆਂ ਨੇ ਕਮਿਸ਼ਨ ਨੂੰ ਇਸ ਮਾਮਲੇ ਵਿੱਚ ਛੋਟ ਦੇਣ ਦੀ ਅਪੀਲ ਕੀਤੀ ਸੀ ਪਰ ਕਮਿਸ਼ਨ ਨੇ ਉਨ੍ਹਾਂ ਦੀ ਅਪੀਲ ਰੱਦ ਕਰ ਦਿੱਤੀ। ਕਮਿਸ਼ਨ ਨੇ ਸਾਰੇ ਆਗੂਆਂ ਨੂੰ 17 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਕਮਿਸ਼ਨ ਨੇ ਆਪਣਾ ਫੈਸਲਾ 3 ਜਨਵਰੀ ਤੱਕ ਸੁਰੱਖਿਅਤ ਰੱਖ ਲਿਆ ਸੀ।



ਪੀਟੀਆਈ ਨੇਤਾ ਫਵਾਦ ਚੌਧਰੀ ਨੇ ਚੋਣ ਕਮਿਸ਼ਨ ਦੇ ਫੈਸਲੇ ਖਿਲਾਫ ਹਾਈਕੋਰਟ ਜਾਣ ਦੀ ਗੱਲ ਕਹੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, 'ਅਸੀਂ ਫੈਸਲੇ ਦੇ ਖਿਲਾਫ ਹਾਈਕੋਰਟ ਜਾਵਾਂਗੇ ਅਤੇ ਕਮਿਸ਼ਨ ਦੇ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕਰਾਂਗੇ। ਚੋਣ ਕਮਿਸ਼ਨ ਵੱਲੋਂ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਇਹ ਫੈਸਲਾ ਹਾਈ ਕੋਰਟ ਦੇ ਫੈਸਲੇ ਦੀ ਉਲੰਘਣਾ ਹੈ। ਇਸ ਮਾਮਲੇ ਦੀ ਸੁਣਵਾਈ 17 ਜਨਵਰੀ ਨੂੰ ਹੋਣੀ ਸੀ ਪਰ ਫੈਸਲਾ ਅੱਜ ਹੀ ਆ ਗਿਆ, ਜੋ ਨਿਯਮਾਂ ਦੀ ਉਲੰਘਣਾ ਹੈ।