ਨਵਜੋਤ ਸਿੱਧੂ ਪਾਕਿਸਤਾਨ ਜਾਣ ਲਈ ਰਾਜੀ, ਬੀਜੇਪੀ ਲੀਡਰ ਨੇ ਕਿਹਾ 'ਅੱਤਵਾਦੀ'
ਏਬੀਪੀ ਸਾਂਝਾ | 02 Aug 2018 05:59 PM (IST)
ਨਵੀਂ ਦਿੱਲੀ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਮਿਰ ਖ਼ਾਨ, ਨਵਜੋਤ ਸਿੰਘ ਸਿੱਧੂ ਸਮੇਤ ਕਈ ਦਿੱਗਜ ਨੇਤਾਵਾਂ ਨੂੰ ਸੱਦਾ ਭੇਜਿਆ ਹੈ। ਸਿੱਧੂ ਨੇ ਇਸ ਨੂੰ ਪ੍ਰਵਾਨ ਵੀ ਕਰ ਲਿਆ ਹੈ ਤੇ ਉੱਧਰੋਂ ਬੀਜੇਪੀ ਦੇ ਸੀਨੀਅਰ ਨੇਤਾ ਸੁਬਰਾਮਣੀਅਮ ਸਵਾਮੀ ਨੇ 'ਏਬੀਪੀ ਨਿਊਜ਼' ਨਾਲ ਗੱਲਬਾਤ ਦੌਰਾਨ ਕਿਹਾ ਕਿ ਜੋ ਲੋਕ ਪਾਕਿਸਤਾਨ ਜਾਣਗੇ, ਉਨ੍ਹਾਂ ਨੂੰ ਅੱਤਵਾਦੀ ਮੰਨਿਆ ਜਾਣਾ ਚਾਹੀਦਾ ਹੈ। ਸਵਾਮੀ ਨੇ ਕਿਹਾ ਕਿ ਜੋ ਵੀ ਲੋਕ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣਗੇ, ਉਨ੍ਹਾਂ ਨੂੰ ਕਾਲ਼ੀ ਸੂਚੀ ਵਿੱਚ ਪਾ ਦੇਣਾ ਚਾਹੀਦਾ ਹੈ। ਇੰਨਾ ਹੀ ਨਹੀਂ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਬੁਰੀ ਨਜ਼ਰ ਨਾਲ ਵੇਖਿਆ ਜਾਣਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਅੱਤਵਾਦੀ ਵਾਂਗ ਦੇਖਿਆ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਕ੍ਰਿਕੇਟਰ ਤੋਂ ਨੇਤਾ ਬਣੇ ਇਮਰਾਨ ਖ਼ਾਨ 11 ਅਗਸਤ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਉਨ੍ਹਾਂ ਆਪਣੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਅਦਾਕਾਰ ਆਮਿਰ ਖ਼ਾਨ, ਕ੍ਰਿਕੇਟਰ ਕਪਿਲ ਦੇਵ, ਸੁਨੀਲ ਗਾਵਸਕਰ ਤੇ ਨਵਜੋਤ ਸਿੱਧੂ ਨੂੰ ਸੱਦਾ ਭੇਜਿਆ ਹੈ। ਇਮਰਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ ਏ ਇਨਸਾਫ਼ (ਪੀਟੀਆਈ) ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵੀ ਇਸ ਸਮਾਗਮ ਵਿੱਚ ਸੱਦਾ ਦੇਣ ਦੀ ਯੋਜਨਾ ਬਣਾਈ ਹੈ, ਇਸ ਸਬੰਧੀ ਵਿਦੇਸ਼ ਮੰਤਰਾਲੇ ਤੋਂ ਜਵਾਬ ਦੀ ਉਡੀਕ ਹੈ। ਜ਼ਿਕਰਯੋਗ ਹੈ ਕਿ ਸਾਲ 2014 ਵਿੱਚ ਮੋਦੀ ਨੇ ਆਪਣੇ ਸਹੁੰ ਚੁੱਕ ਸਮਾਗਮ ਵਿੱਚ ਤਤਕਾਲੀ ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਸ਼ਾਮਲ ਹੋਣ ਦਾ ਨਿਉਂਦਾ ਭੇਜਿਆ ਸੀ ਤੇ ਸ਼ਰੀਫ਼ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਵੀ ਕੀਤੀ ਸੀ। ਹੁਣ ਜੇਕਰ ਮੋਦੀ ਵੀ ਇਮਰਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਜਾਂਦੇ ਹਨ, ਤਾਂ ਕੀ ਸੁਬਰਾਮਣੀਅਮ ਸਵਾਮੀ ਦਾ ਇਹੋ ਬਿਆਨ ਹੋਵੇਗਾ, ਇਹ ਵੇਖਣ ਲਾਇਕ ਰਹੇਗਾ।