Pakistan New PM: ਪਾਕਿਸਤਾਨ ਦੀ ਸੰਸਦ ਨੇ PML (N) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਚੁਣ ਲਿਆ ਹੈ। ਇਸ ਦੌਰਾਨ ਇਮਰਾਨ ਖਾਨ ਦੀ ਪਾਰਟੀ ਪੀਟੀਆਈ ਨੇ ਸਦਨ ਦਾ ਬਾਈਕਾਟ ਕੀਤਾ। ਸ਼ਾਹਬਾਜ਼ ਰਾਤ 8 ਵਜੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ।


ਪਾਕਿਸਤਾਨ ਦੀ ਸੰਸਦ ਨੇ ਸ਼ਾਹਬਾਜ਼ ਸ਼ਰੀਫ ਨੂੰ ਨਵਾਂ ਪ੍ਰਧਾਨ ਮੰਤਰੀ ਚੁਣ ਲਿਆ ਹੈ। ਉਨ੍ਹਾਂ ਦੇ ਹੱਕ ਵਿੱਚ 174 ਵੋਟਾਂ ਪਈਆਂ। ਸਪੀਕਰ ਅਯਾਜ਼ ਸਾਦਿਕ ਨੇ ਇਹ ਐਲਾਨ ਕੀਤਾ। ਇਮਰਾਨ ਖਾਨ ਦੀ ਪਾਰਟੀ ਪੀਟੀਆਈ ਦੇ ਸੰਸਦ ਮੈਂਬਰਾਂ ਵੱਲੋਂ ਸੰਸਦ ਵਿੱਚ ਵੋਟਿੰਗ ਦਾ ਬਾਈਕਾਟ ਕੀਤਾ ਗਿਆ। ਸ਼ਾਹਬਾਜ਼ ਸ਼ਰੀਫ ਭਾਰਤੀ ਸਮੇਂ ਅਨੁਸਾਰ ਰਾਤ ਕਰੀਬ 8.30 ਵਜੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਸ਼ਾਹਬਾਜ਼ ਪਾਕਿਸਤਾਨ ਦੇ 23ਵੇਂ ਪ੍ਰਧਾਨ ਮੰਤਰੀ ਬਣ ਗਏ ਹਨ।


ਸ਼ਾਹਬਾਜ਼ ਸ਼ਰੀਫ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਭਰਾ ਹਨ। ਸੰਸਦ 'ਚ ਵੋਟਿੰਗ ਦੌਰਾਨ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਨਵਾਜ਼ ਵੀ ਦਰਸ਼ਕ ਗੈਲਰੀ 'ਚ ਮੌਜੂਦ ਸੀ। ਸ਼ਾਹਬਾਜ਼ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।


ਸ਼ਾਹਬਾਜ਼ ਸ਼ਰੀਫ ਨੇ ਪ੍ਰਧਾਨ ਮੰਤਰੀ ਚੁਣੇ ਜਾਣ ਤੋਂ ਬਾਅਦ ਸੰਸਦ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਬੇਭਰੋਸਗੀ ਦਾ ਵੋਟ ਪਿਆ ਹੈ ਅਤੇ ਪ੍ਰਧਾਨ ਮੰਤਰੀ ਕੁਰਸੀ ਗੁਆ ਬੈਠੇ ਹਨ। ਮੈਂ ਪਾਕਿਸਤਾਨ ਦੀ ਸੁਪਰੀਮ ਕੋਰਟ ਦਾ ਧੰਨਵਾਦ ਕਰਦਾ ਹਾਂ। ਉਸ ਨੇ ਕਾਨੂੰਨ ਨੂੰ ਬਰਕਰਾਰ ਰੱਖਿਆ ਹੈ। ਸੁਪਰੀਮ ਕੋਰਟ ਨੇ ਸਖ਼ਤ ਸੰਦੇਸ਼ ਦਿੱਤਾ ਹੈ। 


ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਮੈਂ ਨਵਾਜ਼ ਸ਼ਰੀਫ ਨੂੰ ਸਲਾਮ ਕਰਦਾ ਹਾਂ। ਉਨ੍ਹਾਂ ਕਿਹਾ ਕਿ ਕਰਜ਼ੇ ਦੀ ਜ਼ਿੰਦਗੀ ਜ਼ਿੰਦਗੀ ਨਹੀਂ ਹੁੰਦੀ। ਸ਼ਾਹਬਾਜ਼ ਨੇ ਇਮਰਾਨ ਖਾਨ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਿਜ ਕਰਦੇ ਹੋਏ ਕਿਹਾ ਕਿ ਇੱਥੇ ਕੋਈ ਗੱਦਾਰ ਨਹੀਂ ਸੀ ਅਤੇ ਨਾ ਹੀ ਹੈ।


ਇਮਰਾਨ ਖਾਨ ਨੇ ਦਿੱਤਾ ਅਸਤੀਫਾ


ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਜ਼ਿਆਦਾਤਰ ਸੰਸਦ ਮੈਂਬਰਾਂ ਨੇ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਲਈ ਵੋਟਿੰਗ ਤੋਂ ਪਹਿਲਾਂ ਨੈਸ਼ਨਲ ਅਸੈਂਬਲੀ ਤੋਂ ਅਸਤੀਫ਼ਾ ਦੇ ਦਿੱਤਾ ਹੈ।


ਐਤਵਾਰ ਨੂੰ ਇਮਰਾਨ ਖਾਨ ਨੂੰ ਬੇਭਰੋਸਗੀ ਮਤੇ ਰਾਹੀਂ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਖਾਨ ਦੇਸ਼ ਦੇ ਇਤਿਹਾਸ ਵਿੱਚ ਸਦਨ ਦਾ ਵਿਸ਼ਵਾਸ ਗੁਆਉਣ ਤੋਂ ਬਾਅਦ ਅਹੁਦਾ ਗੁਆਉਣ ਵਾਲੇ ਪਹਿਲੇ ਪ੍ਰਧਾਨ ਮੰਤਰੀ ਬਣੇ।


ਪਾਕਿਸਤਾਨ 1947 ਵਿੱਚ ਹੋਂਦ ਵਿੱਚ ਆਉਣ ਤੋਂ ਬਾਅਦ ਕਈ ਸ਼ਾਸਨ ਤਬਦੀਲੀਆਂ ਅਤੇ ਫੌਜੀ ਤਖਤਾਪਲਟ ਨਾਲ ਸਿਆਸੀ ਅਸਥਿਰਤਾ ਨਾਲ ਜੂਝ ਰਿਹਾ ਹੈ। ਹੁਣ ਤੱਕ ਕਿਸੇ ਵੀ ਪ੍ਰਧਾਨ ਮੰਤਰੀ ਨੇ ਪੂਰਾ ਪੰਜ ਸਾਲ ਦਾ ਕਾਰਜਕਾਲ ਪੂਰਾ ਨਹੀਂ ਕੀਤਾ ਹੈ।