ਚੰਡੀਗੜ੍ਹ: ਪਾਕਿਸਤਾਨੀ ਨਾਗਰਿਕਾਂ ਨੇ ਸ਼ੁੱਕਰਵਾਰ ਨੂੰ ਆਪਣੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਹ ਮੰਗ ਪ੍ਰਧਾਨ ਮੰਤਰੀ ਵੱਲੋਂ ਕੱਲ੍ਹ ਸੰਸਦ ਵਿੱਚ ਕੀਤੇ ਐਲਾਨ ਤੋਂ ਬਾਅਦ ਕੀਤੀ ਜਾ ਰਹੀ ਹੈ। ਇਸ ਵਿੱਚ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਪਾਕਿ ਫੌਜ ਵੱਲੋਂ ਗ੍ਰਿਫ਼ਤਾਰ ਕੀਤੇ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਰਿਹਾਅ ਕਰੇਗੀ। ਉਨ੍ਹਾਂ ਨੂੰ ਅੱਜ ਵਾਹਗਾ ਸਰਹੱਦ ਰਾਹੀਂ ਭਾਰਤ ਹਵਾਲੇ ਕੀਤਾ ਜਾ ਰਿਹਾ ਹੈ।


ਇਸ ਸਬੰਧੀ ਸੋਸ਼ਲ ਮੀਡੀਆ ’ਤੇ ਕੰਪੇਨ ਸ਼ੁਰੂ ਕੀਤੀ ਗਈ ਹੈ। ਸ਼ੁੱਕਰਵਾਰ ਨੂੰ ਆਨਲਾਈਨ ਪਟੀਸ਼ਨ ’ਤੇ 50 ਹਜ਼ਾਰ ਤੋਂ ਵੱਧ ਲੋਕਾਂ ਨੇ ਹਸਤਾਖ਼ਰ ਕਰ ਦਿੱਤੇ। ਟਵਿੱਟਰ ’ਤੇ #NobelPeacePrizeForImranKhan ਹੈਸ਼ ਟੈਗ ਹੇਠ 22.6K ਟਵੀਟ ਕੀਤੇ ਜਾ ਚੁੱਕੇ ਹਨ। ਇਹ ਟੈਗ ਟ੍ਰੈਂਡ ਵੀ ਕਰ ਰਿਹਾ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪੀਐਮ ਇਮਰਾਨ ਖ਼ਾਨ ਦੀ ਮੁਲਕ ਵਿੱਚ ਸ਼ਾਂਤੀ ਸਥਾਪਤ ਕਰਨ ਤੇ ਅੱਤਵਾਦ ਦੇ ਬੜ੍ਹਾਵੇ ਨੂੰ ਰੋਕਣ ਦੇ ਕਦਮ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ। ਇਸ ਨੂੰ ਮਾਨਤਾ ਵੀ ਦਿੱਤੀ ਜਾਣੀ ਚਾਹੀਦੀ ਹੈ।


ਦਿਲਚਸਪ ਗੱਲ ਇਹ ਹੈ ਕਿ ਤਾਮਿਲਨਾਡੂ ਤੋਂ ਸ਼ੁਰੂ ਹੋਇਆ ਟ੍ਰੈਂਡ #GoBackModi ਵੀ ਪਾਕਿਸਤਾਨ ਦੇ ਟੌਪ 3 ਟ੍ਰੈਂਡਸ ਵਿੱਚ ਚੱਲ ਰਿਹਾ ਹੈ। ਇਸ ਤੋਂ ਇਲਾਵਾ #PakistanLeadsWithPeace ਤੇ #ThankYouImranKhan ਵੀ ਟ੍ਰੈਂਡ ਕਰ ਰਹੇ ਹਨ। ਦੱਸ ਦੇਈਏ ਕਿ ਪੀਐਮ ਇਮਰਾਨ ਖ਼ਾਨ ਇਸ ਤੋਂ ਪਹਿਲਾਂ ਵੀ ਭਾਰਤ ਨੂੰ ਗੱਲਬਾਤ ਲਈ ਸੱਦਾ ਦੇ ਚੁੱਕਾ ਹੈ। ਪੁਲਵਾਮਾ ਹਮਲੇ ਦੇ 5 ਦਿਨਾਂ ਬਾਅਦ ਪੀਐਮ ਖ਼ਾਨ ਨੇ ਭਾਰਤ ਨੂੰ ਗੱਲਬਾਤ ਦੀ ਪੇਸ਼ਕਸ਼ ਕੀਤੀ ਸੀ।