Canada-India Relation: ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਬ੍ਰਿਟਿਸ਼ ਕੋਲੰਬੀਆ ਦੀ ਯਾਤਰਾ ਉੱਤੇ ਜਾਣਾ ਹੈ। ਵਰਮਾ ਦੀ ਯਾਤਰਾ ਤੋਂ ਪਹਿਲਾਂ ਸਿੱਖ ਫਾਰ ਜਸਟਿਸ ਸੰਸਥੇ ਨੇ ਉਨ੍ਹਾਂ ਨੂੰ ਧਮਕੀ ਦਿੱਤੀ ਹੈ। ਦੱਸ ਦਈਏ ਕਿ ਵਰਮਾ ਨੇ ਬੀਸੀ ਦੇ ਨਾਲ ਨਾਲ ਵੈਨਕੁਵਰ, ਵਿਕਟੋਰੀਆ  ਤੇ ਸਰੀ ਵਿੱਚ ਵੀ ਜਾਣਾ ਹੈ।


ਸੰਜੇ ਵਰਮਾ ਦਾ 1 ਮਾਰਚ ਨੂੰ ਸਰੀ ਦੇ ਮੇਅਰ ਬ੍ਰੇਂਡਾ ਲੌਕ ਤੇ ਸਰੀ ਬੋਰਡ ਆਫ਼ ਟਰੇਡ ਦੇ ਨਾਲ ਬੈਠਕਾਂ ਕਰਨ ਦਾ ਪ੍ਰੋਗਰਾਮ ਹੈ ਜਿਸ ਨੂੰ ਲੈ ਕੇ ਗੁਰਪਤਵੰਤ ਸਿੰਘ ਪੰਨੂ ਨੇ ਧਮਕੀ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਦਾ ਗਰੁੱਪ 1 ਮਾਰਚ ਨੂੰ ਵਰਮਾ ਨੂੰ ਨਿਸ਼ਾਨਾ ਬਣਾਏਗਾ। ਪੰਨੂ ਨੇ ਕਿਹਾ, "ਸ਼ਹੀਦ ਨਿੱਝਰ ਦੇ ਕਤਲ ਦੀ ਸਾਜ਼ਿਸ਼ ਰਚਣ ਲਈ ਭਾਰਤ ਜ਼ਿੰਮੇਵਾਰ ਹੈ। ਉਨ੍ਹਾਂ ਦੇ ਦੌਰੇ ਦੌਰਾਨ ਖਾਲਿਸਤਾਨ ਪੱਖੀ ਸਿੱਖਾਂ ਨੂੰ ਸਰੀ ਵਿੱਚ ਭਾਰਤੀ ਹਾਈ ਕਮਿਸ਼ਨਰ ਨੂੰ ਸਿੱਧਾ ਨਿਸ਼ਾਨਾ ਬਣਾਉਣ ਦਾ ਮੌਕਾ ਮਿਲੇਗਾ।" ਇੰਨਾ ਹੀ ਨਹੀਂ ਸਮੂਹ ਵੱਲੋਂ ਸਰੀ 'ਚ ਰੋਸ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ।


ਪਿਛਲੇ ਸਾਲ ਮਾਰਚ ਤੋਂ ਬਾਅਦ ਵਰਮਾ ਦਾ ਬ੍ਰਿਟਿਸ਼ ਕੋਲੰਬੀਆ ਦਾ ਇਹ ਪਹਿਲਾ ਦੌਰਾ ਹੈ। SFJ ਦੇ ਸੰਦੇਸ਼ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਉਸਨੇ ਕਿਹਾ, "ਮੈਂ ਕੈਨੇਡੀਅਨ ਅਧਿਕਾਰੀਆਂ ਨੂੰ ਮੇਰੇ ਖਿਲਾਫ ਮਿਲੀ ਧਮਕੀ ਬਾਰੇ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਨੇ ਮੈਨੂੰ ਮੇਰੀ ਸੁਰੱਖਿਆ ਦਾ ਭਰੋਸਾ ਦਿੱਤਾ ਹੈ।"


'ਪ੍ਰਗਟਾਵੇ ਦੀ ਆਜ਼ਾਦੀ ਦੀ ਦੁਰਵਰਤੋਂ'


ਉਨ੍ਹਾਂ ਕਿਹਾ ਕਿ ਜਿਵੇਂ ਕਿ ਤੁਸੀਂ ਜਾਣਦੇ ਹੋ, SFJ ਭਾਰਤ ਦੇ ਗੈਰ-ਕਾਨੂੰਨੀ ਐਸੋਸੀਏਸ਼ਨ ਪ੍ਰੀਵੈਂਸ਼ਨ ਐਕਟ ਦੇ ਤਹਿਤ ਇੱਕ ਪਾਬੰਦੀਸ਼ੁਦਾ ਸੰਗਠਨ ਹੈ, ਜੋ ਕੈਨੇਡਾ ਅਤੇ ਭਾਰਤ ਦੇ ਖੁਸ਼ਹਾਲ ਦੁਵੱਲੇ ਸਬੰਧਾਂ ਨੂੰ ਵਿਗਾੜਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ। ਪੰਨੂ ਨੂੰ ਨਿਸ਼ਾਨਾ ਬਣਾਏ ਜਾਣ ਵੱਲ ਇਸ਼ਾਰਾ ਕਰਦਿਆਂ ਵਰਮਾ ਨੇ ਕਿਹਾ, "ਉਹ ਲੰਬੇ ਸਮੇਂ ਤੋਂ ਅਜਿਹਾ ਕਰ ਰਹੇ ਹਨ। ਉੱਥੇ ਪ੍ਰਗਟਾਵੇ ਦੀ ਆਜ਼ਾਦੀ ਦੀ ਦੁਰਵਰਤੋਂ ਹੋ ਰਹੀ ਹੈ।"
 
ਦੱਸ ਦੇਈਏ ਕਿ ਖਾਲਿਸਤਾਨ ਪੱਖੀ ਆਗੂ ਹਰਦੀਪ ਸਿੰਘ ਨਿੱਝਰ ਦਾ ਪਿਛਲੇ ਸਾਲ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਵਿੱਚ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਕਤਲ ਤੋਂ ਬਾਅਦ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਾਊਸ ਆਫ ਕਾਮਨਜ਼ 'ਚ ਇਸ ਕਤਲ 'ਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਦਾ ਦੋਸ਼ ਲਗਾਇਆ ਸੀ, ਜਿਸ ਕਾਰਨ ਦੋਵਾਂ ਦੇਸ਼ਾਂ ਦੇ ਰਿਸ਼ਤੇ ਵਿਗੜ ਗਏ ਸਨ।