ਵਾਸ਼ਿੰਗਟਨ: ਅਮਰੀਕਾ ਨੇ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਵਧਣ ਦਾ ਖਦਸ਼ਾ ਪ੍ਰਗਟਾਇਆ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਬਹੁਤ ਸਾਰੀਆਂ ਸਮੱਸਿਆਵਾਂ ਹਨ। ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਕੋਈ ਸਖਤ ਫ਼ੈਸਲਾ ਲੈਣ ’ਤੇ ਵਿਚਾਰ ਕਰ ਰਿਹਾ ਹੈ। ਇਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਹੋਰ ਵਧ ਸਕਦਾ ਹੈ।
ਟਰੰਪ ਨੇ ਕਿਹਾ, "ਇਸ ਸਮੇਂ ਭਾਰਤ ਤੇ ਪਾਕਿਸਤਾਨ ਵਿਚਾਲੇ ਹਾਲਾਤ ਬਹੁਤ ਖਰਾਬ ਹਨ। ਇਹ ਬਹੁਤ ਖਤਰਨਾਕ ਸਥਿਤੀ ਹੈ। ਅਸੀਂ ਚਾਹੁੰਦੇ ਹਾਂ ਕਿ ਇਹ ਦੁਸ਼ਮਣੀ ਖਤਮ ਹੋ ਜਾਵੇ। ਕਾਫੀ ਲੋਕ ਮਾਰੇ ਗਏ ਹਨ। ਅਸੀਂ ਇਸ ਨੂੰ ਖਤਮ ਹੁੰਦਾ ਦੇਖਣਾ ਚਾਹੁੰਦੇ ਹਾਂ। ਅਸੀਂ ਇਸ ਪ੍ਰਕਿਰਿਆ ’ਚ ਕਾਫੀ ਹੱਦ ਤੱਕ ਸ਼ਾਮਲ ਹਾਂ।"
ਟਰੰਪ ਨੇ ਕਿਹਾ, "ਭਾਰਤ ਕਿਸੇ ਠੋਸ ਫ਼ੈਸਲੇ ’ਤੇ ਵਿਚਾਰ ਕਰ ਰਿਹਾ ਹੈ। ਭਾਰਤ ਨੇ ਹਮਲੇ ’ਚ ਆਪਣੇ ਕਈ ਲੋਕ ਗੁਆਏ ਹਨ। ਮੈਂ ਵੀ ਇਸ ਗੱਲ ਨੂੰ ਸਮਝ ਸਕਦਾ ਹਾਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰ ਰਿਹਾ ਹੈ।"
ਉਨ੍ਹਾਂ ਕਿਹਾ ਕਿ ਉਨ੍ਹਾਂ ਪਾਕਿਸਤਾਨ ਨੂੰ 1.3 ਅਰਬ ਡਾਲਰ ਦੀ ਸਹਾਇਤਾ ਰਾਸ਼ੀ ਦਾ ਭੁਗਤਾਨ ਬੰਦ ਕਰ ਦਿੱਤਾ ਹੈ ਕਿਉਂਕਿ ਉਹ ਉਸ ਤਰ੍ਹਾਂ ਅਮਰੀਕਾ ਦੀ ਮਦਦ ਨਹੀਂ ਕਰ ਰਿਹਾ ਸੀ ਜਿਸ ਤਰ੍ਹਾਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸੇ ਦਰਮਿਆਨ ਉਹ ਪਾਕਿਸਤਾਨ ਨਾਲ ਕੁਝ ਮੀਟਿੰਗਾਂ ਕਰ ਸਕਦੇ ਹਨ।