ਚੰਡੀਗੜ੍ਹ: ਪਾਕਿਸਤਾਨ ਸਰਕਾਰ ਅਗਲੇ ਸਾਲ ਆ ਰਹੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਸਹਿਮਤ ਹੋ ਗਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਲਾਹਕਾਰਾਂ ਨਾਲ ਵੱਖ-ਵੱਖ ਪਹਿਲੂਆਂ 'ਤੇ ਵਿਚਾਰ ਕਰਨ ਤੋਂ ਬਾਅਦ ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਐਲਾਨ ਛੇਤੀ ਹੀ ਕੀਤਾ ਜਾ ਸਕਦਾ ਹੈ।
ਦਰਅਸਲ, ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਬੀਤੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਲਾਸਾ ਕੀਤਾ ਕਿ ਪਾਕਿਸਤਾਨ ਕਰਤਾਰਪੁਰ ਲਾਂਘੇ 'ਤੇ ਕੰਮ ਕਰ ਰਿਹਾ ਹੈ। ਚੌਧਰੀ ਨੇ ਕਿਹਾ ਕਿ ਸਰਕਾਰ ਕਰਤਾਰਪੁਰ ਲਾਂਘੇ ਬਾਰੇ ਤਜਵੀਜ਼ ਤਿਆਰ ਕਰ ਰਹੀ ਹੈ ਅਤੇ ਲੋੜੀਂਦੇ ਢਾਂਚੇ ਦੀ ਸਥਾਪਨਾ ਬਾਰੇ ਵੀ ਵਿਚਾਰ ਕਰ ਰਹੀ ਹੈ ਤਾਂ ਜੋ ਅਗਲੇ ਸਾਲ ਗੁਰੂ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤਾਂ ਮਨਾਉਣ ਲਈ ਕਰਤਾਰਪੁਰ ਸਾਹਿਬ ਆ ਸਕਣ। ਇਮਰਾਨ ਸਰਕਾਰ ਦਾ ਇਹ ਫੈਸਲਾ ਭਾਰਤ-ਪਾਕਿ ਰਿਸ਼ਤਿਆਂ ਵਿੱਚ ਭਰੀ ਕੁੜੱਤਣ ਨੂੰ ਯਕੀਨੀ ਤੌਰ 'ਤੇ ਘੱਟ ਕਰ ਸਕਦਾ ਹੈ। ਮੰਤਰੀ ਨੇ ਕਿਹਾ ਕਿ ਉਹ ਭਾਰਤ ਸਰਕਾਰ ਦੀ ਜਵਾਬ ਦੀ ਉਡੀਕ ਕਰ ਰਹੇ ਹਨ।
ਗੁਰੂ ਨਾਨਕ ਦੇਵ ਜੀ ਦੇ ਅੰਤਲੇ ਸਮੇਂ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਸਿੱਖਾਂ ਲਈ ਵਿਸ਼ੇਸ਼ ਸਥਾਨ ਰੱਖਦਾ ਹੈ। ਜੇਕਰ ਪਾਕਿਸਤਾਨ ਸਰਕਾਰ ਇਸ ਦੇ ਖੁੱਲ੍ਹਣ ਦਾ ਐਲਾਨ ਕਰ ਦਿੰਦੀ ਹੈ ਤਾਂ ਸ਼ਰਧਾਲੂ ਬਗ਼ੈਰ ਵੀਜ਼ਾ ਦੇ ਇਸ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ। ਦੋਵਾਂ ਦੇਸ਼ਾਂ ਵੱਲੋਂ ਅਜਿਹਾ ਕਰਨਾ ਇਸ ਕਰਕੇ ਵੀ ਮੁਮਕਿਨ ਹੈ ਕਿਉਂਕਿ ਭਾਰਤੀ ਸਰਹੱਦ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਦੂਰੀ ਮਹਿਜ਼ 5-6 ਕਿਲੋਮੀਟਰ ਹੈ।
ਇਸ ਰਜ਼ਾਮੰਦੀ ਤੋਂ ਬਾਅਦ ਆਪਣੀ ਪਾਕਿ ਫੇਰੀ ਕਰਕੇ ਵਿਵਾਦ ਖੱਟਣ ਵਾਲੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਹੁਣ ਬੱਲੇ-ਬੱਲੇ ਹੋ ਰਹੀ ਹੈ, ਉੱਥੇ ਹੀ ਪਾਕਿਸਤਾਨ ਸਰਕਾਰ ਦੇ ਐਲਾਨ ਤੋਂ ਬਾਅਦ ਭਾਰਤ ਦੀ ਮੋਦੀ ਸਰਕਾਰ ਬੇਹੱਦ ਮੁਸ਼ਕਲ ਵਿੱਚ ਫਸ ਸਕਦੀ ਹੈ। ਭਾਰਤੀ ਏਜੰਸੀਆਂ ਇਸ ਲਾਂਘੇ ਦੇ ਖੁੱਲ੍ਹਣ ਨੂੰ ਸੁਰੱਖਿਆ ਦੇ ਲਿਹਾਜ਼ ਨਾਲ ਸਹੀ ਨਹੀਂ ਮੰਨਦੀਆਂ, ਉੱਧਰੋਂ ਅਗਲੇ ਵਰ੍ਹੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਕਾਰਨ ਭਾਜਪਾ ਉੱਪਰ ਬੇਹੱਦ ਦਬਾਅ ਹੋਵੇਗਾ।