Jaswant Singh Khalra: ਬੇਸ਼ੱਕ ਭਾਰਤ ਵਿੱਚ ਮਰਹੂਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਉਪਰ ਬਣੀ ਫਿਲਮ ਰਿਲੀਜ਼ ਨਹੀਂ ਹੋ ਸਕੀ ਪਰ ਅਮਰੀਕਾ ਵਿੱਚ ਉਨ੍ਹਾਂ ਨੂੰ ਵੱਡਾ ਸਨਮਾਣ ਮਿਲਿਆ ਹੈ। ਕੈਲੀਫੋਰਨੀਆ ਦੇ ਫਰਿਜ਼ਨੋ ਵਿੱਚ ਇੱਕ ਨਵੇਂ ਬਣੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਨਾਮ ਜਸਵੰਤ ਸਿੰਘ ਖਾਲੜਾ ਦੇ ਨਾਮ 'ਤੇ ਰੱਖਿਆ ਜਾ ਰਿਹਾ ਹੈ। ਇਹ ਫੈਸਲਾ ਮੰਗਲਵਾਰ ਦੇਰ ਰਾਤ ਫਰਿਜ਼ਨੋ ਦੇ ਸੈਂਟਰਲ ਯੂਨੀਫਾਈਡ ਸਕੂਲ ਡਿਸਟ੍ਰਿਕਟ (CUCD) ਦੀ ਇੱਕ ਮੀਟਿੰਗ ਵਿੱਚ ਲਿਆ ਗਿਆ। ਇਹ ਅਮਰੀਕਾ ਦਾ ਪਹਿਲਾ ਸਕੂਲ ਹੋਏਗਾ ਜੋ ਕਿਸੇ ਸਿੱਖ ਦੇ ਨਾਮ 'ਤੇ ਰੱਖਿਆ ਗਿਆ ਹੈ।


ਦੱਸ ਦਈਏ ਕਿ ਭਾਰਤ ਵਿੱਚ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਬਾਇਓਪਿਕ "ਪੰਜਾਬ 95" ਅਜੇ ਵੀ ਸਰਕਾਰੀ ਪ੍ਰਵਾਨਗੀ ਦੀ ਉਡੀਕ ਕਰ ਰਹੀ ਹੈ। ਇਹ ਫਿਲਮ ਇੱਕ ਸਾਲ ਤੋਂ ਵੱਧ ਸਮੇਂ ਤੋਂ ਰਿਲੀਜ਼ ਦੀ ਉਡੀਕ ਕਰ ਰਹੀ ਹੈ। ਅਦਾਕਾਰ ਦਿਲਜੀਤ ਦੋਸਾਂਝ ਫਿਲਮ ਵਿੱਚ ਖਾਲੜਾ ਦੀ ਭੂਮਿਕਾ ਨਿਭਾ ਰਹੇ ਹਨ। ਪਰਿਵਾਰ ਇਹ ਵੀ ਚਾਹੁੰਦਾ ਹੈ ਕਿ ਖਾਲੜਾ ਦੇ ਜੀਵਨ 'ਤੇ ਬਣੀ ਫਿਲਮ ਨੂੰ ਬਿਨਾਂ ਕਿਸੇ ਕਟੌਤੀ ਦੇ ਮਨਜ਼ੂਰੀ ਦਿੱਤੀ ਜਾਵੇ ਕਿਉਂਕਿ ਇਹ ਫਿਲਮ ਪੂਰੀ ਤਰ੍ਹਾਂ ਤੱਥਾਂ ਤੇ ਅਦਾਲਤੀ ਕਾਰਵਾਈ 'ਤੇ ਆਧਾਰਿਤ ਹੈ।



ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਸ਼ਾਮ (ਅਮਰੀਕੀ ਸਮੇਂ ਅਨੁਸਾਰ) ਸੀਯੂਸੀਡੀ ਮੈਂਬਰਾਂ ਦੀ ਇੱਕ ਮੀਟਿੰਗ ਹੋਈ। ਇਸ ਬੋਰਡ ਵਿੱਚ ਕੁੱਲ 7 ਮੈਂਬਰ ਹਨ ਜਿਨ੍ਹਾਂ ਵਿੱਚੋਂ ਛੇ ਮੈਂਬਰਾਂ ਨੇ ਸਕੂਲ ਦਾ ਨਾਮ ਜਸਵੰਤ ਸਿੰਘ ਖਾਲੜਾ ਦੇ ਨਾਮ 'ਤੇ ਰੱਖਣ ਲਈ ਸਹਿਮਤੀ ਪ੍ਰਗਟਾਈ ਤੇ ਇਸ ਦੇ ਹੱਕ ਵਿੱਚ ਵੋਟ ਪਾਈ। ਜਦੋਂ ਕਿ ਇੱਕ ਮੈਂਬਰ ਵੋਟਿੰਗ ਤੋਂ ਦੂਰ ਰਿਹਾ। ਸੈਂਟਰਲ ਯੂਨੀਫਾਈਡ ਸਕੂਲ ਬੋਰਡ ਦੇ ਚੇਅਰਮੈਨ ਨੈਨਦੀਪ ਸਿੰਘ ਚੰਨ ਨੇ ਕਿਹਾ ਕਿ ਇਹ ਅਮਰੀਕਾ ਦਾ ਪਹਿਲਾ ਪਬਲਿਕ ਸਕੂਲ ਹੋਣ ਦੀ ਸੰਭਾਵਨਾ ਹੈ ਜਿਸ ਦਾ ਨਾਮ ਕਿਸੇ ਸਿੱਖ ਵਿਅਕਤੀ ਦੇ ਨਾਮ 'ਤੇ ਰੱਖਿਆ ਜਾਵੇਗਾ।



ਚੇਅਰਮੈਨ ਨੈਨਦੀਪ ਸਿੰਘ ਨੇ ਕਿਹਾ ਕਿ ਸਕੂਲ ਦੀ ਉਸਾਰੀ ਦਾ ਕੰਮ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ ਤੇ ਇਸ ਦਾ ਉਦਘਾਟਨ ਸਤੰਬਰ 2025 ਵਿੱਚ ਕੀਤਾ ਜਾਵੇਗਾ। ਫਰਿਜ਼ਨੋ ਵਿੱਚ ਖਾਲੜਾ ਦੇ ਨਾਮ 'ਤੇ ਪਹਿਲਾਂ ਹੀ ਇੱਕ ਪਾਰਕ ਹੈ ਤੇ ਸਥਾਨਕ ਲੋਕ ਉਨ੍ਹਾਂ ਦੇ ਸੰਘਰਸ਼ ਤੇ ਮਨੁੱਖੀ ਅਧਿਕਾਰਾਂ ਲਈ ਕੀਤੇ ਯਤਨਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਅਮਰੀਕਾ ਵਿੱਚ ਨਾ ਸਿਰਫ਼ ਸਿੱਖ ਭਾਈਚਾਰਾ ਸਗੋਂ ਹੋਰ ਭਾਈਚਾਰਿਆਂ ਦੇ ਲੋਕ ਵੀ ਉਨ੍ਹਾਂ ਦਾ ਸਤਿਕਾਰ ਕਰਦੇ ਹਨ।


ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਤੇ ਖੁਸ਼ੀ ਦਾ ਪਲ ਹੈ। ਉਨ੍ਹਾਂ ਦੇ ਸਵਰਗਵਾਸੀ ਪਤੀ ਦੇ ਮਨੁੱਖੀ ਅਧਿਕਾਰਾਂ ਲਈ ਬਲੀਦਾਨ ਤੇ ਸੰਘਰਸ਼ ਨੂੰ ਸਨਮਾਨਿਤ ਕਰਦਿਆਂ ਅਮਰੀਕਾ ਵਿੱਚ ਇੱਕ ਸਰਕਾਰੀ ਸਕੂਲ ਦਾ ਨਾਮ ਉਨ੍ਹਾਂ ਦੇ ਨਾਮ 'ਤੇ ਰੱਖਿਆ ਜਾ ਰਿਹਾ ਹੈ। ਇਹ ਸੱਚਮੁੱਚ ਦਿਲ ਨੂੰ ਛੂਹ ਲੈਣ ਵਾਲੀ ਗੱਲ ਹੈ ਕਿ ਪੂਰੀ ਦੁਨੀਆ ਮਨੁੱਖੀ ਅਧਿਕਾਰਾਂ ਦੀ ਰੱਖਿਆ ਵਿੱਚ ਉਨ੍ਹਾਂ ਦੇ ਕੰਮ ਤੋਂ ਜਾਣੂ ਹੈ।


ਜਾਣੋ ਕੌਣ ਸਨ ਜਸਵੰਤ ਸਿੰਘ ਖਾਲੜਾ?


