ਪਾਕਿਸਤਾਨ (Pakistan) ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਵਿਰੋਧੀ ਧਿਰ ਵੱਲੋਂ ਪੇਸ਼ ਕੀਤੇ ਗਏ ਬੇਭਰੋਸਗੀ ਮਤੇ (Imran Khan No-trust Motion) ਨੂੰ ਐਤਵਾਰ ਨੂੰ ਰੱਦ ਕਰ ਦਿੱਤਾ ਗਿਆ ਹੈ। ਨੈਸ਼ਨਲ ਅਸੈਂਬਲੀ (ਪਾਕਿਸਤਾਨ ਪਾਰਲੀਮੈਂਟ) ਦੇ ਡਿਪਟੀ ਸਪੀਕਰ ਕਾਸਿਮ ਖਾਨ ਸੂਰੀ (Qasim Khan Suri) ਨੇ ਐਤਵਾਰ ਨੂੰ ਬੇਭਰੋਸਗੀ ਮਤੇ ਨੂੰ ਅਸੰਵਿਧਾਨਕ ਕਰਾਰ ਦਿੰਦੇ ਹੋਏ ਰੱਦ ਕਰ ਦਿੱਤਾ ਹੈ। 

 

ਜਿਸ ਨਾਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡੀ ਰਾਹਤ ਮਿਲ ਗਈ ਹੈ। ਸਪੀਕਰ ਨੇ ਵਿਦੇਸ਼ੀ ਸਾਜ਼ਿਸ਼ ਦਾ ਦੋਸ਼ ਲਾਉਂਦਿਆਂ ਬੇਭਰੋਸਗੀ ਦਾ ਮਤਾ ਰੱਦ ਕਰ ਦਿੱਤਾ ਹੈ ਅਤੇ ਸਦਨ ਵਿੱਚ ਵੋਟਿੰਗ ਨਹੀਂ ਹੋਣ ਦਿੱਤੀ ਹੈ। ਇਸ ਨਾਲ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ। ਸੰਸਦ ਦੀ ਅਗਲੀ ਬੈਠਕ 25 ਅਪ੍ਰੈਲ ਨੂੰ ਹੋਵੇਗੀ। 

 

ਇਸ ਤੋਂ ਬਾਅਦ ਇਮਰਾਨ ਖਾਨ ਨੇ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਬੇਭਰੋਸਗੀ ਮਤੇ ਨੂੰ ਰੱਦ ਕਰਨ ਦਾ ਫੈਸਲਾ ਸਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਰਾਸ਼ਟਰਪਤੀ ਨੂੰ ਦੇਸ਼ ਦੀ ਸੰਸਦ ਭੰਗ ਕਰਨ ਦੀ ਸਿਫਾਰਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਬੇਭਰੋਸਗੀ ਮਤਾ ਪਾਕਿਸਤਾਨ ਦੇ ਸੰਵਿਧਾਨ ਦੀ ਧਾਰਾ 5 ਦੇ ਖ਼ਿਲਾਫ਼ ਹੈ। ਇੱਥੇ ਵਰਣਨਯੋਗ ਹੈ ਕਿ ਵਿਰੋਧੀ ਪਾਰਟੀਆਂ ਵਲੋਂ ਸਪੀਕਰ ਅਸਦ ਕੈਸਰ ਦੇ ਖਿਲਾਫ ਬੇਭਰੋਸਗੀ ਮਤਾ ਦਾਇਰ ਕੀਤਾ ਗਿਆ ਸੀ। ਇਸ ਤੋਂ ਬਾਅਦ ਸੂਰੀ ਨੇ ਇਸ ਅਹਿਮ ਸੈਸ਼ਨ ਦੀ ਪ੍ਰਧਾਨਗੀ ਕੀਤੀ।

 


ਦੱਸ ਦੇਈਏ ਕਿ ਪੀਟੀਆਈ ਦੇ ਸਿਰਫ਼ 22 ਸੰਸਦ ਮੈਂਬਰ ਪਾਕਿਸਤਾਨ ਦੀ ਸੰਸਦ ਵਿੱਚ ਪੁੱਜੇ ਸਨ। ਜਦਕਿ ਪਾਰਟੀ ਨੇ 142 ਸੰਸਦ ਮੈਂਬਰਾਂ ਦੇ ਸਮਰਥਨ ਦਾ ਦਾਅਵਾ ਕੀਤਾ ਹੈ। ਜਦਕਿ ਵਿਰੋਧੀ ਧਿਰ ਦੇ 176 ਸੰਸਦ ਮੈਂਬਰ ਪਾਰਲੀਮੈਂਟ ਪਹੁੰਚੇ ਸਨ। ਇਸ ਤੋਂ ਪਹਿਲਾਂ ਅੱਜ ਸਵੇਰੇ ਪਾਕਿਸਤਾਨ ਦੇ ਇੱਕ ਨਵੇਂ ਵਿਕਾਸ ਵਿੱਚ ਪੁਰਾਣੇ ਗਵਰਨਰ ਨੂੰ ਹਟਾ ਦਿੱਤਾ ਗਿਆ ਸੀ ਅਤੇ ਨਵਾਂ ਗਵਰਨਰ ਉਮਰ ਸਰਫਰਾਜ਼ ਚੀਮਾ ਨੂੰ ਨਿਯੁਕਤ ਕੀਤਾ ਗਿਆ ਸੀ ।