ਇਸਲਾਮਬਾਦ: ਪਾਕਿਸਤਾਨ 'ਚ ਸਿਆਸੀ ਸੰਕਟ ਵਿਚਾਲੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ ਅੱਜ ਆ ਸਕਦਾ ਹੈ। ਪਾਕਿਸਤਾਨ ਦੀ ਸੁਪਰੀਮ ਕੋਰਟ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ਨੂੰ ਖ਼ਾਰਜ ਕਰਨ ਦੇ ਮਾਮਲੇ 'ਚ ਦੁਪਹਿਰ 12 ਵਜੇ ਮੁੜ ਸੁਣਵਾਈ ਕਰੇਗੀ। ਕੀ ਪਾਕਿਸਤਾਨ 'ਚ ਭੰਗ ਹੋਈ ਸੰਸਦ ਬਹਾਲ ਹੋਵੇਗੀ ਜਾਂ ਇਮਰਾਨ ਖ਼ਾਨ ਨੂੰ ਸੁਪਰੀਮ ਕੋਰਟ ਦੀ ਫਟਕਾਰ ਤੇ ਝਾੜ-ਝੰਬ ਦਾ ਸਾਹਮਣਾ ਕਰਨਾ ਪਵੇਗਾ? ਇਹ ਅਜਿਹੇ ਕਈ ਸਵਾਲ ਹਨ ਜਿਨ੍ਹਾਂ ਦੇ ਜਵਾਬ ਅੱਜ ਉਦੋਂ ਮਿਲ ਸਕਦੇ ਹਨ, ਜਦੋਂ ਸੁਪਰੀਮ ਕੋਰਟ ਬੇਭਰੋਸਗੀ ਮਤੇ ਨੂੰ ਖਾਰਜ ਕਰਨ ਦੇ ਮਾਮਲੇ ਦੀ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ਨੂੰ ਰੱਦ ਕਰਨ ਦੇ ਮਾਮਲੇ ਦੀ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ ਸੀ।



ਪਾਕਿਸਤਾਨ ਸੁਪਰੀਮ ਕੋਰਟ ਦਾ ਅੱਜ ਆ ਸਕਦਾ ਵੱਡਾ ਫ਼ੈਸਲਾ


ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਬੀਤੇ ਦਿਨ ਕਿਹਾ ਸੀ ਕਿ ਪਾਕਿਸਤਾਨ ਨੈਸ਼ਨਲ ਅਸੈਂਬਲੀ 'ਚ ਬੇਭਰੋਸਗੀ ਮਤੇ 'ਤੇ ਵੋਟ ਨਾ ਪਾਉਣਾ ਅਸੰਵਿਧਾਨਕ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਜੇਕਰ ਨਿਯਮਾਂ ਦੀ ਉਲੰਘਣਾ ਹੁੰਦੀ ਹੈ ਤਾਂ ਉਹ ਨੈਸ਼ਨਲ ਅਸੈਂਬਲੀ 'ਚ ਦਖਲ ਦੇ ਸਕਦੀ ਹੈ। ਮੰਗਲਵਾਰ ਨੂੰ ਹੋਈ ਸੁਣਵਾਈ ਤੋਂ ਅਜਿਹੇ ਸੰਕੇਤ ਮਿਲੇ ਹਨ ਕਿ ਜੇਕਰ ਪਾਕਿਸਤਾਨ ਦੀ ਸੁਪਰੀਮ ਕੋਰਟ 'ਚ ਦੁਬਾਰਾ ਸੁਣਵਾਈ ਹੋਵੇਗੀ ਤਾਂ ਅੱਜ ਵੱਡਾ ਫ਼ੈਸਲਾ ਆਉਣ ਦੀ ਸੰਭਾਵਨਾ ਹੈ।

ਇਮਰਾਨ ਖ਼ਾਨ ਦੀ ਪਾਰਟੀ ਨੂੰ ਵੀ ਇਸ ਗੱਲ ਦਾ ਅੰਦਾਜ਼ਾ ਲੱਗ ਗਿਆ ਹੈ, ਜਿਸ ਕਾਰਨ ਪੀਟੀਆਈ ਦੇ ਆਗੂਆਂ ਦੀ ਸੁਰ ਬਦਲ ਗਈ ਜਾਪਦੀ ਹੈ। ਪੀਟੀਆਈ ਨੇਤਾ ਫੈਜ਼ਲ ਵਾਵਡਾ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਨੂੰ ਫ਼ੈਸਲਾ ਕਰ ਲਵੇ, ਜੇਕਰ ਕੋਈ ਸਾਜ਼ਿਸ਼ ਨਹੀਂ ਹੈ ਤਾਂ ਅਸੀਂ ਸਵੀਕਾਰ ਕਰਾਂਗੇ। ਸੁਪਰੀਮ ਕੋਰਟ ਦਾ ਹਰ ਫ਼ੈਸਲਾ ਸਿਰ 'ਤੇ ਹੈ।

ਵਿਰੋਧੀ ਧਿਰ ਨੇ ਡਿਪਟੀ ਸਪੀਕਰ ਦੇ ਫ਼ੈਸਲੇ ਨੂੰ ਸੰਵਿਧਾਨ ਦੀ ਉਲੰਘਣਾ ਕਰਾਰ ਦਿੱਤਾ ਸੀ


ਪਾਕਿਸਤਾਨ ਦੀ ਸੁਪਰੀਮ ਕੋਰਟ 'ਚ ਮੰਗਲਵਾਰ ਨੂੰ ਹੋਈ ਬਹਿਸ 'ਚ ਅਦਾਲਤ ਨੇ ਇਮਰਾਨ ਖ਼ਾਨ ਖ਼ਿਲਾਫ਼ ਲਿਆਂਦੇ ਬੇਭਰੋਸਗੀ ਮਤੇ 'ਤੇ ਨੈਸ਼ਨਲ ਅਸੈਂਬਲੀ ਦੀ ਕਾਰਵਾਈ ਦਾ ਰਿਕਾਰਡ ਤਲਬ ਕੀਤਾ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਸੂਰੀ ਦੇ ਗ਼ੈਰ-ਸੰਵਿਧਾਨਕ ਫ਼ੈਸਲੇ ਖ਼ਿਲਾਫ਼ ਦਾਇਰ ਮਾਮਲੇ ਦੀ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ ਸੀ।

ਡਿਪਟੀ ਸਪੀਕਰ ਕਾਸਿਮ ਸੂਰੀ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਖ਼ਿਲਾਫ਼ ਬੇਭਰੋਸਗੀ ਮਤੇ ਨੂੰ ਖ਼ਾਰਜ ਕਰ ਦਿੱਤਾ ਸੀ। ਵਿਰੋਧੀ ਧਿਰ ਵੱਲੋਂ ਡਿਪਟੀ ਸਪੀਕਰ ਦੇ ਇਸ ਕਦਮ ਨੂੰ ਸੰਵਿਧਾਨ ਦੀ ਉਲੰਘਣਾ ਕਰਾਰ ਦਿੰਦਿਆਂ ਨਿਖੇਧੀ ਕੀਤੀ ਗਈ ਸੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵਿਰੋਧੀ ਧਿਰ 'ਤੇ ਸਰਕਾਰ ਨੂੰ ਡੇਗਣ ਲਈ ਵਿਦੇਸ਼ੀ ਸਾਜ਼ਿਸ਼ ਦਾ ਦੋਸ਼ ਲਗਾਇਆ ਸੀ।