ਇਸਲਾਮਾਬਾਦ: ਪਾਕਿਸਤਾਨ ਵਿੱਚ ਵੱਡਾ ਰੇਲ ਹਾਦਸਾ ਵਾਪਰਿਆ ਹੈ ਜਿਸ ਵਿਚ ਹੁਣ ਤੱਕ ਕਰੀਬ 50 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ 50 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਸਿੰਧ ਪ੍ਰਾਂਤ ਦੇ ਦਹਾਰਕੀ ਵਿੱਚ ਵਾਪਰਿਆ। ਇਹ ਸਥਾਨ ਇੱਥੋਂ ਦੇ ਘੋਟਕੀ ਜ਼ਿਲ੍ਹੇ ਵਿੱਚ ਸਥਿਤ ਹੈ। ਇੱਥੇ ਦੋ ਮੁਸਾਫਰ ਰੇਲ ਗੱਡੀਆਂ ਮਿੱਲਤ ਐਕਸਪ੍ਰੈਸ (ਯੂਪੀ) ਤੇ ਸਰ ਸਯਦ ਐਕਸਪ੍ਰੈਸ (ਡੀਐਨ) ਆਪਸ 'ਚ ਟਕਰਾ ਗਈਆਂ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕਰੀਬ 50 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਇਹ ਰੇਲ ਗੱਡੀਆਂ ਰੇਟੀ ਤੇ ਦਹਾਰਕੀ ਰੇਲਵੇ ਸਟੇਸ਼ਨ ਵਿਚਕਾਰ ਟਕਰਾ ਗਈਆਂ। ਮੀਡੀਆ ਰਿਪੋਰਟਾਂ ਵਿੱਚ ਇਹ ਕਿਹਾ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਰੇਲ ਅੰਦਰ ਫਸ ਗਏ ਹਨ। ਇਸ ਕਾਰਨ ਉਨ੍ਹਾਂ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਕੁਝ ਘੰਟਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਬਚਾਅ ਟੀਮ ਮੌਕੇ 'ਤੇ ਪਹੁੰਚ ਗਈ। ਇਸ ਤੋਂ ਬਾਅਦ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਉਹ ਇਹ ਨਹੀਂ ਦੱਸ ਸਕਦੇ ਕਿ ਰੇਲ ਸੇਵਾ ਮੁੜ ਸ਼ੁਰੂ ਹੋਣ ਵਿਚ ਕਿੰਨਾ ਸਮਾਂ ਲੱਗੇਗਾ। ਇੱਥੋਂ ਲੰਘਣ ਵਾਲੀਆਂ ਹੋਰ ਰੇਲ ਗੱਡੀਆਂ ਨੂੰ ਮੁਅੱਤਲ ਕੀਤਾ ਜਾ ਸਕਦਾ ਹੈ।
ਜੀਓ ਟੀਵੀ ਦੀ ਰਿਪੋਰਟ ਮੁਤਾਬਕ ਇਹ ਹਾਦਸਾ ਤੜਕੇ 3:45 ਵਜੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਯਾਤਰੀ ਫਸੇ ਹੋਏ ਹਨ ਜਿਨ੍ਹਾਂ ਨੂੰ ਸਿਰਫ ਰੇਲ ਕੱਟ ਕੇ ਹੀ ਉਤਾਰਿਆ ਜਾ ਸਕਦਾ ਹੈ। ਖ਼ਬਰਾਂ ਹਨ ਕਿ ਜ਼ਖਮੀਆਂ ਨੂੰ ਟਰੈਕਟਰ ਟਰਾਲੀ ਰਾਹੀਂ ਲਿਜਾਇਆ ਜਾ ਰਿਹਾ ਹੈ। ਰਿਪੋਰਟਾਂ ਮੁਤਾਬਕ ਮੈਡੀਕਲ ਟੀਮ ਰਾਤ ਕਰੀਬ 9.30 ਵਜੇ ਉੱਥੇ ਪਹੁੰਚੇਗੀ ਤੇ ਉਸ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਇਸ ਹਾਦਸੇ ਵਿੱਚ ਕਿੰਨਾ ਨੁਕਸਾਨ ਹੋਇਆ ਹੋਵੇਗਾ।
ਬਚਾਅ ਟੀਮ ਮੌਕੇ 'ਤੇ ਪਹੁੰਚੀ ਹੈ ਜਿਸ ਤੋਂ ਬਾਅਦ ਰਾਹਤ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਹਾਲਾਂਕਿ, ਭਾਰੀ ਕਟਰ ਤੇ ਮਸ਼ੀਨਰੀ ਅਜੇ ਤੱਕ ਇੱਥੇ ਨਹੀਂ ਪਹੁੰਚੀ। ਰੇਲ ਹਾਦਸੇ ਕਾਰਨ ਕਈ ਰੇਲ ਗੱਡੀਆਂ ਦੀ ਆਵਾਜਾਈ ਵੀ ਪ੍ਰਭਾਵਤ ਹੋਈ ਹੈ।
ਇਹ ਵੀ ਪੜ੍ਹੋ: World Food Safety Day 2021: ਜਾਣੋ ਇਤਿਹਾਸ, ਤਾਰੀਖ, ਥੀਮ ਅਤੇ ਜਾਗਰੂਕਤਾ ਵਧਾਉਣ ਵਾਲੇ ਕੋਟਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin