Imran Khan May Be Arrested : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਮਰਾਨ ਖਾਨ ਦੇ ਖਿਲਾਫ ਅੱਤਵਾਦ ਰੋਕੂ ਕਾਨੂੰਨ ਦੇ ਤਹਿਤ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। 20 ਅਗਸਤ ਨੂੰ ਇਮਰਾਨ ਖਾਨ ਨੇ ਆਈਜੀ ਅਤੇ ਜੱਜ ਨੂੰ ਧਮਕੀ ਦਿੱਤੀ ਸੀ, ਜਿਸ ਤੋਂ ਬਾਅਦ ਇਮਰਾਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਦੇਰ ਰਾਤ ਇਸਲਾਮਾਬਾਦ ਦੇ ਆਈਜੀ ਵੱਲੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਸੂਚਨਾ ਦਿੱਤੀ ਗਈ ਹੈ।
ਇਮਰਾਨ ਖਾਨ ਨੇ ਸ਼ਾਹਬਾਜ਼ ਗਿੱਲ ਦੀ ਗ੍ਰਿਫਤਾਰੀ ਖਿਲਾਫ 20 ਅਗਸਤ ਨੂੰ ਇਸਲਾਮਾਬਾਦ 'ਚ ਰੈਲੀ ਕੀਤੀ ਸੀ। ਇਸ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਰੈਲੀ ਨੂੰ ਸਾਰੇ ਟੀਵੀ ਨਿਊਜ਼ ਚੈਨਲਾਂ ਨੇ ਪ੍ਰਸਾਰਿਤ ਕੀਤਾ।
ਇਮਰਾਨ ਖਾਨ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ ਜਾਂ ਘਰ ਵਿੱਚ ਨਜ਼ਰਬੰਦ ਕੀਤਾ ਜਾ ਸਕਦਾ ਹੈ। ਦੋਸ਼ ਹੈ ਕਿ ਉਸ ਨੇ ਜੱਜਾਂ ਅਤੇ ਪੁਲਿਸ ਵਾਲਿਆਂ ਨੂੰ ਧਮਕਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਰੈਲੀ 'ਚ ਭਾਸ਼ਣ ਦੌਰਾਨ ਇਮਰਾਨ ਖਾਨ ਨੇ ਇਸਲਾਮਾਬਾਦ ਪੁਲਸ ਦੇ ਉੱਚ ਅਧਿਕਾਰੀਆਂ ਅਤੇ ਜੱਜ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਲਈ ਇਸਲਾਮਾਬਾਦ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਜੱਜਾਂ ਨੂੰ ਧਮਕਾਉਣ ਅਤੇ ਦੇਸ਼ ਵਿੱਚ ਸ਼ਾਂਤੀ ਭੰਗ ਕਰਨ ਦੇ ਦੋਸ਼ ਵਿੱਚ ਅੱਤਵਾਦ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਮਰਾਨ ਖਾਨ 'ਤੇ ਕੀ ਹਨ ਦੋਸ਼?
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ 20 ਅਗਸਤ ਨੂੰ ਇਸਲਾਮਾਬਾਦ ਵਿਚ ਇਕ ਰੈਲੀ ਵਿਚ ਦੇਸ਼ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਅਤੇ ਪਾਕਿਸਤਾਨ ਦੀ ਸ਼ਾਂਤੀ ਪ੍ਰਣਾਲੀ ਨੂੰ ਭੰਗ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ। ਇੰਨਾ ਹੀ ਨਹੀਂ ਇਸਲਾਮਾਬਾਦ ਦੇ ਆਈਜੀ ਸਮੇਤ ਕਈ ਪੁਲਿਸ ਅਧਿਕਾਰੀਆਂ ਨੂੰ ਧਮਕੀਆਂ ਦੇਣ ਦਾ ਵੀ ਇਲਜ਼ਾਮ ਹੈ। ਇਸ ਦੇ ਨਾਲ ਹੀ ਇਮਰਾਨ ਨੇ ਇਸਲਾਮਾਬਾਦ ਦੀ ਸੈਸ਼ਨ ਕੋਰਟ ਦੀ ਜੱਜ ਜ਼ੇਬਾ ਚੌਧਰੀ ਨੂੰ ਵੀ ਧਮਕਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਉਸ ਦੇ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ।
ਸ਼ਾਹਬਾਜ਼ ਸਰਕਾਰ ਖਿਲਾਫ ਮੋਰਚਾ
ਦੂਜੇ ਪਾਸੇ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਨੇ ਸ਼ਾਹਬਾਜ਼ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਮਰਾਨ ਖਾਨ ਦੇ ਘਰ ਦੇ ਬਾਹਰ ਉਨ੍ਹਾਂ ਦੇ ਸਮਰਥਕਾਂ ਦਾ ਇਕੱਠ ਵੀ ਹੋਇਆ ਅਤੇ ਪਾਰਟੀ ਨੇ ਇਸਲਾਮਾਬਾਦ ਤੱਕ ਮਾਰਚ ਦਾ ਨਾਅਰਾ ਦਿੱਤਾ। ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ ਤੋਂ ਇਮਰਾਨ ਖਾਨ ਦੇ ਸਮਰਥਕ ਇਸਲਾਮਾਬਾਦ ਲਈ ਰਵਾਨਾ ਹੋਏ। ਪੀਟੀਆਈ ਦੇ ਵੱਡੇ ਨੇਤਾ ਪਰਵੇਜ਼ ਖੱਟਕ ਨੇ ਕਿਹਾ ਹੈ ਕਿ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਦੀ ਕਿਸੇ ਦੀ ਹਿੰਮਤ ਨਹੀਂ ਹੈ। ਇਸ ਦੌਰਾਨ ਇਮਰਾਨ ਖਾਨ ਦੀ ਸਾਬਕਾ ਪਤਨੀ ਰੇਹਮ ਖਾਨ ਨੇ ਪੁਲਿਸ ਦੀ ਕਾਰਵਾਈ ਨੂੰ ਸਹੀ ਠਹਿਰਾਇਆ ਹੈ।