ਸੰਗਰੂਰ: ਸੰਗਰੂਰ ਜ਼ਿਲ੍ਹੇ ਦੇ ਪਿੰਡ ਬਿੱਬਡੀ 'ਚ ਇੱਕ 22 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ। ਨੌਜਵਾਨ ਗੁਰਬਾਜ਼ ਸਿੰਘ ਰਾਤ ਕਰੀਬ 8 ਵਜੇ ਖਾਣਾ ਖਾ ਕੇ ਸੈਰ ਕਰਨ ਨਿਕਲਿਆ ਸੀ। ਉਹ ਆਪਣੇ ਫੋਨ 'ਤੇ ਗੱਲ ਕਰ ਰਿਹਾ ਸੀ ਕਿ ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਆਏ ਤੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।
ਇਸ ਤੋਂ ਬਾਅਦ ਉਹ ਜ਼ਮੀਨ 'ਤੇ ਡਿੱਗਿਆ ਤੇ ਇਹ ਇਸ ਦੀ ਮੌਤ ਹੋ ਗਈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਗੁਰਬਾਜ ਸਿੰਘ ਆਪਣੇ ਪਿਤਾ ਨਾਲ ਮਜ਼ਦੂਰੀ ਕਰਦਾ ਸੀ ਤੇ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਗਿਆ ਸੀ। ਇਸ ਦੌਰਾਨ ਉਸ 'ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇੱਕ ਵਾਰ ਹਮਲਾ ਕਰਨ ਤੋਂ ਬਾਅਦ ਉਹ ਫਿਰ ਵਾਪਸ ਆਏ ਤੇ ਉਸ ਤੋਂ ਬਾਅਦ ਉਸ ਦੇ ਸਰੀਰ ‘ਤੇ ਕਈ ਵਾਰ ਹਮਲਾ ਕੀਤਾ।
ਇਸ ਤੋਂ ਬਾਅਦ ਇੱਕ ਕਾਰ ਵੀ ਉੱਥੇ ਆਈ। ਕਾਰ ਕੁਝ ਦੇਰ ਲਈ ਉੱਥੇ ਰੁਕੀ ਤੇ ਫਿਰ ਉੱਥੋਂ ਚਲੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ 'ਚ ਅਜੇ ਤੱਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਭਵਾਨੀਗੜ੍ਹ ਦੇ ਡੀਐਸਪੀ ਸੁਖਰਾਜ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।