Terrorist Attack in Pakistan : ਪਾਕਿਸਤਾਨ ਦੇ ਬਲੋਚਿਸਤਾਨ 'ਚ ਅੱਤਵਾਦੀਆਂ ਨੇ 23 ਲੋਕਾਂ ਦੀ ਹੱਤਿਆ ਕਰ ਦਿੱਤੀ। ਦੱਖਣ-ਪੱਛਮੀ ਪਾਕਿਸਤਾਨ 'ਚ ਸੋਮਵਾਰ ਨੂੰ ਬੰਦੂਕਧਾਰੀਆਂ ਨੇ 23 ਲੋਕਾਂ ਨੂੰ ਜ਼ਬਰਦਸਤੀ ਉਨ੍ਹਾਂ ਦੇ ਵਾਹਨਾਂ ਤੋਂ ਉਤਾਰ ਕੇ ਉਨ੍ਹਾਂ 'ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਏਐਫਪੀ ਦੀ ਰਿਪੋਰਟ ਮੁਤਾਬਕ ਬਲੋਚਿਸਤਾਨ ਸੂਬੇ ਦੇ ਮੁਸਾਖੇਲ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਕਈ ਬੱਸਾਂ, ਟਰੱਕਾਂ ਅਤੇ ਵੈਨਾਂ ਨੂੰ ਰੋਕਿਆ।
ਅੱਤਵਾਦੀਆਂ ਨੇ ਲੋਕਾਂ ਨੂੰ ਉਨ੍ਹਾਂ ਦੀ ਜਾਤ ਪਛਾਣ ਕੇ ਗੋਲੀ ਮਾਰ ਦਿੱਤੀ। ਇਸ ਘਟਨਾ 'ਚ ਪੰਜ ਲੋਕ ਜ਼ਖਮੀ ਵੀ ਹੋਏ ਹਨ। ਮੁਸਾਖੇਲ ਦੇ ਇਕ ਸੀਨੀਅਰ ਅਧਿਕਾਰੀ ਨਜੀਬੁੱਲਾ ਕਾਕਰ ਨੇ ਦੱਸਿਆ ਕਿ ਅੱਤਵਾਦੀਆਂ ਨੇ ਪੰਜਾਬ ਨੂੰ ਬਲੋਚਿਸਤਾਨ ਨਾਲ ਜੋੜਨ ਵਾਲੇ ਹਾਈਵੇਅ 'ਤੇ ਕਈ ਬੱਸਾਂ, ਟਰੱਕਾਂ ਅਤੇ ਵੈਨਾਂ ਨੂੰ ਰੋਕਿਆ। ਇਸ ਦੌਰਾਨ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਪੰਜਾਬ ਤੋਂ ਆਉਣ ਵਾਲੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ।
ਪਾਕਿਸਤਾਨੀ ਅਖਬਾਰ ਡਾਨ ਦੀ ਰਿਪੋਰਟ ਮੁਤਾਬਕ ਸਹਾਇਕ ਕਮਿਸ਼ਨਰ ਨਜੀਬ ਕਾਕਰ ਨੇ ਦੱਸਿਆ ਕਿ ਹਥਿਆਰਬੰਦ ਵਿਅਕਤੀਆਂ ਨੇ ਮੁਸਾਖੇਲ ਵਿਖੇ ਹਾਈਵੇਅ ਨੂੰ ਬੰਦ ਕਰ ਦਿੱਤਾ ਅਤੇ ਯਾਤਰੀਆਂ ਨੂੰ ਹੇਠਾਂ ਉਤਾਰ ਦਿੱਤਾ। ਉਨ੍ਹਾਂ ਨੇ 10 ਗੱਡੀਆਂ ਨੂੰ ਵੀ ਅੱਗ ਲਗਾ ਦਿੱਤੀ।
ਇਸ ਘਟਨਾ ਤੋਂ ਬਾਅਦ ਬਲੋਚਿਸਤਾਨ ਦੇ ਮੁੱਖ ਮੰਤਰੀ ਸਰਫਰਾਜ਼ ਬੁਗਤੀ ਨੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਇਸ ਅੱਤਵਾਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ। ਬਿਆਨ ਮੁਤਾਬਕ ਉਨ੍ਹਾਂ ਨੇ ਅੱਤਵਾਦੀਆਂ ਦੀ ਕਾਇਰਤਾ ਭਰੀ ਕਾਰਵਾਈ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਅਤੇ ਉਨ੍ਹਾਂ ਦੇ ਮਦਦਗਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਬਲੋਚਿਸਤਾਨ ਦੀ ਸਰਕਾਰ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਦੇਵੇਗੀ।