ਨਿਊਯਾਰਕ: ਭਾਰਤ-ਪਾਕਿਸਤਾਨ ਵਿਚਾਲੇ ਦਹਿਸ਼ਤਵਾਦ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੇ ਵਿਚਾਲੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਸੰਯੁਕਤ ਰਾਸ਼ਟਰ ਦੀ ਜਨਰਲ ਸਭਾ ਵਿੱਚ ਹਿੱਸਾ ਲੈਣ ਲਈ ਅਮਰੀਕਾ ਪਹੁੰਚ ਗਏ ਹਨ। ਕਸ਼ਮੀਰ ਦੇ ਉੜੀ ਇਲਾਕੇ ਵਿੱਚ ਦਹਿਸ਼ਤਗਰਦਾਂ ਵੱਲੋਂ ਸੈਨਾ ਦੇ ਹੈੱਡਕੁਆਟਰ ਨੇੜੇ ਕੀਤੇ ਗਏ ਹਮਲੇ ਤੋਂ ਬਾਅਦ ਭਾਰਤ ਵੱਲੋਂ ਪਾਕਿਸਤਾਨ ਪ੍ਰਤੀ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ। ਇਸੇ ਦੌਰਾਨ ਪਾਕਿਸਤਾਨ ਨੇ ਉੜੀ ਵਿੱਚ ਹੋਏ ਹਮਲੇ ਦੀ ਨਿੰਦਾ ਕੀਤੀ ਹੈ।
ਦੂਜੇ ਪਾਸੇ ਭਾਰਤ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਨੂੰ ਦਹਿਸ਼ਤਗਰਦ ਦੇਸ਼ ਐਲਾਨਿਆ ਹੈ। ਸੰਯੁਕਤ ਰਾਸ਼ਟਰ ਵਿੱਚ ਪਾਕਿਸਤਾਨ ਦੇ ਰਾਜਦੂਤ ਨੇ ਭਾਰਤੀ ਗ੍ਰਹਿ ਮੰਤਰੀ ਦੇ ਬਿਆਨ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਆਖਿਆ ਕਿ ਵਾਦੀ ਵਿੱਚ ਭਾਰਤੀ ਸੈਨਾ ਵੱਲੋਂ ਜੋ ਕੁਝ ਕੀਤਾ ਜਾ ਰਿਹਾ ਹੈ, ਉਹ ਕਿਸੇ ਤੋਂ ਲੁੱਕਿਆ ਨਹੀਂ ਹੈ। ਉਨ੍ਹਾਂ ਆਖਿਆ ਕਿ ਭਾਰਤੀ ਸੈਨਾ ਦੀਆਂ ਇਨ੍ਹਾਂ ਨੀਤੀਆਂ ਕਾਰਨ ਵਾਦੀ ਦੇ ਲੋਕ ਜੁਲਾਈ ਮਹੀਨੇ ਤੋਂ ਭਾਰਤ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਸੰਯੁਕਤ ਰਾਸ਼ਟਰ ਵਿੱਚ ਕਸ਼ਮੀਰ ਵਿੱਚ ਭਾਰਤ ਵੱਲੋਂ ਮਨੁੱਖੀ ਅਧਿਕਾਰਾਂ ਦੀ ਕੀਤੀ ਜਾ ਰਹੀ ਉਲੰਘਣਾ ਦਾ ਮੁੱਦਾ ਚੁੱਕ ਸਕਦਾ ਹੈ। ਇਸ ਤੋਂ ਇਲਾਵਾ ਪਾਕਿਸਤਾਨ ਕੌਮਾਂਤਰੀ ਭਾਈਚਾਰੇ ਦੀ ਦਖਲ ਪੂਰੇ ਮਾਮਲੇ ਵਿੱਚ ਮੰਗ ਸਕਦਾ ਹੈ। ਦੂਜੇ ਪਾਸੇ ਭਾਰਤ ਵੱਲੋਂ ਬਲੋਚਿਸਤਾਨ ਦਾ ਮੁੱਦਾ ਇਸ ਕੌਮਾਂਤਰੀ ਮੰਚ ਤੋਂ ਚੁੱਕਿਆ ਜਾ ਸਕਦਾ ਹੈ। ਸੰਯੁਕਤ ਰਾਸ਼ਟਰ ਦੀ ਸਭਾ ਦਾ ਸੈਸ਼ਨ 13 ਸਤੰਬਰ ਤੋਂ ਸ਼ੁਰੂ ਹੋਇਆ ਹੈ ਪਰ ਪ੍ਰਮੁੱਖ ਆਗੂ 20 ਸਤੰਬਰ ਤੋਂ ਆਪਣੀਆਂ ਤਕਰੀਰਾਂ ਸ਼ੁਰੂ ਕਰਨਗੇ। ਭਾਰਤ ਵੱਲੋਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇਸ਼ ਦੀ ਪ੍ਰਤੀਨਿਧਤਾ ਕਰਨਗੇ।