ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਦਾ ਸੋਮਵਾਰ ਨੂੰ ਨਿਊਯਾਰਕ ਵਿੱਚ ਸਖ਼ਤ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ। ਜੀਕੇ ਨਿਊਯਾਰਕ ਦੇ ਗੁਰਦੁਆਰੇ ਜਾ ਰਹੇ ਸੀ ਕਿ ਉੱਥੇ ਪੁੱਜਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਕਾਰ ਨੂੰ ਰੋਕਿਆ ਗਿਆ ਤੇ ਕਾਰ 'ਤੇ ਜੁੱਤੀਆਂ ਮਾਰ ਕੇ ਰੋਸ ਪ੍ਰਗਟਾਇਆ ਗਿਆ। ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਇਸ ਘਟਨਾ ਪਿੱਛੇ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੂੰ ਜ਼ਿੰਮੇਵਾਰ ਠਹਿਰਾਇਆ।

95 ਗੁਰਦੁਆਰਿਆਂ ਵਾਲੀ ਜਥੇਬੰਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂਐਸਏ) ਦੇ ਕਾਰਕੁਨਾਂ ਨੇ ਜੀਕੇ ਵਿਰੋਧ ਕੀਤਾ। ਜਾਣਕਾਰੀ ਮੁਤਾਬਕ ਜੀਕੇ ਨੂੰ ਬਰਗਾੜੀ ਵਿਖੇ ਸਿੱਖ ਨੌਜਵਾਨਾਂ ਦੀ ਮੌਤਾਂ ਕਾਰਨ ਰੋਸ ਦਾ ਸਾਹਮਣਾ ਕਰਨਾ ਪਿਆ ਹੈ। ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਆਗੂ ਹਿੰਮਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਬਰਗਾੜੀ ਵਿੱਚ ਵਾਪਰੇ ਗੋਲ਼ੀਕਾਂਡ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਜ਼ਿੰਮੇਵਾਰ ਹੈ। ਉਸ ਨੇ ਕਿਹਾ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਇਹ ਸਾਫ਼ ਹੋ ਗਿਆ ਹੈ ਕਿ ਇਨ੍ਹਾਂ ਘਟਨਾਵਾਂ ਵਿੱਚ ਸਰਕਾਰੀ ਮਸ਼ਨੀਰੀ ਦੀ ਰੱਜ ਕੇ ਦੁਰਵਰਤੋਂ ਕੀਤੀ ਗਈ।



ਹਿੰਮਤ ਸਿੰਘ ਨੇ ਦੱਸਿਆ ਕਿ ਸਿੱਖ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਵੀ ਲੀਡਰ ਇੱਥੇ ਆਵੇਗਾ, ਉਸ ਦਾ ਇਸੇ ਤਰ੍ਹਾਂ ਵਿਰੋਧ ਕੀਤਾ ਜਾਵੇਗਾ ਤੇ ਗੁਰੂ ਘਰਾਂ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਜੀਕੇ ਨਿਊਯਾਰਕ ਦੇ ਗੁਰਦੁਆਰਾ ਮੱਖਣ ਸ਼ਾਹ ਲੁਬਾਣਾ ਵਿਖੇ ਆਉਣਾ ਸੀ, ਜਿੱਥੇ ਉਸ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਉੱਪਰ ਹੋਏ ਹਮਲੇ ਦੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਨਿਖੇਧੀ ਕੀਤੀ। ਉਸ ਨੇ ਕਿਹਾ ਕਿ ਇਸ ਘਟਨਾ ਪਿੱਛੇ ਪੰਨੂ ਵਰਗੇ ਲੋਕ ਹਨ ਜੋ ਪੰਜਾਬ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ ਤੇ ਆਈਐਸਆਈ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ।