Sikh Jatha Looted in Pakistan: ਪਾਕਿਸਤਾਨ ਪੁਲਿਸ ਨੇ ਪੁਲਿਸ ਦੇ ਭੇਸ ਵਿੱਚ ਲਾਹੌਰ ਦੇ ਬਾਜ਼ਾਰ ’ਚ ਸਿੱਖ ਯਾਤਰੀਆਂ ਨੂੰ ਲੁੱਟਣ ਵਾਲੇ ਲੁਟੇਰਿਆਂ ਦੇ ਸਰਗਨਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਲੁਟੇਰੇ ਭਾਰਤੀ ਸਿੱਖ ਪਰਿਵਾਰ ਤੋਂ 250,000 ਭਾਰਤੀ ਰੁਪਏ, 150,000 ਪਾਕਿਸਤਾਨੀ ਰੁਪਏ ਤੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ ਸਨ।
ਕੰਵਲ ਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਭਾਰਤ ਤੋਂ ਇੱਥੇ ਪੁੱਜੇ ਸਨ। ਇਹ ਸਿੱਖ ਪਰਿਵਾਰ 29 ਨਵੰਬਰ ਨੂੰ ਲਾਹੌਰ ਦੇ ਗੁਲਬਰਗ ਇਲਾਕੇ ਦੀ ਲਿਬਰਟੀ ਮਾਰਕੀਟ ਵਿੱਚ ਖਰੀਦਦਾਰੀ ਕਰਨ ਗਿਆ ਸੀ, ਜਦੋਂ ਸੁਰੱਖਿਆ ਕਲੀਅਰੈਂਸ ਦੇ ਨਾਂ ‘ਤੇ ਪੁਲੀਸ ਦੇ ਭੇਸ ਵਿੱਚ ਆਏ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਗਹਿਣਿਆਂ ਤੋਂ ਇਲਾਵਾ 250,000 ਭਾਰਤੀ ਰੁਪਏ ਅਤੇ 150,000 ਪਾਕਿਸਤਾਨੀ ਕਰੰਸੀ ਲੁੱਟ ਲਈ।
ਗੈਂਗ ਦਾ ਮੋਢੀ ਗ੍ਰਿਫ਼ਤਾਰ, ਬਾਕੀਆ ਲਈ ਛਾਪੇਮਾਰੀ
ਪੁਲਿਸ ਨੇ ਅੱਜ ਦਾਅਵਾ ਕੀਤਾ ਕਿ ਗਰੋਹ ਦੇ ਸਰਗਨਾ ਅਹਿਮਦ ਰਜ਼ਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਡਾਅਨ ਅਖਬਾਰ ਦੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਹੋਰ ਮੈਂਬਰਾਂ ਦੀ ਗ੍ਰਿਫਤਾਰੀ ਲਈ ਵੀ ਛਾਪੇ ਜਾਰੀ ਹਨ।ਪੰਜਾਬ ਦੇ ਨਿਗਰਾਨ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਲਾਹੌਰ ਪੁਲਿਸ ਮੁਖੀ ਤੋਂ ਰਿਪੋਰਟ ਮੰਗੀ ਹੈ।
ਸ਼੍ਰੋਮਣੀ ਕਮੇਟੀ ਨੇ ਸਖ਼ਤ ਕਾਰਵਾਈ ਦੀ ਕੀਤੀ ਸੀ ਮੰਗ
ਪੰਜਾਬ ਦੇ ਸਿੱਖ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਗਏ ਸਨ। ਇਸ ਦੌਰਾਨ ਜੱਥੇ ਦੇ ਮੈਂਬਰਾਂ ਨਾਲ ਲਾਹੌਰ ਵਿੱਚ ਲੁੱਟ-ਖੋਹ ਕੀਤੀ ਗਈ। ਪੁਲਿਸ ਦੀ ਵਰਦੀ ਵਿੱਚ ਆਏ ਲੁਟੇਰਿਆਂ ਨੇ ਉਨ੍ਹਾਂ ਨੂੰ ਲੁੱਟ ਲਿਆ। ਇਸ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵਿਰੋਧ ਕੀਤਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੂੰ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਮਲੇ ਸਬੰਧੀ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ ਹੈ