ਜੰਮੂ-ਕਸ਼ਮੀਰ ਵਿੱਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕਰ ਰਿਹਾ ਹੈ। ਭਾਰਤ ਨੇ ਸਿੰਧੂ ਜਲ ਸੰਧੀ 'ਤੇ ਰੋਕ ਲਗਾ ਦਿੱਤੀ ਹੈ ਤੇ ਪਾਕਿਸਤਾਨ ਦੇ ਲੋਕਾਂ ਨੂੰ ਦੇਸ਼ ਛੱਡਣ ਲਈ ਕਿਹਾ ਹੈ। ਹੁਣ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਵੀ ਇਸ ਮਾਮਲੇ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਪਾਕਿਸਤਾਨ ਮਿਲਟਰੀ ਅਕੈਡਮੀ ਕਾਕੁਲ ਦੀ ਪਾਸਿੰਗ ਆਊਟ ਪਰੇਡ ਨੂੰ ਸੰਬੋਧਨ ਕਰਦੇ ਹੋਏ, ਪਾਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਭਾਰਤ ਨੂੰ ਧਮਕੀ ਦਿੱਤੀ। ਉਨ੍ਹਾਂ ਕਿਹਾ, "ਅਸੀਂ ਭਾਰਤ ਦੇ ਹਰ ਹਮਲੇ ਦਾ ਜਵਾਬ ਦੇਵਾਂਗੇ।" ਇਸ ਤੋਂ ਪਹਿਲਾਂ, ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਅਤੇ ਪਾਕਿਸਤਾਨ ਪੀਪਲਜ਼ ਪਾਰਟੀ (PPP) ਦੇ ਮੁਖੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਸਿੰਧੂ ਜਲ ਸਮਝੌਤੇ 'ਤੇ ਭਾਰਤ ਨੂੰ ਸਿੱਧੀ ਧਮਕੀ ਦਿੱਤੀ ਸੀ। ਉਨ੍ਹਾਂ ਕਿਹਾ, "ਮੈਂ ਸਿੰਧੂ ਨਦੀ ਦੇ ਕੰਢੇ ਖੜ੍ਹਾ ਹੋ ਕੇ ਭਾਰਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਸਿੰਧੂ ਸਾਡੀ ਹੈ ਅਤੇ ਇਹ ਸਾਡੀ ਹੀ ਰਹੇਗੀ। ਜਾਂ ਤਾਂ ਸਾਡਾ ਪਾਣੀ ਇਸ ਨਦੀ ਵਿੱਚੋਂ ਵਹਿੇਗਾ ਜਾਂ ਉਨ੍ਹਾਂ ਦਾ ਖੂਨ ਇਸ ਵਿੱਚ ਵਹਿੇਗਾ।"

ਪਾਕਿਸਤਾਨ ਨੇ ਕਿਹਾ ਕਿ ਸਿੰਧੂ ਜਲ ਸਮਝੌਤੇ ਤਹਿਤ ਪਾਕਿਸਤਾਨ ਨੂੰ ਜਾਣ ਵਾਲੇ ਪਾਣੀ ਦੇ ਵਹਾਅ ਨੂੰ ਰੋਕਣ ਜਾਂ ਮੋੜਨ ਦੀ ਕੋਈ ਵੀ ਕੋਸ਼ਿਸ਼ ਜੰਗ ਛੇੜਨ ਦੇ ਬਰਾਬਰ ਹੋਵੇਗੀ। ਇਸ ਦੇ ਨਾਲ ਹੀ ਇਸਨੇ ਪਹਿਲਗਾਮ ਹਮਲੇ ਦੇ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਦੇਸ਼ ਵਿਰੁੱਧ ਚੁੱਕੇ ਗਏ ਕਦਮਾਂ ਦੇ ਜਵਾਬ ਵਿੱਚ ਭਾਰਤ ਨਾਲ ਵਪਾਰ, ਸ਼ਿਮਲਾ ਸਮਝੌਤਾ ਸਮੇਤ ਦੁਵੱਲੇ ਸਮਝੌਤਿਆਂ ਅਤੇ ਹਵਾਈ ਖੇਤਰ ਨੂੰ ਬੰਦ ਕਰਨ ਦਾ ਐਲਾਨ ਕੀਤਾ ਸੀ।

ਭਾਰਤ ਨੇ ਵਿਸ਼ਵ ਬੈਂਕ ਦੀ ਵਿਚੋਲਗੀ ਹੇਠ 1960 ਵਿੱਚ ਦਸਤਖਤ ਕੀਤੇ ਗਏ ਸਿੰਧੂ ਜਲ ਸਮਝੌਤੇ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਸੰਧੀ ਭਾਰਤ ਤੇ ਪਾਕਿਸਤਾਨ ਵਿਚਕਾਰ ਪਾਣੀ ਦੀ ਵੰਡ ਦੇ ਸੰਬੰਧ ਵਿੱਚ ਬਹੁਤ ਮਹੱਤਵਪੂਰਨ ਰਹੀ ਹੈ। ਲਗਾਤਾਰ ਅੱਤਵਾਦੀ ਗਤੀਵਿਧੀਆਂ ਤੇ ਪਾਕਿਸਤਾਨ ਦੀ ਸਹਿਯੋਗ ਨਾ ਕਰਨ ਵਾਲੀ ਭੂਮਿਕਾ ਦੇ ਕਾਰਨ, ਭਾਰਤ ਨੇ ਹੁਣ ਇਸਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ, ਜਿਸ ਤੋਂ ਬਾਅਦ ਪਾਕਿਸਤਾਨ ਲਗਾਤਾਰ ਭਾਰਤ ਨੂੰ ਚੇਤਾਵਨੀ ਦੇ ਰਿਹਾ ਹੈ।

ਪਾਕਿਸਤਾਨ ਨੇ ਸਾਰਕ ਵੀਜ਼ਾ ਛੋਟ ਯੋਜਨਾ (SVES) ਤਹਿਤ ਭਾਰਤੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਸਾਰੇ ਵੀਜ਼ੇ ਵੀ ਮੁਅੱਤਲ ਕਰ ਦਿੱਤੇ ਹਨ ਅਤੇ ਸਿੱਖ ਸ਼ਰਧਾਲੂਆਂ ਨੂੰ ਛੱਡ ਕੇ ਸਾਰੇ ਵੀਜ਼ੇ ਰੱਦ ਮੰਨੇ ਜਾਣਗੇ।