AQI drops in Lahore, Pakistan : ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿੱਚ ਪ੍ਰਦੂਸ਼ਣ ਕਾਰਨ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣ ਗਿਆ ਹੈ। ਸ਼ਹਿਰ ਦੇ ਚਾਰੇ ਪਾਸੇ ਕਾਲਾ ਜ਼ਹਿਰੀਲਾ ਧੂੰਆਂ ਫੈਲਿਆ ਹੋਇਆ ਹੈ, ਜਿਸ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਲਾਹੌਰ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 1900 ਨੂੰ ਪਾਰ ਕਰ ਗਿਆ ਹੈ। ਰਿਪੋਰਟਾਂ ਦੇ ਅਨੁਸਾਰ, ਪਾਕਿਸਤਾਨ ਵਿੱਚ ਲਗਭਗ 15,000 ਮਰੀਜ਼ ਦਮੇ, ਸਾਹ ਲੈਣ ਵਿੱਚ ਮੁਸ਼ਕਲ ਦੇ ਨਾਲ-ਨਾਲ ਸਾਹ ਦੀਆਂ ਹੋਰ ਸਮੱਸਿਆਵਾਂ ਕਾਰਨ ਹਸਪਤਾਲਾਂ ਵਿੱਚ ਦਾਖਲ ਹਨ।
ਸਿਹਤ ਮਾਹਿਰਾਂ ਨੇ ਦਿੱਤੀ ਚੇਤਾਵਨੀ
ਲਾਹੌਰ ਦੀ ਸਥਿਤੀ ਨੂੰ ਦੇਖਦਿਆਂ ਹੋਇਆਂ ਸਿਹਤ ਮਾਹਿਰਾਂ ਨੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਦੂਸ਼ਣ ਸਬੰਧੀ ਤੁਰੰਤ ਕਦਮ ਨਾ ਚੁੱਕੇ ਗਏ ਤਾਂ ਸਥਿਤੀ ਹੋਰ ਵੀ ਭਿਆਨਕ ਹੋ ਸਕਦੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਪ੍ਰਦੂਸ਼ਣ ਦੇ ਮੁੱਖ ਸਰੋਤਾਂ ਦੀ ਪਛਾਣ ਕਰਕੇ ਉਨ੍ਹਾਂ 'ਤੇ ਪੂਰਾ ਕੰਟਰੋਲ ਲਗਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਪਬਲਿਕ ਟਰਾਂਸਪੋਰਟ ਦੀ ਵਰਤੋਂ ਕਰਨ ਨੂੰ ਲੈਕੇ ਉਤਸ਼ਾਹਿਤ ਕਰਨ ਦੀ ਗੱਲ ਕਹੀ ਅਤੇ ਪ੍ਰਾਈਵੇਟ ਵਾਹਨਾਂ ਦੀ ਗਿਣਤੀ ਘਟਾਉਣ ਲਈ ਵੀ ਕਦਮ ਚੁੱਕਣ ਦੀ ਵੀ ਗੱਲ ਆਖੀ।
ਤੁਹਾਨੂੰ ਦੱਸ ਦਈਏ ਕਿ ਲਾਹੌਰ ਦੇ ਇਸ ਪ੍ਰਦੂਸ਼ਿਤ ਵਾਤਾਵਰਣ ਦਾ ਮੁੱਖ ਕਾਰਨ ਵਾਹਨਾਂ ਦਾ ਨਿਕਾਸ, ਨਿਰਮਾਣ ਸਥਾਨਾਂ ਤੋਂ ਉੱਡਦੀ ਧੂੜ ਅਤੇ ਉਦਯੋਗਿਕ ਪ੍ਰਦੂਸ਼ਣ ਦੱਸਿਆ ਗਿਆ ਹੈ। ਅਜਿਹੀ ਸਥਿਤੀ ਵਿੱਚ, ਮਾਹਰਾਂ ਨੇ ਲੋਕਾਂ ਨੂੰ ਮਾਸਕ ਪਾਉਣ, ਘਰ ਦੇ ਅੰਦਰ ਰਹਿਣ ਅਤੇ ਏਅਰ ਪਿਊਰੀਫਾਇਰ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ।
ਰਿਪੋਰਟਾਂ ਅਨੁਸਾਰ ਲਾਹੌਰ ਦੇ ਹਸਪਤਾਲਾਂ ਵਿੱਚ ਸਾਹ ਲੈਣ ਵਿੱਚ ਤਕਲੀਫ਼, ਸੁੱਕੀ ਖੰਘ, ਨਿਮੋਨੀਆ ਅਤੇ ਦਿਲ ਦੀਆਂ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਭੀੜ ਲੱਗੀ ਹੋਈ ਹੈ। ਪਾਕਿਸਤਾਨ ਦੇ ਸਰਕਾਰੀ ਹਸਪਤਾਲਾਂ ਵਿੱਚ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਜਿਸ ਤਹਿਤ ਮੇਯੋ ਹਸਪਤਾਲ ਵਿੱਚ 4 ਹਜ਼ਾਰ ਤੋਂ ਵੱਧ ਮਰੀਜ਼, ਜਿਨਾਹ ਹਸਪਤਾਲ ਵਿੱਚ 3500 ਤੋਂ ਵੱਧ ਮਰੀਜ਼, ਗੰਗਾਰਾਮ ਹਸਪਤਾਲ ਵਿੱਚ 3 ਹਜ਼ਾਰ ਤੋਂ ਵੱਧ ਮਰੀਜ਼ ਅਤੇ ਚਿਲਡਰਨ ਹਸਪਤਾਲ ਵਿੱਚ 2 ਹਜ਼ਾਰ ਤੋਂ ਵੱਧ ਮਰੀਜ਼ ਦਾਖ਼ਲ ਹਨ।
ਪਾਕਿਸਤਾਨ ਦੇ ਮੈਡੀਕਲ ਮਾਹਿਰ ਅਸ਼ਰਫ ਜ਼ਿਆ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਖਤਰਨਾਕ ਮਾਹੌਲ ਵਿੱਚ ਦਿਲ ਦੀਆਂ ਗੰਭੀਰ ਬਿਮਾਰੀਆਂ ਤੋਂ ਪੀੜਤ ਬੱਚਿਆਂ ਅਤੇ ਮਰੀਜ਼ਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਇਸ ਖਤਰਨਾਕ ਧੂੰਏਂ ਦੇ ਸਿੱਧੇ ਸੰਪਰਕ ਵਿੱਚ ਨਹੀਂ ਆਉਣ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੁਝ ਹਿੱਸਿਆਂ ਵਿੱਚ 10 ਨਵੰਬਰ ਨੂੰ AQI 1900 ਤੋਂ ਵੱਧ ਦਰਜ ਕੀਤਾ ਗਿਆ ਸੀ। ਹਾਲਾਂਕਿ 12 ਨਵੰਬਰ ਨੂੰ ਇਹ 604 ਦਰਜ ਕੀਤਾ ਗਿਆ ਸੀ।