ਜਸਵੰਤ ਸਿੰਘ ਖਾਲੜਾ ਇੱਕ ਦਲੇਰ ਤੇ ਸਮਰਪਿਤ ਮਨੁੱਖੀ ਅਧਿਕਾਰ ਕਾਰਕੁਨ ਸਨ। ਉਨ੍ਹਾਂ ਨੇ 1980 ਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਸਿੱਖਾਂ ਵਿਰੁੱਧ ਹੋਏ ਅੱਤਿਆਚਾਰਾਂ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ। ਉਨ੍ਹਾਂ ਨੇ ਖੁਲਾਸਾ ਕੀਤਾ ਸੀ ਕਿ ਉਸ ਸਮੇਂ ਦੌਰਾਨ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਗੈਰ-ਕਾਨੂੰਨੀ ਤੌਰ 'ਤੇ ਹਿਰਾਸਤ ਵਿੱਚ ਲਿਆ ਗਿਆ ਤੇ ਝੂਠੇ ਮੁਕਾਬਲਿਆਂ ਵਿੱਚ ਮਾਰ ਦਿੱਤਾ ਗਿਆ। ਉਨ੍ਹਾਂ ਦੀਆਂ ਲਾਸ਼ਾਂ ਦਾ ਗੁਪਤ ਰੂਪ ਵਿੱਚ ਸਸਕਾਰ ਕਰ ਦਿੱਤਾ ਗਿਆ।


ਖਾਲੜਾ ਨੇ ਪੰਜਾਬ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਗੁੰਮਸ਼ੁਦਗੀਆਂ ਤੇ ਕਤਲਾਂ ਦਾ ਪਰਦਾਫਾਸ਼ ਕੀਤਾ ਸੀ। ਉਨ੍ਹਾਂ ਨੇ ਉਸ ਸਮੇਂ ਅੰਮ੍ਰਿਤਸਰ ਦੇ ਸ਼ਮਸ਼ਾਨਘਾਟ ਦਾ ਦੌਰਾ ਕੀਤਾ ਤੇ ਜਾਣਕਾਰੀ ਇਕੱਠੀ ਕੀਤੀ ਕਿ ਉੱਥੇ 6,000 ਤੋਂ ਵੱਧ ਲਾਸ਼ਾਂ ਦਾ ਗੁਪਤ ਰੂਪ ਵਿੱਚ ਸਸਕਾਰ ਕੀਤਾ ਗਿਆ ਸੀ। ਉਨ੍ਹਾਂ ਨੇ ਇਹ ਜਾਣਕਾਰੀ ਅੰਤਰਰਾਸ਼ਟਰੀ ਮੰਚਾਂ 'ਤੇ ਵੀ ਸਾਂਝੀ ਕੀਤੀ, ਜਿਸ ਨਾਲ ਭਾਰਤ ਦੇ ਮਨੁੱਖੀ ਅਧਿਕਾਰਾਂ ਦੇ ਰਿਕਾਰਡ 'ਤੇ ਸਵਾਲ ਖੜ੍ਹੇ ਹੋਏ।


ਖਾਲੜਾ ਨੂੰ ਜਾਨ ਨਾਲ ਚੁਕਾਉਣੀ ਪਈ ਕੀਮਤ
ਖਾਲੜਾ ਨੂੰ ਆਪਣੀ ਜਾਨ ਕੁਰਬਾਨ ਕਰਕੇ ਸਿੱਖਾਂ ਦੇ ਹੱਕਾਂ ਲਈ ਲੜਨ ਦੀ ਕੀਮਤ ਚੁਕਾਉਣੀ ਪਈ। ਪਰਿਵਾਰ ਦਾ ਦੋਸ਼ ਹੈ ਕਿ 6 ਸਤੰਬਰ 1995 ਨੂੰ ਪੁਲਿਸ ਨੇ ਖਾਲੜਾ ਨੂੰ ਉਨ੍ਹਾਂ ਦੇ ਘਰੋਂ ਅਗਵਾ ਕਰ ਲਿਆ ਸੀ। ਫਿਰ ਉਨ੍ਹਾਂ ਨੂੰ ਪੁਲਿਸ ਹਿਰਾਸਤ ਵਿੱਚ ਤਸੀਹੇ ਦੇ ਕੇ ਮਾਰ ਦਿੱਤਾ ਗਿਆ। ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਵੀ ਦਰਜ ਨਹੀਂ ਕੀਤੀ। ਇਸ ਤੋਂ ਬਾਅਦ ਖਾਲੜਾ ਦੀ ਪਤਨੀ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਤੇ ਅਦਾਲਤ ਨੇ ਸੀਬੀਆਈ ਨੂੰ ਜਾਂਚ ਦੇ ਹੁਕਮ ਦਿੱਤੇ। ਇਸ ਤੋਂ ਬਾਅਦ ਉਨ੍ਹਾਂ ਦੇ ਕਤਲ ਦੇ ਦੋਸ਼ ਵਿੱਚ ਚਾਰ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ।