Pakistan: ਇਮਰਾਨ ਖ਼ਾਨ ਦੀਆਂ ਵਧੀਆਂ ਦਿੱਕਤਾਂ, ਕਤਲ ਦੀ ਕੋਸ਼ਿਸ਼ ਕਰਨ ਦਾ ਮਾਮਲਾ ਦਰਜ
Pakistan Former PM Imran Khan: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ।
Pakistan Former PM Imran Khan: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਨਜ਼ਰ ਆ ਰਹੀਆਂ ਹਨ। ਇਮਰਾਨ ਨੂੰ ਤੋਸ਼ਾਖਾਨਾ ਮਾਮਲੇ 'ਚ ਪੰਜ ਸਾਲ ਲਈ ਅਯੋਗ ਕਰਾਰ ਦਿੱਤਾ ਗਿਆ ਸੀ, ਹੁਣ ਉਸ 'ਤੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਨੇਤਾ ਸ਼ਾਹਨਵਾਜ਼ ਦੀ ਸ਼ਿਕਾਇਤ 'ਤੇ ਇਮਰਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਦਰਅਸਲ, ਸ਼ਾਹਨਵਾਜ਼ 'ਤੇ ਇਸਲਾਮਾਬਾਦ 'ਚ ਪਾਕਿਸਤਾਨ ਚੋਣ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਹਮਲਾ ਹੋਇਆ ਸੀ, ਜਿੱਥੇ ਪੀਟੀਆਈ ਸਮਰਥਕ ਇਮਰਾਨ ਨੂੰ ਅਯੋਗ ਠਹਿਰਾਏ ਜਾਣ ਦੇ ਫ਼ੈਸਲੇ ਦਾ ਵਿਰੋਧ ਕਰ ਰਹੇ ਸਨ। ਸ਼ਾਹਨਵਾਜ਼ ਨੇ ਆਪਣੀ ਸ਼ਿਕਾਇਤ 'ਚ ਕਿਹਾ ਕਿ ਉਹ ਮੁਦਈ ਵਜੋਂ ਕਮਿਸ਼ਨ ਸਾਹਮਣੇ ਪੇਸ਼ ਹੋਇਆ ਸੀ, ਜਿਸ ਕਾਰਨ ਉਸ 'ਤੇ ਹਮਲਾ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਇਹ ਹਮਲਾ ਪੀਟੀਆਈ ਲੀਡਰਸ਼ਿਪ ਦੇ ਇਸ਼ਾਰੇ ’ਤੇ ਹੋਇਆ ਹੈ। ਉਸਨੇ ਇਹ ਵੀ ਕਿਹਾ ਕਿ ਮੇਰੀ ਕਾਰ 'ਤੇ ਵੀ ਹਮਲਾ ਕੀਤਾ ਗਿਆ ਅਤੇ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਗਏ।
5 ਸਾਲ ਲਈ ਅਯੋਗ ਕਿਉਂ?
ਇਸ ਤੋਂ ਪਹਿਲਾਂ, ਚੋਣ ਕਮਿਸ਼ਨ ਨੇ ਇਮਰਾਨ ਖਾਨ ਨੂੰ ਤੋਸ਼ਾਖਾਨਾ (ਸਰਕਾਰੀ ਸਟੋਰਹਾਊਸ) ਵਿਖੇ ਵਿਦੇਸ਼ੀ ਨੇਤਾਵਾਂ ਤੋਂ ਮਿਲੇ ਕੀਮਤੀ ਤੋਹਫ਼ਿਆਂ ਦੀ ਵਿਕਰੀ ਤੋਂ ਕਮਾਈ ਨੂੰ ਛੁਪਾਉਣ ਦਾ ਦੋਸ਼ੀ ਪਾਇਆ, ਜਿਸ ਤੋਂ ਬਾਅਦ ਉਹ ਸੰਸਦ ਦੀ ਮੈਂਬਰਸ਼ਿਪ ਗੁਆ ਬੈਠੇ। ਨਾਲ ਹੀ ਇਮਰਾਨ ਖ਼ਾਨ 'ਤੇ 5 ਸਾਲ ਲਈ ਚੋਣ ਲੜਨ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਇਸ ਦੇ ਨਾਲ ਹੀ ਇਸ ਫ਼ੈਸਲੇ ਤੋਂ ਬਾਅਦ ਇਮਰਾਨ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਨੇਤਾਵਾਂ ਨਾਲ ਕਈ ਬੈਠਕਾਂ ਕੀਤੀਆਂ ਅਤੇ ਕਾਨੂੰਨੀ ਤੌਰ 'ਤੇ ਅਯੋਗਤਾ ਦੇ ਮਾਮਲੇ 'ਚ ਆਪਣਾ ਕਦਮ ਚੁੱਕਣ ਦੀ ਗੱਲ ਕੀਤੀ।
ਹਾਲਾਂਕਿ ਇਸ ਫੈਸਲੇ ਤੋਂ ਬਾਅਦ ਇਸ ਸਮੇਂ ਭੰਬਲਭੂਸਾ ਬਣਿਆ ਹੋਇਆ ਹੈ ਕਿ ਕੀ ਪੰਜ ਸਾਲ ਦੀ ਪਾਬੰਦੀ ਮੌਜੂਦਾ ਵਿਧਾਨ ਸਭਾ ਦੇ ਪੰਜ ਸਾਲ ਦੇ ਕਾਰਜਕਾਲ ਤੱਕ ਰਹੇਗੀ ਜਾਂ ਕੀ ਇਹ ਪਾਬੰਦੀ ਚੋਣ ਕਮਿਸ਼ਨ ਦੇ ਫ਼ੈਸਲੇ ਦੀ ਮਿਤੀ ਤੋਂ ਸ਼ੁਰੂ ਹੋਵੇਗੀ। ਨੈਸ਼ਨਲ ਅਸੈਂਬਲੀ ਦਾ ਮੌਜੂਦਾ ਕਾਰਜਕਾਲ ਅਗਸਤ 2018 ਵਿੱਚ ਸ਼ੁਰੂ ਹੋਇਆ ਸੀ। ਇਮਰਾਨ ਖ਼ਾਨ ਨੇ ਅਪ੍ਰੈਲ 'ਚ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਇਸ ਨੂੰ ਸਵੀਕਾਰ ਨਹੀਂ ਕੀਤਾ ਗਿਆ ਸੀ।