ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਗ਼ਾਨਿਸਤਾਨ ਵਿੱਚ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਤੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚ ਚੁੱਕਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜ਼ਖ਼ਮੀਆਂ ਨੂੰ ਵੀ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦਿੱਤੀ।

ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਮੈਂਬਰ ਪਾਰਲੀਮੈਂਟ ਸੁਖਦੇਵ ਸਿੰਘ ਢੀਂਡਸਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ, ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਅਤੇ ਅਫਗਾਨਿਸਤਾਨ ਦੇ ਕੁਝ ਸਿੱਖਾਂ ’ਤੇ ਆਧਾਰਿਤ ਉੱਚ ਪੱਧਰੀ ਵਫ਼ਦ ਨੇ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਨ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਅਫ਼ਗ਼ਾਨਿਸਤਾਨ ਅੰਦਰ ਸਿੱਖਾਂ ’ਤੇ ਹੋਏ ਹਮਲੇ ਸਬੰਧੀ ਵਿਸਥਾਰ ’ਚ ਗੱਲਬਾਤ ਕੀਤੀ ਗਈ। ਉਨ੍ਹਾਂ ਉੱਥੋਂ ਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਤੁਰੰਤ ਤੇ ਢੁਕਵੇਂ ਕਦਮ ਚੁੱਕਣ ਲਈ ਵੀ ਕਿਹਾ ਹੈ।

ਵਫਦ ਨੇ ਕੇਂਦਰੀ ਮੰਤਰੀ ਨੂੰ ਜਲਦੀ ਤੋਂ ਜਲਦੀ ਇੱਕ ਸਰਕਾਰੀ ਵਫਦ ਅਫ਼ਗ਼ਾਨਿਸਤਾਨ ਭੇਜਣ ਲਈ ਕਿਹਾ, ਜਿਸ ਵਿੱਚ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਦੇ ਨੁਮਾਇੰਦੇ ਵੀ ਸ਼ਾਮਲ ਹੋਣ। ਇਸ ਦੌਰਾਨ ਸੁਸ਼ਮਾ ਸਵਰਾਜ ਨੂੰ ਹਮਲੇ ਦੌਰਾਨ ਮਾਰੇ ਗਏ ਤੇ ਜ਼ਖ਼ਮੀ ਸਿੱਖਾਂ ਲਈ ਸਰਕਾਰੀ ਤੌਰ ’ਤੇ ਵਿਸ਼ੇਸ਼ ਸਹਾਇਤਾ ਦੇਣ ਦੀ ਵੀ ਅਪੀਲ ਕੀਤੀ ਗਈ।

ਵਫਦ ਮੈਂਬਰਾਂ ਨੇ ਇਹ ਵੀ ਕਿਹਾ ਕਿ ਜੇ ਜ਼ਖ਼ਮੀਆਂ ਨੂੰ ਇਲਾਜ ਲਈ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਬਿਹਤਰ ਹੋਵੇਗਾ, ਕਿਉਂਕਿ ਇਸ ਵਕਤ ਪੀੜਤਾਂ ਨੂੰ ਵੱਡੇ ਢਾਰਸ ਦੀ ਲੋੜ ਹੈ। ਬੁਲਾਰੇ ਨੇ ਦੱਸਿਆ ਕਿ ਕੇਂਦਰੀ ਵਿਦੇਸ਼ ਮੰਤਰੀ ਨੇ ਵਫਦ ਨੂੰ ਭਰੋਸਾ ਦਿਵਾਇਆ ਹੈ ਕਿ ਅਫ਼ਗ਼ਾਨਿਸਤਾਨ ਵਿੱਚ ਸਿੱਖਾਂ ਦੀ ਸੁਰੱਖਿਆ ਲਈ ਕਾਰਗਰ ਯਤਨ ਕੀਤੇ ਜਾਣਗੇ ਤੇ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਿਚਾਰ ਕੀਤਾ ਜਾਵੇਗਾ।