ਟਰੂਡੋ ਨੂੰ ਪੰਥਕ ਰੰਗ 'ਚ ਰੰਗੇਗੀ SGPC
ਏਬੀਪੀ ਸਾਂਝਾ | 20 Feb 2018 01:05 PM (IST)
ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਪੰਥਕ ਰਵਾਇਤਾਂ ਅਨੁਸਾਰ ਸਵਾਗਤ ਅਤੇ ਸਨਮਾਨ ਕੀਤਾ ਜਾਵੇਗਾ। ਟਰੂਡੋ ਦੇ ਸਵਾਗਤ ਲਈ ਸ਼੍ਰੋਮਣੀ ਕਮੇਟੀ ਦੇ ਸੁਰੱਖਿਆ ਕਰਮਚਾਰੀ ਇੱਕ ਨਿਰਧਾਰਤ ਵਰਦੀ ਵਿੱਚ ਹੋਣਗੇ ਅਤੇ ਖ਼ਾਸ ਕਰ ਕੇ ਉਨ੍ਹਾਂ ਨੂੰ ਕੇਸਰੀ ਦਸਤਾਰ ਸਜਾਉਣ ਲਈ ਕਿਹਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਵੀ ਨੀਲੇ ਰੰਗ ਦੀਆਂ ਦਸਤਾਰਾਂ ਸਜਾਉਣਗੇ। ਟਰੂਡੋ ਦੇ ਸਵਾਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੁਰਜ਼ੋਰ ਤਿਆਰੀਆਂ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਹੈ ਕਿ ਜਸਟਿਨ ਟਰੂਡੋ ਦੀ ਆਮਦ ਸਮੇਂ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣੀ ਚਾਹੀਦੀ ਅਤੇ ਜਿਸ ਵੀ ਅਧਿਕਾਰੀ ਅਤੇ ਕਰਮਚਾਰੀ ਦੀ ਜਿੱਥੇ ਵੀ ਡਿਊਟੀ ਲਗਾਈ ਜਾਵੇ ਉਹ ਸਮਰਪਣ ਭਾਵਨਾ ਤੇ ਇਮਾਨਦਾਰੀ ਨਾਲ ਨਿਭਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਸਟਿਨ ਟਰੂਡੋ ਦੇ ਸਵਾਗਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਵਿਉਂਤਬੰਦੀ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਪਾਸੋਂ ਜਾਣਕਾਰੀ ਵੀ ਪ੍ਰਾਪਤ ਕੀਤੀ। ਡਾ. ਰੂਪ ਸਿੰਘ ਨੇ ਦੱਸਿਆ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਜਿਥੇ ਉਨ੍ਹਾਂ ਦਾ ਆਪਣਾ ਸੁਰੱਖਿਆ ਦਸਤਾ ਅਤੇ ਸਰਕਾਰ ਵੱਲੋਂ ਪ੍ਰਬੰਧ ਕੀਤੇ ਜਾਣਗੇ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਆਪਣੇ ਸੁਰੱਖਿਆ ਕਰਮਚਾਰੀਆਂ ਨੂੰ ਤਾਇਨਾਤ ਕਰੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕਿਹਾ ਕਿ ਜਸਟਿਨ ਟਰੂਡੋ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਪਲਾਜ਼ਾ ਵਿਖੇ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਕੀਤਾ ਜਾਵੇਗਾ।