ਚੰਡੀਗੜ੍ਹ: ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਤੇ ਦੋਵਾਂ ਦੇਸ਼ਾਂ ਦੇ ਸਿਆਸੀ ਦਲਾਂ ਨੂੰ ਕੋਈ ਵੀ ਅਜਿਹਾ ਕਦਮ ਚੁੱਕਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਜਿਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੋਵੇ, ਕਿਉਂਕਿ ਇਸ ਲਾਂਘੇ ਨਾਲ ਦੁਨੀਆ ਭਰ 'ਚ ਵੱਸਦੀ ਨਾਨਕ ਲੇਵਾ ਸੰਗਤ ਦੀ ਸ਼ਰਧਾ ਤੇ ਅਰਦਾਸ ਜੁੜੀ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ 'ਤੇ ਸਾਰੀਆਂ ਸਬੰਧਿਤ ਧਿਰਾਂ ਨੂੰ ਕਿਸੇ ਕਿਸਮ ਦੀ ਸਿਆਸਤ ਨਾ ਕਰਨ ਦੀ ਅਪੀਲ ਕੀਤੀ ਹੈ।
ਹਰਪਾਲ ਸਿੰਘ ਚੀਮਾ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਹੋਈ ਤਾਜ਼ਾ ਬੈਠਕ ਦੌਰਾਨ ਦੋਵਾਂ ਦੇਸ਼ਾਂ ਵਿਚਕਾਰ ਉੱਭਰੇ ਮਤਭੇਦਾਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਦੀ ਸਰਕਾਰ ਵੱਲੋਂ ਗਠਿਤ ਕਮੇਟੀ 'ਤੇ ਭਾਰਤ ਸਰਕਾਰ ਵੱਲੋਂ ਕੀਤੇ ਗਏ ਇਤਰਾਜ਼ਾਂ ਨੂੰ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਇਸ ਪਵਿੱਤਰ ਕਾਰਜ ਲਈ ਗਠਿਤ ਕਮੇਟੀ 'ਚ ਕੋਈ ਵੀ ਅਜਿਹਾ ਨਾਮ ਸ਼ਾਮਲ ਨਹੀਂ ਕਰਨਾ ਚਾਹੀਦਾ, ਜਿਸ 'ਤੇ ਉਂਗਲਾਂ ਉੱਠਦੀਆਂ ਹੋਣ।
ਚੀਮਾ ਨੇ ਕਿਹਾ ਕਿ ਇਸ ਲਈ ਸਾਰੀਆਂ ਧਿਰਾਂ ਮਿਲ ਬੈਠ ਕੇ ਸਾਰੇ ਮਸਲੇ ਤੇ ਮਤਭੇਦ ਦੂਰ ਕਰਨ ਤਾਂ ਕਿ ਕਿਸੇ ਵੀ ਕੀਮਤ 'ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਭਾਰਤ ਸਰਕਾਰ ਦੇ ਨਾਲ-ਨਾਲ ਪਾਕਿਸਤਾਨ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਕਾਰਜ ਨਾ ਕੇਵਲ ਨਿਰਧਾਰਿਤ ਸਮੇਂ ਦੇ ਅੰਦਰ ਸਗੋਂ ਤੈਅ ਸਮੇਂ ਤੋਂ ਪਹਿਲਾਂ ਪੂਰਾ ਕਰਵਾਉਣ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਏ-ਦੀਦਾਰ ਬਗੈਰ ਵੀਜ਼ਾ ਤੇ ਘੱਟੋ-ਘੱਟ ਸ਼ਰਤਾਂ 'ਤੇ ਆਧਾਰਿਤ ਹੋਣ ਸਬੰਧੀ ਵੀ ਮੰਗ ਕੀਤੀ।